ਹੁਸ਼ਿਆਰਪੁਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਆਜ਼ਾਦੀ ਤੇ ਨਿਰਮਾਣ ਲਈ ਅਨੇਕਾਂ ਬਲੀਦਾਨ ਦਿੱਤੇ ਪਰ ਮੌਜੂਦਾ ਕੇਂਦਰ ਦੀ ਭਾਜਪਾ ਸਰਕਾਰ ਮੁਲਕ ਨੂੰ ਖੇਰੂੰ-ਖੇਰੂੰ ਕਰਨ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਵਰਗੇ ਮੁੱਦੇ ਚੁੱਕ ਕੇ ਸਰਕਾਰ ਜਨਤਾ ਦਾ ਧਿਆਨ ਅਸਲੀ ਮੁੱਦਿਆਂ ਤੋਂ ਹਟਾਉਣਾ ਚਾਹੁੰਦੀ ਹੈ। ਕਾਂਗਰਸ ਦੇ 135ਵੇਂ ਸਥਾਪਨਾ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਆਏ ਸ੍ਰੀ ਜਾਖੜ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ’ਤੇ ਹਮਲਾ ਕਰਨ ਵਾਲਿਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਅਤੇ ਦੇਸ਼ ਭਗਤਾਂ ਨੇ ਆਪਣੇ ਖ਼ੂਨ ਨਾਲ ਦੇਸ਼ ਦੀ ਵਿਰਾਸਤ ਲਿਖੀ ਜਦੋਂਕਿ ਭਾਜਪਾ ਨੇ ਆਜ਼ਾਦੀ ਲਈ ਡੱਕਾ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਜਿਵੇਂ ਕਿਸੇ ਵੇਲੇ ਈਸਟ ਇੰਡੀਆ ਕੰਪਨੀ ਨੇ ਦੇਸ਼ ਨੂੰ ਲੁੱਟਿਆ ਸੀ, ਅੱਜ ਭਾਜਪਾ ਵੀ ਲੁੱਟ ਰਹੀ ਹੈ। ਉਨ੍ਹਾਂ ਆਖਿਆ ਕਿ ਉਹ ਕੇਂਦਰ ਸਰਕਾਰ ਦੀਆਂ ਸੰਵਿਧਾਨ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸ਼ੁਰੂ ਹੋਏ ਜਨ ਸੰਘਰਸ਼ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਅਤੇ ਕੌਮੀ ਨਾਗਰਿਕ ਰਜਿਸਟਰ ਖ਼ਿਲਾਫ਼ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਅਜਿਹੇ ਕਾਨੂੰਨ ਲਿਆਉਣ ਪਿੱਛੇ ਭਾਜਪਾ ਦੀ ਨੀਯਤ ਸਾਫ਼ ਨਹੀਂ ਅਤੇ ਪੂਰੇ ਦੇਸ਼ ਵਾਸੀਆਂ ਦਾ ਭਰੋਸਾ ਇਸ ਪਾਰਟੀ ਤੋਂ ਉੱਠ ਗਿਆ ਹੈ। ਜਾਖੜ ਨੇ ਕਿਹਾ ਕਿ ਭਾਜਪਾ ਦੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ, ਕੇਂਦਰ ਕੋਲ ਗਿਰਵੀ ਰੱਖ ਦਿੱਤਾ ਸੀ, ਅਕਾਲੀ ਲੀਡਰਸ਼ਿਪ ਨੇ ਇੱਕ ਮੰਤਰੀ ਦੇ ਅਹੁਦੇ ਖ਼ਾਤਰ ਭਾਜਪਾ ਅੱਗੇ ਗੋਡੇ ਟੇਕ ਰੱਖੇ ਹਨ ਤੇ ਪੰਜਾਬ ਲਈ ਕਦੀ ਹਾਅ ਦਾ ਨਾਅਰਾ ਨਹੀਂ ਮਾਰਿਆ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਹੁਣ ਖ਼ਤਰਾ ਪੈਦਾ ਹੋ ਗਿਆ ਹੈ। ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਵਿੱਚ ਕੋਈ ਗੁੱਟਬੰਦੀ ਨਹੀਂ ਅਤੇ ਨਾ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਨੂੰ ਕੋਈ ਖ਼ਤਰਾ ਹੈ।