ਪ੍ਰਸਿੱਧ ਗਾਇਕ ਪੰਮੀ ਬਾਈ, ਜਗਸੀਰ ਜੀਦਾ, ਦਵਿੰਦਰ ਦਿਆਲਪੁਰੀ ਆਪਣੇ ਕਿਸਾਨੀ ਗੀਤਾਂ ਰਾਹੀਂ ਲੋਕਾਂ ਨੂੰ ਕਰਨਗੇ ਜਾਗ੍ਰਿਤ
ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਸੰਯੁਕਤ ਕਿਸਾਨ ਮੋਰਚਾ ਦੀਆਂ 32 ਕਿਸਾਨ ਜਥੇਬੰਦੀਆਂ ਚ ਸ਼ਾਮਲ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 4 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਦਾਣਾ ਮੰਡੀ ਪਿੰਡ ਟਿੱਬਾ ਵਿਖੇ ਕਿਸਾਨ ਜਾਗਰੂਕਤਾ ਇਕੱਠ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਖਿਜਰਪੁਰ ਜ਼ਿਲ੍ਹਾ ਸਕੱਤਰ ਤੇਜਪਾਲ ਸਿੰਘ,ਸਤਵੀਰ ਸਿੰਘ ਸੱਤਾ ਨੇ ਦੱਸਿਆ ਕਿ ਇਸ ਇਕੱਠ ਨੂੰ ਸੰਬੋਧਨ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ।
ਪੰਜਾਬ ਦੇ ਪ੍ਰਸਿੱਧ ਗਾਇਕ ਪੰਮੀ ਬਾਈ ਜਗਸੀਰ ਜੀਦਾ ਦਵਿੰਦਰ ਦਿਆਲਪੁਰੀ ਆਪਣੇ ਕਿਸਾਨੀ ਗੀਤਾਂ ਰਾਹੀਂ ਲੋਕਾਂ ਨੂੰ ਜਾਗ੍ਰਿਤ ਤੇ ਸੰਘਰਸ਼ ਵਿੱਚ ਡਟੇ ਰਹਿਣ ਲਈ ਉਤਸ਼ਾਹਿਤ ਕਰਨਗੇ। ਲੋਕ ਕਲਾ ਮੰਚ ਇਪਟਾ ਕਪੂਰਥਲਾ ਵੱਲੋਂ ਕਿਸਾਨੀ ਨਾਲ ਸਬੰਧਤ ਨਾਟਕ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਜਾਣਗੀਆਂ। ਸੈਫਲਾਬਾਦ ਵਾਲੇ ਸੰਤ ਬਾਬਾ ਲੀਡਰ ਸਿੰਘ ਅਤੇ ਸਥਾਨਕ ਕਿਸਾਨ ਮਜ਼ਦੂਰ ਮੁਲਾਜ਼ਮ ਅਤੇ ਔਰਤ ਜਥੇਬੰਦੀਆਂ ਦੇ ਆਗੂ ਵੀ ਸੰਬੋਧਨ ਕਰਨਗੇ । ਪਹੁੰਚੀ ਸੰਗਤ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਉਕਤ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕਿਸਾਨ ਜਾਗਰੂਕਤਾ ਇਕੱਠ ਨੂੰ ਕਾਮਯਾਬ ਕਰਨ ਇਲਾਕੇ ਦੇ ਪਿੰਡਾਂ ਵਿੱਚ ਅਨਾਊਂਸਮੈਂਟਾਂ ਪਿੰਡ ਦੇ ਗੁਰੂ ਘਰਾਂ ਵਿੱਚ ਅਨਾਊਂਸਮੈਂਟਾਂ ਲੀਫਲੈੱਟ ਵੰਡਣ ਅਤੇ ਪੋਸਟ ਲਗਾਉਣ ਲਈ ਗਤੀਵਿਧੀਆਂ ਜਾਰੀ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀਆਂ ਇਕਾਈਆਂ ਸਮੂਹ ਮੈਂਬਰ ਤੇ ਅਹੁਦੇਦਾਰ ਅੰਦਰ ਭਾਰੀ ਉਤਸ਼ਾਹ ਹੈ। ਉਨ੍ਹਾਂ ਨੇ ਸਮੂਹ ਕਿਸਾਨ ਮਜ਼ਦੂਰ ਮੁਲਾਜ਼ਮ ਅਤੇ ਔਰਤਾਂ ਦੀਆਂ ਜਥੇਬੰਦੀਆਂ ਤੇ ਇਲਾਕੇ ਦੇ ਸਮੂਹ ਮਿਹਨਤੀ ਅਤੇ ਮਿਹਨਤਕਸ਼ ਤੇ ਇਨਸਾਨ ਪਸੰਦ ਲੋਕਾਂ ਨੂੰ ਇਸ ਇਕੱਠ ਵਿਚ ਭਾਰੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ।