ਰਾਜਪੁਰਾ (ਸਮਾਜ ਵੀਕਲੀ) : ਦਿੱਲੀ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਨੂੰ ਸਮਰਥਨ ਦਿੰਦਿਆਂ ਭਾਜਪਾ ਮਹਿਲਾ ਮੋਰਚਾ ਦੀਆਂ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਭਾਜਪਾ ਮਹਿਲਾ ਮੋਰਚਾ ਦੀ ਮੀਟਿੰਗ ਮਿਰਚ ਮੰਡੀ ਵਿੱਚ ਮਹਿਲਾ ਸਸ਼ਕਤੀਕਰਨ ਭਾਜਪਾ ਦੀ ਸੂਬਾ ਇੰਚਾਰਜ ਨਰਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਮਹਿਲਾ ਮੋਰਚਾ ਭਾਜਪਾ ਉੱਤਰੀ ਪਟਿਆਲਾ ਦੀ ਜਨਰਲ ਸਕੱਤਰ ਸ਼ਕੁੰਤਲਾ ਬਾਜਵਾ, ਖਜ਼ਾਨਚੀ ਜਗੀਰ ਕੌਰ, ਸੋਸ਼ਲ ਮੀਡੀਆ ਕਨਵੀਨਰ ਪ੍ਰਭਜੋਤ ਕੌਰ ਅਤੇ ਅਨੀਤਾ ਰਾਣੀ ਸਣੇ ਹੋਰਨਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਭਾਜਪਾ ਨੂੰ ਅਲਵਿਦਾ ਆਖ ਦਿੱਤੀ।
ਇਸ ਦੌਰਾਨ ਬੀਬੀ ਗਿੱਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਦਿਨਾਂ ਤੋਂ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ, ਪਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ, ਜਿਸ ਦੇ ਰੋਸ ਵਜੋਂ ਉਹ ਅੱਜ ਭਾਜਪਾ ਨੂੰ ਛੱਡ ਰਹੇ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਭਾਜਪਾ ਮਹਿਲਾ ਮੋਰਚਾ ਦੀਆਂ ਹੋਰ ਵੀ ਔਰਤਾਂ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਛੇਤੀ ਉਨ੍ਹਾਂ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਜਾਣਗੇ।
ਕੇਂਦਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਮਾੜਾ ਵਿਹਾਰ ਕਰ ਰਹੀ ਹੈ, ਜਿਸ ਕਾਰਨ ਉਹ ਸੜਕਾਂ ’ਤੇ ਰੁਲਣ ਲਈ ਮਜਬੂਰ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਹੁਣ ਸਿਰਫ਼ ਕਿਸਾਨਾਂ ਦਾ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦਾ ਬਣ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਜਿੱਤ ਜ਼ਰੂਰ ਮਿਲੇਗੀ।