ਬੇਰੁਜ਼ਗਾਰ ਅਧਿਆਪਕਾਂ ਤੇ ਗੈਰ ਮਨੁੱਖੀ ਤਸ਼ਦੱਦ ਤੇ ਮਨੁੱਖੀ ਅਧਿਕਾਰ ਕਮਿਸ਼ਨ ਦੇਵੇ ਦਖ਼ਲ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੀ ਰਹਾਇਸ਼ ਮੋਤੀ ਮਹਿਲ ਦੇ ਸਾਹਮਣੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇ ਤਸ਼ੱਦਦ ਅਤੇ ਕਥਿਤ ਲਾਠੀਚਾਰਜ ਦੀ ਚੁਫੇਰਿਓਂ ਕਰੜੇ ਸ਼ਬਦਾਂ ਚ ਨਿੰਦਾ ਕੀਤੀ ਜਾ ਰਹੀ ਹੈ।

ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਸੱਜਣ ਸਿੰਘ ਚੀਮਾ ਤੇ ਆਮ ਆਦਮੀ ਪਾਰਟੀ ਦੇ ਮੋਹਰੀ ਕਤਾਰ ਦੇ ਆਗੂ ਐਡਵੋਕੇਟ ਸਤਨਾਮ ਸਿੰਘ ਮੋਮੀ ਆਦਿ ਨੇ ਮੋਤੀ ਮਹਿਲ ਦੇ ਨਜ਼ਦੀਕ ਵਾਈ ਪੀ ਐਸ ਚੌਕ ਵਿਖੇ ਬੇਰੁਜ਼ਗਾਰ ਅਧਿਆਪਕਾਂ ਤੇ ਕੀਤੇ ਗਏ ਕਥਿਤ ਦੁਰਵਿਹਾਰ ਨੂੰ ਮੰਦਭਾਗਾ ਕਰਾਰ ਦਿੱਤਾ । ਆਗੂਆਂ ਨੇ ਕਿਹਾ ਕਿ ਇਸ ਤੋਂ ਹੋਰ ਵੀ ਗੰਭੀਰ ਅਤੇ ਨਿੰਦਣਯੋਗ ਗੱਲ ਇਹ ਹੈ ਕਿ ਘਰ ਘਰ ਨੌਕਰੀ ਦੇਣ ਦਾ ਵਾਅਦਾ ਦੇਣ ਵਾਲੀ ਕੈਪਟਨ ਦੀ ਸਰਕਾਰ ਨੌਕਰੀ ਦੀ ਮੰਗ ਕਰਨ ਮੌਕੇ ਤੇ ਪੁੱਜੀਆਂ ਹੋਈਆਂ ਸਾਰੀਆਂ ਪੰਜਾਬ ਦੀਆਂ ਬੇਰੁਜ਼ਗਾਰ ਧੀਆਂ ਨਾਲ ਵੀ ਖਿੱਚ ਧੂਹ ਕੀਤੀ ਗਈ।

ਉਕਤ ਆਗੂਆਂ ਨੇ ਕਿਹਾ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਸੀ ਤਾਂ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘਰ ਘਰ ਨੌਕਰੀ ਦੇਣ ਦੇ ਵਾਅਦੇ ਦਾ ਯਾਦ ਕਰਵਾ ਸਕਣ। ਉੱਧਰ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਉਹ ਸਰਕਾਰ ਤੋਂ ਰੁਜ਼ਗਾਰ ਦੀ ਮੰਗ ਕਰਦੇ ਆ ਰਹੇ ਹਨ। ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਬਿਲਕੁਲ ਅਣਗੌਲਿਆਂ ਕੀਤਾ ਜਾ ਰਿਹਾ ਹੈ ।

ਇਸ ਵਜ੍ਹਾ ਨਾਲ ਪੜ੍ਹਿਆ ਲਿਖਿਆ ਨੌਜਵਾਨ ਵਰਗ ਵੱਲੋਂ ਰੋਸ ਪ੍ਰਦਰਸ਼ਨ ਕਰਨਾ ਮਜਬੂਰੀ ਬਣਿਆ ਹੈ। ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਵਾਸਤੇ ਸੰਵਿਧਾਨਕ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਗੈਰ ਮਨੁੱਖੀ ਤਰੀਕੇ ਨਾਲ ਵਿਵਹਾਰ ਕਰਨਾ ਕਿੱਥੋਂ ਤੱਕ ਜਾਇਜ਼ ਹੈ। ਇਸ ਸਬੰਧੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਦਖ਼ਲ ਦੇਣ ਦੀ ਲੋੜ ਹੈ।

Previous articleਵਿਧਾਇਕ ਚੀਮਾ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
Next articleਵਿਧਾਇਕ ਚੀਮਾ ਨੇ ਕੀਤੀ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ