ਬੇਅਦਬੀ ਕਾਂਡ: ਮਨਤਾਰ ਬਰਾੜ ਦੀ ਪੁੱਛ ਪੜਤਾਲ ਤੋਂ ਸੁਖਬੀਰ ਨੂੰ ਘਬਰਾਹਟ

ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਾਪਰੀਆਂ ਬੇਅਦਬੀ ਅਤੇ ਪੁਲੀਸ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਪੰਜਾਬ ਪੁਲੀਸ ਦੇ ਅਧਿਕਾਰੀਆਂ ’ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਕੀਤੀ ਜਾ ਰਹੀ ਤਫ਼ਤੀਸ਼ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਆਫ਼ਤ ਜਾਪਣ ਲੱਗੀ ਹੈ। ਅਕਾਲੀ ਦਲ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਦੀ ਲੰਘੀ ਦੇ ਰਾਤ ਤੱਕ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਨੇ ਸਿਟ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਰਾਹੀਂ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂਚ ਨਿਰਪੱਖ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਹੈ। ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਸਿਟ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ ਵੱਲੋਂ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੂੰ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਪੁਲੀਸ ਅਧਿਕਾਰੀਆਂ ਦੇ ਵਤੀਰੇ ਦੀ ਨਿਖੇਧੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਟ ਵੱਲੋਂ ਕੀਤੀ ਜਾ ਰਹੀ ਕਾਰਵਾਈ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਉਸ ਸਮੇਂ ਮਨਤਾਰ ਬਰਾੜ ਸਿਰਫ ਇੱਕ ਵਿਧਾਇਕ ਸੀ। ਬਾਦਲ ਨੇ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾਵਾਂ ਵਿਚ ਅਕਾਲੀ ਆਗੂਆਂ ਨੂੰ ਫਸਾਉਣ ਦੀ ਕਾਂਗਰਸ ਦੀ ਖੇਡ ਸ਼ੁਰੂ ਤੋਂ ਹੀ ਸਪੱਸ਼ਟ ਸੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸੱਚਾਈ ਨੂੰ ਬਾਹਰ ਲਿਆਉਣ ਲਈ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਸਮੇਤ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ’ਤੇ ਅਧਾਰਿਤ ਜਾਂਚ ਕਮਿਸ਼ਨ ਨੂੰ ਇਸ ਲਈ ਸਹਿਯੋਗ ਨਹੀਂ ਸੀ ਦਿੱਤਾ, ਕਿਉਂਕਿ ਇਸ ਕਮਿਸ਼ਨ ਨੂੰ ਬਣਾਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਇਸ ਦੀ ਜਾਂਚ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਜਿਸ ਤਰੀਕੇ ਨਾਲ ਸਿੱਟ ਵੱਲੋਂ ਮਨਤਾਰ ਸਿੰਘ ਬਰਾੜ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੁਲੀਸ ਅਧਿਕਾਰੀਆਂ ’ਤੇ ਅਧਾਰਿਤ ਸਿੱਟ ਵੀ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਕਾਂਗਰਸੀ ਕਮਿਸ਼ਨ ਦੇ ਨਕਸ਼ੇ-ਕਦਮਾਂ ਉੱਤੇ ਚੱਲ ਰਹੀ ਹੈ। ਰਣਜੀਤ ਸਿੰਘ ਕਾਂਗਰਸੀ ਕਮਿਸ਼ਨ ਵਾਂਗ ਹੀ ਸਿਟ ਵੀ ਬਦਲੇਖੋਰੀ ਦੀ ਸਿਆਸਤ ਕਰਨ ਵਾਸਤੇ ਕਾਂਗਰਸ ਪਾਰਟੀ ਦਾ ਔਜ਼ਾਰ ਬਣ ਚੁੱਕਿਆ ਹੈ।

Previous article‘No change in Article 370 and 35A following cabinet decisions on J&K’
Next articleਆਮਰਪਾਲੀ ਗਰੁੱਪ ਦੇ ਸੀਐਮਡੀ ਅਤੇ ਦੋ ਡਾਇਰੈਕਟਰਾਂ ਦੀ ਗ੍ਰਿਫ਼ਤਾਰੀ ਦੇ ਨਿਰਦੇਸ਼