ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਛੇਤੀ ਮੁਲਾਕਾਤ ਕਰਨਗੇ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਘੱਟ ਕਰਨ ਦੀ ਦਿਸ਼ਾ ‘ਚ ‘ਕਾਫ਼ੀ ਤਰੱਕੀ’ ਹੋਈ ਹੈ।
ਟਰੰਪ 22 ਸਤੰਬਰ ਨੂੰ ਹਿਊਸਟਨ ‘ਚ ਹੋਣ ਵਾਲੇ ‘ਹਾਊਡੀ ਮੋਦੀ’ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 50,000 ਭਾਰਤੀ ਅਮਰੀਕੀਆਂ ਨੂੰ ਸੰਬੋਧਨ ਕਰਨਗੇ। ਹਾਲਾਂਕਿ ਉਨ੍ਹਾਂ ਇਹ ਨਹੀਂ ਦੱਸਿਆ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਕਦੋਂ ਤੇ ਕਿੱਥੇ ਮੁਲਾਕਾਤ ਕਰਨਗੇ। ਪਰ ਟਰੰਪ ਦੇ ਪ੍ਰੋਗਰਾਮ ਮੁਤਾਬਕ ਉਹ ਇਮਰਾਨ ਖ਼ਾਨ ਨਾਲ ਇਸ ਮਹੀਨੇ ਨਿਊਯਾਰਕ ‘ਚ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾਸਭਾ ਸੈਸ਼ਨ ਤੋਂ ਵੱਖ ਮੁਲਾਕਾਤ ਕਰ ਸਕਦੇ ਹਨ।
ਟਰੰਪ ਨੇ ਸੋਮਵਾਰ ਨੂੰ ਵ੍ਹਾਈਟ ਹਾਊਸ ‘ਚ ਇਕ ਸਵਾਲ ਦੇ ਜਵਾਬ ‘ਚ ਪੱਤਰਕਾਰਾਂ ਨੂੰ ਕਿਹਾ, ‘ਮੈਂ ਮੈਂ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ ਕਰਾਂਗਾ।’ ਟਰੰਪ ਨੇ ਕਿਹਾ, ‘ਮੈਨੂੰ ਲਗਦਾ ਹੈ ਕਿ ਇਸ ਸਿਲਸਿਲੇ ‘ਚ ਕਾਫ਼ੀ ਤਰੱਕੀ ਹੋਈ ਹੈ।’ ਹਾਲਾਂਕਿ ਉਨ੍ਹਾਂ ਇਸ ਦੌਰਾਨ ਕਸ਼ਮੀਰ ਦਾ ਜ਼ਿਕਰ ਨਹੀਂ ਕੀਤਾ, ਜੋ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਦੀ ਪ੍ਰਮੁੱਖ ਵਜ੍ਹਾ ਹੈ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਦੇ ਮੋਦੀ ਸਰਕਾਰ ਦੇ ਪੰਜ ਅਗਸਤ ਦੇ ਫ਼ੈਸਲੇ ਤੋਂ ਬਾਅਦ ਤੋਂ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਹੋਰ ਵਧ ਗਿਆ ਹੈ। ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਫਰਾਂਸ ‘ਚ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਦੌਰਾਨ ਕਸ਼ਮੀਰ ‘ਤੇ ਕਿਸੇ ਤੀਜੀ ਧਿਰ ਦੀ ਵਿਚੋਲਗੀ ਤੋਂ ਸਾਫ਼ ਇਨਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਭਾਰਤ ਤੇ ਪਾਕਿਸਤਾਨ ਵਿਚਕਾਰ ਇਕ ਦੁਵੱਲਾ ਮੁੱਦਾ ਹੈ।
‘ਹਾਊਡੀ ਮੋਦੀ’ ਪ੍ਰੋਗਰਾਮ ਨੂੰ ਸੰਬੋਧਨ ਕਰਨ ਤੋਂ ਬਾਅਦ ਟਰੰਪ ਓਹੀਓ ਜਾਣਗੇ ਤੇ ਇਸ ਤੋਂ ਬਾਅਦ ਉਨ੍ਹਾਂ ਦੇ ਸੰਯੁਕਤ ਰਾਸ਼ਟਰ ਦੇ ਸਾਲਾਨਾ ਮਹਾਸਭਾ ਸੈਸ਼ਨ ਲਈ ਨਿਊਯਾਰਕ ਜਾਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਮੋਦੀ ਤੇ ਇਮਰਾਨ ਖ਼ਾਨ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਗੇ।
HOME ਭਾਰਤ-ਪਾਕਿ ‘ਚ ਤਣਾਅ ਘੱਟ ਕਰਨ ‘ਚ ਕਾਫ਼ੀ ਤਰੱਕੀ ਹੋਈ : ਟਰੰਪ