ਬੇਅਦਬੀ ਦੇ ਮੁੱਦੇ ’ਤੇ ਵਿਰੋਧੀ ਖੇਡ ਰਹੇ ਨੇ ਗੰਦੀ ਸਿਆਸਤ: ਸੁਖਬੀਰ

ਫਰੀਦਕੋਟ ਲੋਕ ਸਭਾ ਹਲਕੇ ਦੇ ਉਮੀਦਵਾਰ ਗੁਲਜਾਰ ਸਿੰਘ ਰਾਣੀਕੇ ਦੇ ਹੱਕ ’ਚ ਰਾਮਪੁਰਾ ਫੂਲ ’ਚ ਰੱਖੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਣੇ ਬਾਕੀ ਵਿਰੋਧੀ ਧਿਰਾਂ ਅਕਾਲੀ ਦਲ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਲਾ ਕੇ ਗੰਦੀ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਸ ਨੇ ਬੇਅਦਬੀ ਵਰਗੀ ਘਿਣਾਉਣੀ ਹਰਕਤ ਕੀਤੀ ਹੈ ਉਸ ਦਾ ਕੱਖ ਨਾ ਰਹੇ। ਦੇਸ਼ ਦੀ ਜਨਤਾ ਜਾਣਦੀ ਹੈ ਕਿ ਸਿੱਖਾਂ ਦਾ ਕਤਲੇਆਮ ਤੇ ਸਿੱਖਾਂ ਦਾ ਘਾਣ ਕਰਨ ਵਾਲੀ ਕਾਂਗਰਸ ਪਾਰਟੀ ਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਉਣ ਦੀ ਦੋਸ਼ੀ ਰਹੀ ਪਾਰਟੀ ਨੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਅਕਸ ਨੂੰ ਢਾਹ ਲਾਉਣ ਲਈ ਬੇਅਦਬੀ ਦੀ ਕਰਤੂਤ ਨੂੰ ਅੰਜਾਮ ਦਿੱਤਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਹੈ। ਅਕਾਲੀ ਵਰਕਰਾਂ ’ਤੇ ਝੂਠੇ ਪਰਚੇ ਦਰਜ ਕਰਵਾ ਕੇ ਕਾਂਗਰਸ ਨੇ ਸੂਬੇ ਵਿੱਚ ਡਰ ਵਾਲਾ ਮਾਹੌਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕ ਸਭਾ ਚੋਣਾਂ ’ਚ ਐਨਡੀਏ ਦੀ ਹੂੰਝਾਂ ਫੇਰੂ ਜਿੱਤ ਹੋਵੇਗੀ ਤੇ ਪੰਜਾਬ ਦੀਆਂ ਸਾਰੀਆਂ ਸੀਟਾਂ ਅਕਾਲੀ-ਭਾਜਪਾ ਗੱਠਜੋੜ ਦੀ ਝੋਲੀ ਪੈਣਗੀਆਂ। ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਦੀ ਜਿੱਤ ਯਕੀਨੀ ਹੈ ਤੇ ਲੋਕ ਕੈਪਟਨ ਦੀ ਝੂਠੀ ਰਾਜਨੀਤੀ ਤੋਂ ਅੱਕੇ ਪਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਾਂਗਰਸੀ ਲੀਡਰਾਂ ਦੀ ਸ਼ਹਿ ’ਤੇ ਵਿਕ ਰਿਹਾ ਹੈ। ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਾਣੀਕੇ ਨੇ ਕਿਹਾ ਕਿ ਜੋ ਸਹੂਲਤਾਂ ਅਕਾਲੀ ਭਾਜਪਾ ਦੀ ਸਰਕਾਰ ਸਮੇਂ ਲੋਕਾਂ ਨੂੰ ਮਿਲਦੀਆਂ ਸਨ ਉਹ ਦੇਸ਼ ਦੇ ਕਿਸੇ ਵੀ ਸੂਬੇ ’ਚ ਨਹੀਂ ਮਿਲਦੀਆਂ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਤੇਜ਼ ਪਾਲ ਸਿੰਘ ਢਿੱਲੋ ,ਜੱਥੇਦਾਰ ਸਤਿਨਾਮ ਸਿੰਘ ਭਾਈਰੂਪਾ, ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ, ਜੱਥੇਦਾਰ ਭਰਪੂਰ ਸਿੰਘ ਢਿੱਲੋਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ, ਸ਼ਹਿਰੀ ਪ੍ਰਧਾਨ ਸੱਤਪਾਲ ਗਰਗ, ਸਿਮਰਨਜੀਤ ਕੋਰ ਵਾਲੀਆ ਨਰੇਸ਼ ਕੁਮਾਰ ਸੀ.ਏ., ਸੁਰਿੰਦਰ ਜੌੜਾ ਅਤੇ ਹੈਪੀ ਬਾਂਸਲ ਹਾਜ਼ਰ ਸਨ।

Previous articleਦੀਆ ਮਿਰਜ਼ਾ ਸੰਯੁਕਤ ਰਾਸ਼ਟਰ ਦੀ ਪ੍ਰਤੀਨਿਧ ਨਿਯੁਕਤ
Next articleਮੋਦੀ ਨੂੰ ਪੰਜਾਬ ਦੇ ਲੋਕਾਂ ਕੋਲੋਂ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ: ਅਮਰਿੰਦਰ