ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ‘ਚ ਖਸਖਸ ਦੀ ਖੇਤੀ ਸ਼ੁਰੂ ਕਰਨ ਦੀ ਮੰਗ

ਅਬੋਹਰ (ਸਮਾਜ ਵੀਕਲੀ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਅਬੋਹਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕਰਵਾਈ ਗਈ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਮੌਕੇ ਯੂਨੀਅਨ ਵਲੋਂ ਬਲਾਕ ਪੱਧਰ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਅਤੇ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਖੇਤੀ ਆਰਡੀਨੈਂਸ ਬਿਲ ਅਤੇ ਬਿਜਲੀਐਕਟ ਸ਼ੋਧ ਬਿਲ ਦਾ ਵਿਰੋਧ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਪਰਾਲੀ ਦੇ ਮੁੱਦੇ ਦੇ ਹੱਲ ਲਈ ਸਰਕਾਰ ਨੂੰ ਦਿੱਤੀ ਚਿਤਾਵਨੀ ਦਿੱਤੀ ਗਈ ਅਤੇ ਪੰਜਾਬ ਵਿੱਚ ਖਸਖਸ ਦੀ ਖੇਤੀ ਸ਼ੁਰੂ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਭੇਜ ਸਿੰਘ ਵਿਰਕ ਨੇ ਕਿਹਾ ਕਿ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਭਰ ਵਿੱਚ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਜਾ ਰਹੀ ਹੈ ਜਿਸਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੀ ਬਲਾਕ ਪੱਧਰ ‘ਤੇ ਅਹੁਦੇਦਾਰ ਚੁਣੇ ਗਏ ਹਨ ਜਿਨ੍ਹਾਂ ਵਿਚੋਂ ਅਬੋਹਰ ਤੋਂ ਸੁਭਾਸ਼ ਗੋਦਾਰਾ ਨੂੰ ਐਗਜੀਕਿਊਟਿਵ ਮੈਂਬਰ ਅਤੇ ਜੈ ਪਾਲ ਸਿੰਘ ਨੂੰ ਅਬੋਹਰ ਦਾ ਪ੍ਰਧਾਨ ਅਤੇ ਜਲਾਲਾਬਾਦ ਤੋਂ ਮੰਟਾਂ ਸਿੰਘ ਸਰਪੰਚ ਨੂੰ ਜਲਾਲਾਬਾਦ ਬਲਾਕ ਦਾ ਪ੍ਰਧਾਨ ਚੁਣਿਆ ਗਿਆ ਹੈ।

ਇਸ ਮੌਕੇ ਅਬੋਹਰ ਤੋਂ ਚੁਣੇ ਗਏ ਐਗਜੀਕਿਊਟਿਵ ਮੈਂਬਰ ਸੁਭਾਸ਼ ਗੋਦਾਰਾ ਨੇ ਕਿਹਾ ਕਿ ਕਿਸਾਨ ਯੂਨੀਅਨ ਵਲੋਂ ਜੋ ਜ਼ਿੰਮੇਦਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐਮ ਐਸ ਪੀ ਤੋੜਕੇ ਕਿਸਾਨਾਂ ਦੇ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀਆਂ ਫਸਲਾਂ ਨੂੰ ਓਪਨ ਮਾਰਕੀਟ ਵਿੱਚ ਵੇਚਣ ਦੀ ਗੱਲ ਕਹਿ ਕੇ ਕਿਸਾਨਾਂ ਦਾ ਸ਼ੋਸ਼ਣ ਸ਼ੁਰੂ ਕਰ ਦਿੱਤਾ ਗਿਆ ਹੈ ਜਿਸਦੇ ਖਿਲਾਫ ਕਿਸਾਨ ਇੱਕਜੁਟ ਹੋਕੇ ਲੜਾਈ ਲੜਣਗੇ।

ਇਸ ਮੌਕੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੈਂਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਵਲੋਂ ਤਿੰਨ ਨਵੇਂ ਆਰਡੀਨੈਂਸ ਪਾਸ ਕਰਕੇ ਕਿਸਾਨੀ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮੰਡੀ ਕਰਨ ਬੋਰਡ ਖਤਮ ਕਰਕੇ ਇਸ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪ ਰਹੀ ਹੈ। ਜਿਸ ਨੂੰ ਕਿਸਾਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਾਦੇ ਪੂਰੇ ਨਹੀਂ ਕੀਤੇ ਜਾ ਰਹੇ ਜਿਸ ਨੂੰ ਪੂਰੇ ਕਰਵਾਉਣ ਲਈ ਕਿਸਾਨਾਂ ਵਲੋਂ ਸਰਕਾਰ ਦੇ ਖਿਲਾਫ ਸੰਘਰਸ਼ ਕੀਤਾ ਜਾਵੇਗਾ। ਉਥੇ ਹੀ ਉਨ੍ਹਾਂ ਨੇ ਦੂਜੀਆਂ ਸਟੇਟਾਂ ਦੀ ਤਰਜ ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਖਸਖਸ ਦੀ ਖੇਤੀ ਕਰਨ ਦੀ ਛੁੱਟ ਦੇਣ ਦੀ ਮੰਗ ਕੀਤੀ ਹੈ ਤਾਂ ਕਿ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਇਆ ਜਾ ਸਕੇ।

Previous articleਮੋਹਾਲੀ ‘ਚ ਸ਼ਨੀਵਾਰ ਸ਼ਾਮ ਤੱਕ ਕੋਰੋਨਾ ਦੇ 58 ਨਵੇਂ ਕੇਸ ਸਾਹਮਣੇ ਆਏ, 2 ਮੌਤਾਂ ਹੋਈਆਂ
Next articleਧੋਨੀ ਤੋਂ ਬਾਅਦ ਸੁਰੇਸ਼ ਰੈਨਾ ਨੇ ਵੀ ਲਿਆ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ