ਕੋਲਕਾਤਾ (ਸਮਾਜ ਵੀਕਲੀ) :ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਬੁੱਧਵਾਰ ਨੂੰ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਹਲਫ਼ ਲਵੇਗੀ। ਉਨ੍ਹਾਂ ਰਾਜਪਾਲ ਜਗਦੀਪ ਧਨਖੜ ਨਾਲ ਰਾਜ ਭਵਨ ’ਚ ਮੁਲਾਕਾਤ ਕਰਕੇ ਮੌਜੂਦਾ ਮੁੱਖ ਮੰਤਰੀ ਵਜੋਂ ਅਸਤੀਫ਼ਾ ਦਿੱਤਾ ਅਤੇ ਰਵਾਇਤ ਮੁਤਾਬਕ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਮਮਤਾ ਬੈਨਰਜੀ ਨੰਦੀਗ੍ਰਾਮ ਤੋਂ ਚੋਣ ਹਾਰ ਗਈ ਹੈ ਅਤੇ ਹੁਣ ਉਸ ਨੂੰ ਛੇ ਮਹੀਨਿਆਂ ਦੇ ਅੰਦਰ ਵਿਧਾਨ ਸਭਾ ਚੋਣ ਜਿੱਤਣੀ ਪਵੇਗੀ। ਸ੍ਰੀ ਧਨਖੜ ਨੇ ਟਵੀਟ ਕਰਕੇ ਦੱਸਿਆ ਕਿ ਮਮਤਾ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ ਅਤੇ ਅਗਲੇ ਹੁਕਮਾਂ ਤੱਕ ਉਨ੍ਹਾਂ ਨੂੰ ਅਹੁਦੇ ’ਤੇ ਬਣੇ ਰਹਿਣ ਲਈ ਕਿਹਾ ਗਿਆ ਹੈ। ਕੋਵਿਡ-19 ਕਾਰਨ ਹਲਫ਼ਦਾਰੀ ਸਮਾਗਮ ਸੀਮਤ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ ਅਤੇ ਉਹ 5 ਮਈ ਨੂੰ ਸਵੇਰੇ ਪੌਣੇ 11 ਵਜੇ ਰਾਜ ਭਵਨ ’ਚ ਸਹੁੰ ਚੁੱਕੇਗੀ।
ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਮੀਟਿੰਗ ਕਰਕੇ ਮਮਤਾ ਬੈਨਰਜੀ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣ ਲਿਆ ਸੀ। ਪਾਰਟੀ ਦੇ ਸਕੱਤਰ ਜਨਰਲ ਪਾਰਥਾ ਚੈਟਰਜੀ ਨੇ ਦੱਸਿਆ ਕਿ ਮਮਤਾ ਬੈਨਰਜੀ 5 ਮਈ ਨੂੰ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਟੀਐੱਮਸੀ ਵਿਧਾਇਕਾਂ ਨੇ ਬਿਮਾਨ ਬੈਨਰਜੀ ਨੂੰ ਪ੍ਰੋ-ਟੈੱਮ ਸਪੀਕਰ ਚੁਣ ਲਿਆ ਹੈ। ਸ੍ਰੀ ਚੈਟਰਜੀ ਨੇ ਦੱਸਿਆ ਕਿ ਨਵੇਂ ਚੁਣੇ ਗਏ ਵਿਧਾਇਕ 6 ਮਈ ਨੂੰ ਵਿਧਾਨ ਸਭਾ ’ਚ ਹਲਫ਼ ਲੈਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly