ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੰਫਾਲ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਨੇ ਦੇਸ਼ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ ਅਤੇ 2014 ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦੇਸ਼ ਵਿੱਚ 12 ਲੱਖ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ।
ਸ੍ਰੀ ਮੋਦੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਜੋ ਪ੍ਰਾਜੈਕਟ 100 ਕਰੋੜ ਰੁਪਏ ਦੇ ਹੁੰਦੇ ਸਨ, ਉਨ੍ਹਾਂ ’ਤੇ 200-250 ਕਰੋੜ ਰੁਪਏ ਖਰਚ ਕੀਤੇ ਜਾਂਦੇ ਸਨ ਤੇ ਇਸ ਨਾਲ ਕੌਮੀ ਖਜ਼ਾਨਾ ਉਜਾੜਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਧਾਨ ਮੰਤਰੀ ਦਫ਼ਤਰ ’ਚ ‘ਪ੍ਰਗਤੀ’ ਨਾਂ ਹੇਠ ਸਿਸਟਮ ਤਿਆਰ ਕੀਤਾ ਤੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਰੁਕੇ ਹੋਏ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਵਾਏ। ਇਸੇ ਦੌਰਾਨ ਸ੍ਰੀ ਮੋਦੀ ਨੇ ਸੂਬੇ ਵਿੱਚ ਅੱਠ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਤੇ ਚਾਰ ਯੋਜਨਾਵਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਦੇਸ਼ ਦਾ ਵਿਕਾਸ 2014 ਤੋਂ ਬਾਅਦ ਹੀ ਹੋਣਾ ਸ਼ੁਰੂ ਹੋਇਆ ਹੈ।
ਸ੍ਰੀ ਮੋਦੀ ਨੇ ਅਸਾਮ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਸਹੀ ਨਾਗਰਿਕ ਨੂੰ ਕੌਮੀ ਨਾਗਰਿਕਤਾ ਰਜਿਸਟਰ (ਐੱਨਸੀਆਰ) ’ਚੋਂ ਬਾਹਰ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਉਮੀਦ ਜ਼ਾਹਿਰ ਕੀਤੀ ਕਿ ਇਸ ਬਿੱਲ ਨੂੰ ਜਲਦ ਹੀ ਸੰਸਦ ਦੀ ਮਨਜ਼ੂਰੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਬਾਰੇ ਜਾਣਦੇ ਹਨ ਪਰ ਕਿਸੇ ਨਾਲ ਵੀ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ।
HOME ਭਾਜਪਾ ਸਰਕਾਰ ਬਣਨ ਮਗਰੋਂ ਦੇਸ਼ ਦਾ ਵਿਕਾਸ ਹੋਇਆ: ਮੋਦੀ