ਮਹਾਰਾਸ਼ਟਰ ਦੀ ਸਿਆਸੀ ਬਿਸਾਤ
ਰਾਜਪਾਲ ਨੇ ਸ਼ਿਵ ਸੈਨਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ
ਭਾਜਪਾ ਵੱਲੋਂ ਮਹਾਰਾਸ਼ਟਰ ’ਚ ਸਰਕਾਰ ਬਣਾਉਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਐਤਵਾਰ ਨੂੰ ਦੂਜੀ ਸੱਭ ਤੋਂ ਵੱਡੀ ਪਾਰਟੀ ਸ਼ਿਵ ਸੈਨਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਹੈ। ਰਾਜ ਭਵਨ ਦੇ ਅਧਿਕਾਰੀ ਨੇ ਕਿਹਾ,‘‘ਸ਼ਿਵ ਸੈਨਾ ਨੂੰ ਸੋਮਵਾਰ ਸ਼ਾਮ ਸਾਢੇ ਸੱਤ ਵਜੇ ਤੱਕ ਆਪਣੇ ਸਟੈਂਡ ਬਾਰੇ ਰਾਜਪਾਲ ਨੂੰ ਜਾਣਕਾਰੀ ਦੇਣੀ ਪਵੇਗੀ।’’ ਊਧਵ ਠਾਕਰੇ ਦੀ ਅਗਵਾਈ ਹੇਠਲੀ ਪਾਰਟੀ ਸ਼ਿਵ ਸੈਨਾ ਵੱਲੋਂ ਐੱਨਸੀਪੀ ਅਤੇ ਕਾਂਗਰਸ ਨਾਲ ਮਿਲ ਕੇ ਸੂਬੇ ’ਚ ਨਵੀਂ ਸਰਕਾਰ ਬਣਾਏ ਜਾਣ ਲਈ ਸਰਗਰਮੀਆਂ ਵੱਧ ਗਈਆਂ ਹਨ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਆਪਣੀ ਪਾਰਟੀ ਦਾ ਮੁੱਖ ਮੰਤਰੀ ਬਣਾ ਕੇ ਰਹਿਣਗੇ। ਉਨ੍ਹਾਂ ਸੰਕੇਤ ਦਿੱਤੇ ਕਿ ਉਹ ਵਿਰੋਧੀ ਧਿਰਾਂ ਦੀ ਹਮਾਇਤ ਨਾਲ ਸਰਕਾਰ ਬਣਾਉਣ ਦੇ ਯਤਨ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਵਾਲੀਆਂ ਪਾਰਟੀਆਂ ਸ਼ਿਵ ਸੈਨਾ ਅਤੇ ਭਾਜਪਾ ਵਿਚਕਾਰ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਪਿਛਲੇ 16 ਦਿਨਾਂ ਤੋਂ ਟਕਰਾਅ ਚੱਲ ਰਿਹਾ ਹੈ। ਸ਼ਿਵ ਸੈਨਾ (56) ਨੇ ਜੇਕਰ ਆਪਣੀ ਸਰਕਾਰ ਬਣਾਉਣੀ ਹੈ ਤਾਂ ਉਸ ਨੂੰ ਸ਼ਰਦ ਪਵਾਰ ਦੀ ਅਗਵਾਈ ਹੇਠਲੀ ਐੱਨਸੀਪੀ (54) ਅਤੇ ਕਾਂਗਰਸ (44) ਤੋਂ ਹਮਾਇਤ ਲੈਣੀ ਪਵੇਗੀ। ਮਹਾਰਾਸ਼ਟਰ ’ਚ ਸਰਕਾਰ ਬਣਾਉਣ ਲਈ 145 ਵਿਧਾਇਕਾਂ ਦੀ ਲੋੜ ਹੈ ਜਦਕਿ ਭਾਜਪਾ ਨੇ 105 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।
ਇਸ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿਵ ਸੈਨਾ ’ਤੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਾ ਕਰਨ ਦਾ ਫ਼ੈਸਲਾ ਲਿਆ ਹੈ। ਉਂਜ ਉਨ੍ਹਾਂ ਸ਼ਿਵ ਸੈਨਾ ਨੂੰ ਕਾਂਗਰਸ ਅਤੇ ਐੱਨਸੀਪੀ ਦੀ ਹਮਾਇਤ ਨਾਲ ਸਰਕਾਰ ਬਣਾਉਣ ਲਈ ‘ਸ਼ੁੱਭ ਇੱਛਾਵਾਂ’ ਦਿੱਤੀਆਂ। ਸਰਕਾਰ ਨਾ ਬਣਾਉਣ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਭਾਜਪਾ ਕੋਰ ਕਮੇਟੀ ਦੀਆਂ ਦੋ ਮੀਟਿੰਗਾਂ ਹੋਈਆਂ। ਉਧਰ ਊਧਵ ਠਾਕਰੇ ਨੇ ਮਲਾਡ ਹੋਟਲ ’ਚ ਆਪਣੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਸੀਨੀਅਰ ਕਾਂਗਰਸ ਆਗੂ ਅਸ਼ੋਕ ਚਵਾਨ ਨੇ ਸ਼ਿਵ ਸੈਨਾ ਨੂੰ ਹਮਾਇਤ ਦੇਣ ਦੇ ਸੰਕੇਤ ਦਿੰਦਿਆਂ ਕਿਹਾ ਕਿ ਪਾਰਟੀ ਮਹਾਰਾਸ਼ਟਰ ’ਚ ਰਾਸ਼ਟਰਪਤੀ ਰਾਜ ਨਹੀਂ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਮਹਾਰਾਸ਼ਟਰ ’ਚ ਸਥਿਰ ਸਰਕਾਰ ਦੇ ਪੱਖ ’ਚ ਹਨ। ਇਕ ਹੋਰ ਕਾਂਗਰਸ ਆਗੂ ਮਿਲਿੰਦ ਦਿਉੜਾ ਨੇ ਕਿਹਾ ਕਿ ਰਾਜਪਾਲ ਨੂੰ ਐੱਨਸੀਪੀ-ਕਾਂਗਰਸ ਗੱਠਜੋੜ ਨੂੰ ਸਰਕਾਰ ਬਣਾਉਣ ਦਾ ਸੱਦਾ ਦੇਣਾ ਚਾਹੀਦਾ ਹੈ ਜਿਸ ਦਾ ਇਕ ਹੋਰ ਆਗੂ ਸੰਜੈ ਨਿਰੂਪਮ ਨੇ ਵਿਰੋਧ ਕੀਤਾ ਹੈ।