ਚੰਡੀਗੜ੍ਹ (ਸਮਾਜ ਵੀਕਲੀ) : ਸੂਬੇ ਵਿੱਚ ਭਾਜਪਾ-ਜੇਜੇਪੀ ਆਗੂਆਂ ਦੇ ਹੋ ਰਹੇ ਸਮਾਜਿਕ ਬਾਈਕਾਟ ਸਬੰਧੀ ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੇਸ਼ ਕੀਤਾ ਨਿੰਦਾ ਮਤਾ ਹਰਿਆਣਾ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ ਜਦਕਿ ਕਾਂਗਰਸ ਨੇ ਮਤੇ ਦੇ ਵਿਰੋਧ ’ਚ ਸਦਨ ’ਚੋਂ ਵਾਕਆਊਟ ਕਰ ਦਿੱਤਾ। ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਮੁੱਖ ਮੰਤਰੀ ਦਾ ਨਿੰਦਾ ਮਤਾ ਪੜ੍ਹਦੇ ਹੋਏ ਕਿਹਾ ਕਿ ਜੇਕਰ ਸੂਬੇ ਵਿੱਚ ਕੋਈ ਕਿਸੇ ਵੀ ਰਾਜਨੀਤਕ ਪਾਰਟੀ ਦੇ ਵਿਧਾਇਕ ਦਾ ਸਮਾਜਿਕ ਬਾਈਕਾਟ ਕਰਨ ਦੀ ਗੱਲ ਆਖੇਗਾ ਤਾਂ ਉਸ ਦੀ ਨਿੰਦਾ ਕੀਤੀ ਜਾਵੇਗੀ।
ਇਸ ’ਤੇ ਸਦਨ ਵਿੱਚ ਗੱਠਜੋੜ ਸਰਕਾਰ ਅਤੇ ਵਿਰੋਧੀ ਧਿਰ ਦੇ ਆਗੂਆਂ ਵਿਚਾਲੇ ਵੱਡਾ ਹੰਗਾਮਾ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਤਾ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਲਿਆਂਦਾ ਗਿਆ ਹੈ। ਇਸ ’ਤੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਕਾਂਗਰਸ ਨੇ ਨਿੰਦਾ ਮਤੇ ਦਾ ਵਿਰੋਧ ਕਰਦਿਆਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ ਜਿਸ ਮਗਰੋਂ ਗੱਠਜੋੜ ਸਰਕਾਰ ਦੇ ਵਿਧਾਇਕਾਂ ਦੀ ਗਿਣਤੀ ਵੱਧ ਹੋਣ ਕਰਕੇ ਮਤਾ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ।
ਇਸ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ 10 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਉ ਕਰਕੇ ਕਥਿਤ ਤੌਰ ’ਤੇ ਹਮਲਾ ਕੀਤੇ ਜਾਣ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਬਾਰੇ ਹਰਿਆਣਾ ਦੇ ਡੀਜੀਪੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉੱਧਰ ਥਾਣਾ ਸੈਕਟਰ-3 ਦੀ ਪੁਲੀਸ ਨੂੰ ਵੀ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਕਿਸਾਨ ਯੂਨੀਅਨਾਂ ਵੱਲੋਂ ਭਾਜਪਾ ਤੇ ਜੇਜੇਪੀ ਦੇ ਸਮਾਜਿਕ ਬਾਈਕਾਟ ਦੇ ਸੱਦੇ ਮਗਰੋਂ ਸੂਬੇ ’ਚ ਇਨ੍ਹਾਂ ਪਾਰਟੀਆਂ ਦੇ ਆਗੂਆਂ ਦੇ ਕਈ ਸਮਾਗਮ ਰੱਦ ਹੋ ਚੁੱਕੇ ਹਨ।
ਇਸੇ ਤਰ੍ਹਾਂ ਅੱਜ ਪ੍ਰਸ਼ਨ ਕਾਲ ਦੌਰਾਨ ਕਾਂਗਰਸ ਨੇ ਗੱਠਜੋੜ ਸਰਕਾਰ ਨੂੰ ਸਿਹਤ ਅਤੇ ਸਿੱਖਿਆ ਦੇ ਮੁੱਦੇ ’ਤੇ ਘੇਰਿਆ। ਵਿਧਾਇਕ ਬਿਸ਼ੰਬਰ ਸਿੰਘ, ਜਗਬੀਰ ਸਿੰਘ ਮਲਿਕ, ਸੁਭਾਸ਼ ਗੰਗੋਲੀ ਨੇ ਸੂਬੇ ਵਿੱਚ ਡਾਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਅਤੇ ਮੈਡੀਕਲ ਕਾਲਜਾਂ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਕੀਤੀ। ਵਿਧਾਇਕ ਸੋਮਵੀਰ ਸਾਂਗਵਾਨ, ਸੁਭਾਸ਼ ਸੁਧਾ, ਲਛਮਣ ਸਿੰਘ ਯਾਦਵ, ਧਰਮ ਸਿੰਘ ਛੋਕਰ, ਸੂਬੇ ਵਿੱਚ ਲੜਕੀਆਂ ਨੂੰ ਪੜ੍ਹਾਈ ਦੌਰਾਨ ਪੇਸ਼ ਆ ਰਹੀਆਂ ਮੁਸ਼ਕਲਾਂ ਦੂਰ ਕਰਨ ਲਈ ਹੋਰ ਕਾਲਜ ਬਣਾਉਣ ਜਾਂ ਪਹਿਲਾਂ ਬਣੇ ਕਾਲਜਾਂ ਨੂੰ ਅਪਡੇਟ ਕਰਨ ਦੀ ਮੰਗ ਕੀਤੀ।