ਭਾਜਪਾ ਦੇ ਪਤਨ ਦਾ ਕਾਰਨ ਬਣੇਗਾ ਕਿਸਾਨ ਅੰਦੋਲਨ: ਰਾਜੇਵਾਲ

ਚੰਡੀਗੜ੍ਹ ,ਸਮਾਜ ਵੀਕਲੀ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਪੰਜਾਬ ਤੋਂ ਉਠਿਆ ਕਿਸਾਨੀ ਅੰਦੋਲਨ ਪੂਰੇ ਦੇਸ਼ ’ਚ ਭਾਜਪਾ ਦੇ ਪਤਨ ਦਾ ਕਾਰਨ ਬਣੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰਾਜੇਵਾਲ ਨੇ ਕਿਹਾ ਕਿ ਭਾਜਪਾ ਅਤੇ ਹਾਕਮਾਂ ਦੀਆਂ ਹਮਾਇਤੀ ਧਿਰਾਂ ਨੂੰ ਨਿਰਾ ਵਹਿਮ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਵਿੱਢੀ ਹੋਈ ਲੜਾਈ ਢਿੱਲੀ ਪੈ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ’ਚ ਕਰੋਨਾ ਤੋਂ ਬਚਾਅ ਦੇ ਪੂਰੇ ਪ੍ਰਬੰਧ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਭਾਜਪਾ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਲਿਆਉਣ ਲਈ ਵੱਡੀ ਮੁਹਿੰਮ ਵਿੱਢਣਗੀਆਂ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਵੱਕਾਰ ਦਾ ਸਵਾਲ ਬਣੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀ ਨਮੋਸ਼ੀ ਭਰੀ ਹਾਰ ਹੋਣ ਸਮੇਤ ਕੇਰਲਾ ਤੇ ਤਾਮਿਲ ਨਾਡੂ ਸੂਬਿਆਂ ਵਿੱਚ ਖਾਤਾ ਵੀ ਨਾ ਖੁੱਲ੍ਹਣਾ ਸਾਬਤ ਕਰਦਾ ਹੈ ਕਿ ਭਾਜਪਾ ਦੇ ਲੋਕ ਵਿਰੋਧੀ ਚਿਹਰੇ ਤੋਂ ਲੋਕ ਜਾਗਰੂਕ ਹੋ ਗਏ ਹਨ।

ਸ੍ਰੀ ਰਾਜੇਵਾਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਹਾਲ ਹੀ ’ਚ ਹੋਈਆਂ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਵਿੱਚ ਲੋਕਾਂ ਨੇ ਭਾਜਪਾ ਨੂੰ ਤਾਰੇ ਦਿਖਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਆਂਧਰਾ ਪ੍ਰਦੇਸ਼ ਵਿੱਚ ਹੋਈਆਂ ਸ਼ਹਿਰੀ ਖੇਤਰ ਦੀਆਂ ਚੋਣਾਂ ’ਚ ਵੀ ਭਗਵਾਂ ਪਾਰਟੀ ਨੂੰ ਢਾਹ ਲੱਗੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਾਲ 2022 ਵਿੱਚ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੀ ਸਿਆਸੀ ਲੜਾਈ ਵੀ ਭਾਜਪਾ ਲਈ ਵੱਕਾਰ ਦਾ ਸਵਾਲ ਹੋਵੇਗੀ।

ਇਸ ਲਈ ਕਿਸਾਨ ਜਥੇਬੰਦੀਆਂ ਨੇ ਹੁਣੇ ਤੋਂ ਤਿਆਰੀ ਵਿੱਢ ਦਿੱਤੀ ਹੈ ਕਿ ਕਿਸਾਨ ਤੇ ਮਜ਼ਦੂਰ ਵਿਰੋਧੀ ਇਸ ਸਿਆਸੀ ਧਿਰ ਨੂੰ ਸਬਕ ਕਿਵੇਂ ਸਿਖਾਉਣਾ ਹੈ। ਕਿਸਾਨ ਆਗੂ ਨੇ ਕਿਹਾ ਕਿ ਵਿਧਾਨ ਸਭਾ, ਪੰਚਾਇਤ ਅਤੇ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ ’ਚ ਭਾਜਪਾ ਦੀ ਹਾਰ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਸਾਨੀ ਅੰਦੋਲਨ ਦਾ ਦਾਇਰਾ ਵਿਸ਼ਾਲ ਹੁੰਦਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਮੋਰਚੇ ਵਿੱਚ ਕਿਸਾਨਾਂ ਦਾ ਜ਼ੋਸ਼ ਪਹਿਲਾਂ ਦੀ ਤਰ੍ਹਾਂ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਇੰਡੀਅਨ ਵੇਰੀਐਂਟ’ ਦੇ ਜ਼ਿਕਰ ਵਾਲੀ ਸਮੱਗਰੀ ਹਟਾਉਣ ਸੋਸ਼ਲ ਮੀਡੀਆ ਪਲੈਟਫਾਰਮ: ਕੇਂਦਰ
Next articleਨੇਪਾਲ ਦੇ ਰਾਸ਼ਟਰਪਤੀ ਵੱਲੋਂ ਸੰਸਦ ਭੰਗ