ਨਵੀਂ ਦਿੱਲੀ (ਸਮਾਜ ਵੀਕਲੀ) : ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮੌਕੇ ਅੱਜ ਵੱਖ ਵੱਖ ਸਿਆਸੀ ਹਸਤੀਆਂ ਅਤੇ ਆਮ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਹੋਰਾਂ ਨੇ ਦੋਵੇਂ ਹਸਤੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸਰਬ ਧਰਮ ਪ੍ਰਾਰਥਨਾ ਸਭਾ ’ਚ ਵੀ ਹਾਜ਼ਰੀ ਲਵਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਅਤੇ ਵਿਜੈ ਘਾਟ ਸਥਿਤ ਸਮਾਧਾਂ ’ਤੇ ਜਾ ਕੇ ਕ੍ਰਮਵਾਰ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੰਦਿਆਂ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,‘‘ਇਸ ਵਾਰ ਗਾਂਧੀ ਜੈਅੰਤੀ ਵਧੇਰੇ ਖਾਸ ਹੈ ਕਿਉਂਕਿ ਭਾਰਤ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾ ਰਿਹਾ ਹੈ। ਸਾਨੂੰ ਬਾਪੂ ਦੇ ਆਦਰਸ਼ਾਂ ’ਤੇ ਹਮੇਸ਼ਾ ਚਲਣ ਦਾ ਬਲ ਮਿਲੇ। ਮੈਂ ਸਾਰੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਗਾਂਧੀ ਜੀ ਨੂੰ ਸ਼ਰਧਾਂਜਲੀ ਦੇਣ ਲਈ ਤੁਸੀਂ ਖਾਦੀ ਅਤੇ ਦਸਤਕਾਰੀ ਵਾਲੀਆਂ ਵਸਤਾਂ ਖਰੀਦੋ।’’ ਸ਼ਾਸਤਰੀ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਜੀ ਦੀ ਸਾਦਗੀ ਅਤੇ ਫ਼ੈਸਲੇ ਲੈਣ ਦੀ ਸ਼ਕਤੀ ਦੀ ਪੂਰੇ ਭਾਰਤ ’ਚ ਪ੍ਰਸ਼ੰਸਾ ਹੁੰਦੀ ਹੈ। ‘ਸਾਡੇ ਇਤਿਹਾਸ ਦੇ ਅਹਿਮ ਸਮੇਂ ’ਤੇ ਉਨ੍ਹਾਂ ਵੱਲੋਂ ਲਏ ਸਖ਼ਤ ਫ਼ੈਸਲੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।’ ਸ੍ਰੀ ਮੋਦੀ ਨੇ ਦਿੱਲੀ ’ਚ ਪ੍ਰਧਾਨ ਮੰਤਰੀ ਸੰਗ੍ਰਿਹਆਲਯ ਦੀ ਗੈਲਰੀ ਦੇ ਕੁਝ ਦ੍ਰਿਸ਼ ਵੀ ਸਾਂਝੇ ਕੀਤੇ। ਇਸ ਮੌਕੇ ਸੰਸਦ ਭਵਨ ਦੇ ਕੇਂਦਰੀ ਹਾਲ ’ਚ ਵੀ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ ਜਿਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਸਮੇਤ ਹੋਰ ਆਗੂਆਂ ਨੇ ਵੀ ਹਾਜ਼ਰੀ ਭਰੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly