ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਕੇਂਦਰ ਸਰਕਾਰ ’ਤੇ ਗੱਲਬਾਤ ਕਰਨ ਦੇ ਬਹਾਨੇ ਕਿਸਾਨ ਜਥੇਬੰਦੀਆਂ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਸਾਜ਼ਿਸ਼ੀ ਗੰਢਤੁੱਪ ਨਾਲ ਕਿਸਾਨਾਂ ਨੂੰ ਧੋਖਾ ਦੇਣ ਅਤੇ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦਾ ਕੰਮ ਕੀਤਾ ਜਾ ਰਿਹਾ ਹੈ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਵੀ ਉਹੀ ਗ਼ਲਤੀਆਂ ਦੁਹਰਾ ਰਹੀ ਹੈ, ਜੋ ਬੀਤੇ ਸਮੇਂ ਵਿਚ ਕਾਂਗਰਸ ਨੇ ਕੀਤੀਆਂ ਸਨ। ਉਨ੍ਹਾਂ ਨੇ ਭਾਜਪਾ ’ਤੇ ਪੰਜਾਬ ਅਤੇ ਕਿਸਾਨ ਵਿਰੋਧੀ ਸਾਜ਼ਿਸ਼ਾਂ ਘੜ ਕੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਭੜਕਾਉਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਕਾਰਵਾਈਆਂ ਪੰਜਾਬ ਅਤੇ ਦੇਸ਼ ਵਿਚ ਸ਼ਾਂਤੀ ਭੰਗ ਕਰ ਸਕਦੀਆਂ ਹਨ।
ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਸਮਾਂ ਕੱਢ ਕੇ ਦੇਸ਼ ਦੇ ਅੰਨਦਾਤੇ ਨੂੰ ਮਿਲਣਾ ਚਾਹੀਦਾ ਸੀ ਨਾ ਕਿ ਕਿਸੇ ਅਫ਼ਸਰ ਨੂੰ ਕਿਸਾਨਾਂ ਨੂੰ ਮੱਤਾਂ ਦੇਣ ਵਾਸਤੇ ਭੇਜਣਾ ਚਾਹੀਦਾ ਸੀ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਮੀਟਿੰਗ ਵਿਚੋਂ ਬਾਹਰ ਆ ਕੇ ਚੰਗਾ ਕਾਰਜ ਕੀਤਾ ਹੈ। ਉਨ੍ਹਾਂ ਨੇ ਕਾਲੇ ਕਾਨੂੰਨ ਰੱਦ ਕਰਨ ਅਤੇ ਅੱਗੇ ਦੇ ਸਫ਼ਰ ਵਾਸਤੇ ਕਿਸਾਨ ਸੰਗਠਨਾਂ ਨਾਲ ਰਾਇ ਮਸ਼ਵਰਾ ਕਰਨ ਦੀ ਮੰਗ ਕੀਤੀ।