ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮਾਝੇ ਦੇ ਦੋ ਟਕਸਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਦੋਵੇਂ ਸਾਬਕਾ ਮੰਤਰੀਆਂ ਦੇ ਪੁੱਤਰਾਂ ਰਵਿੰਦਰਪਾਲ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਨੂੰ ਵੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਹਫ਼ਤੇ ਪਾਰਟੀ ਲੀਡਰਸ਼ਿਪ ਖਿਲਾਫ਼ ਬਗ਼ਾਵਤ ਦਾ ਬਿਗਲ ਵਜਾਉਣ ਵਾਲੇ ਟਕਸਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਸੀ। ਕੋਰ ਕਮੇਟੀ ਦੇ ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜਿਥੇ ਮਾਝੇ ਵਿਚ ਵੱਡੀ ਢਾਹ ਲੱਗਣ ਦੇ ਆਸਾਰ ਹਨ, ਉਥੇ ਇਨ੍ਹਾਂ ਆਗੂਆਂ ਕੋਲ ਹੁਣ ਨਵੀਂ ਪਾਰਟੀ ਬਣਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਹਿ ਗਿਆ। ਕੋਰ ਕਮੇਟੀ ਦੇ ਅੱਜ ਦੇ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੰਜਾਬ ਅਤੇ ਖਾਸ ਕਰ ਕੇ ਮਾਝੇ ਵਿਚ ਜ਼ੋਰਦਾਰ ਖਿੱਚੋਤਾਣ ਸ਼ੁਰੂ ਹੋ ਗਈ ਹੈ। ਦੂਜੇ ਪਾਸੇ, ਅਕਾਲੀ ਦਲ ਵਿੱਚੋਂ ਕੱਢੇ ਗਏ ਆਗੂ ਚੁੱਪ ਕਰ ਕੇ ਨਹੀਂ ਬੈਠਣਗੇ ਤੇ ਉਹ ਵੀ ਅਗਲੇ ਦਿਨਾਂ ਵਿਚ ਅਕਾਲੀ ਦਲ ਦੀ ਸਿਖਰਲੀ ਲੀਡਰਸ਼ਿਪ ਖਿਲਾਫ਼ ਜੰਗ ਵਿੱਢ ਦੇਣਗੇ। ਇਸ ਲਈ ਮਾਝੇ ਵਿਚ ਅਕਾਲੀ ਦਲ ਦੇ ਬਾਗ਼ੀ ਅਤੇ ਦੂਜੇ ਆਗੂਆਂ ਵਿਚਾਲੇ ਤਿੱਖੀ ਲੜਾਈ ਸ਼ੁਰੂ ਹੋ ਜਾਵੇਗੀ ਤੇ ਇਸ ਲੜਾਈ ਦਾ ਆਗਾਜ਼ ਉਸ ਦਿਨ ਸ਼ੁਰੂ ਹੋ ਗਿਆ ਸੀ ਜਦੋਂ ਇਨ੍ਹਾਂ ਆਗੂਆਂ ਨੇ ਅਕਾਲੀ ਦਲ ਦੇ ਅਹੁਦਿਆ ਤੋਂ ਅਸਤੀਫੇ ਦਿੱਤੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਚਰਨ ਬੈਂਸ ਨੇ ਦੋਵਾਂ ਸੀਨੀਅਰ ਆਗੂਆਂ ਅਤੇ ਉਨ੍ਹਾਂ ਦੇ ਪੁੱਤਰਾਂ ਨੂੰ ਛੇ-ਛੇ ਸਾਲਾਂ ਲਈ ਕੱਢਣ ਦੇ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਨੇ ਇਹ ਫ਼ੈਸਲਾ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਕੇ ‘ਭਰੇ ਮਨ’ ਨਾਲ ਲਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦੋਵਾਂ ਆਗੂਆਂ ਨੂੰ ਬਹੁਤ ਸਤਿਕਾਰ ਦਿੰਦੇ ਰਹੇ ਹਨ ਤੇ ਦੋਵਾਂ ਆਗੂਆਂ ਨੇ ਇਨ੍ਹਾਂ ਵਲੋਂ ਕੀਤੇ ਨਿਜੀ ਹਮਲਿਆਂ ਪ੍ਰਤੀ ਵੀ ਨਿਮਰਤਾ ਦਿਖਾਈ ਹੈ ਤੇ ਬ੍ਰਹਮਪੁਰਾ ਨੂੰ ਵਿਸ਼ੇਸ਼ ਤੌਰ ’ਤੇ ਤਰਜੀਹ ਦਿੱਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਦੋਵਾਂ ਆਗੂਆਂ ਦੇ ਕਹਿਣ ’ਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਟਿਕਟਾਂ ਦੇ ਕੇ ਨਿਵਾਜਿਆ ਹੈ ਤੇ ਹੋਰ ਵਿਅਕਤੀਆਂ ਨੂੰ ਲਾਇਆ ਹੈ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦਾ ਕਹਿਣਾ ਹੈ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਕਰ ਕੇ ਹੀ ਫੈਸਲਾ ਲਿਆ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਦੋਵੇਂ ਬਾਦਲ ਵਿਸ਼ੇਸ਼ ਜਾਂਚ ਕਮੇਟੀ ਸਾਹਮਣੇ ਪੇਸ਼ ਹੋਣਗੇ। ਇਹ ਫੈਸਲਾ ਅੱਜ ਹੋਈ ਪਾਰਟੀ ਦੀ ਕੋਰ ਕਮੇਟੀ ਵਿੱਚ ਲਿਆ ਗਿਆ।