ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਕਿਹਾ ਕਿ ਅਜੋਕੇ ਸਮੇਂ ਜਦੋਂ ਦੁਨੀਆਂ ਅਤਿਵਾਦ, ਹਿੰਸਾ, ਭ੍ਰਿਸ਼ਟਾਚਾਰ, ਭੇਦਭਾਵ ਅਤੇ ਵਾਤਾਵਰਨ ਤਬਦੀਲੀਆਂ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਤਾਂ ਅਜਿਹੇ ਵਿੱਚ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਦਾ ਮਹੱਤਵ ਹੋਰ ਵੀ ਵੱਧ ਜਾਂਦਾ ਹੈ।
ਅਹਿੰਸਾ ਵਿਸ਼ਵ ਭਾਰਤੀ ਵੱਲੋਂ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੇ ਉਦਘਾਟਨ ਤੋਂ ਬਾਅਦ ਸ੍ਰੀ ਕੋਵਿੰਦ ਨੇ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਦੁਨੀਆਂ ਦਾ ਭਲਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗਾਂਧੀ ਇਹ ਚੰਗੀ ਤਰ੍ਹਾਂ ਸਮਝਦੇ ਸਨ ਕਿ ਦੁਨੀਆਂ ’ਚ ਅਮਨ ਤੇ ਅਹਿੰਸਾ ਕਾਇਮ ਕਰਨ ਲਈ ਧਾਰਮਿਕ ਕਦਰਾਂ-ਕੀਮਤਾਂ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਸਮਾਜ ਦਾ ਵਿਕਾਸ ਸੱਚ, ਅਹਿੰਸਾ ਤੇ ਸ਼ਾਂਤੀ ਦੇ ਮਾਰਗ ’ਤੇ ਚੱਲ ਕੇ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੇ ਵਿਚਾਰ ਅੱਜ ਵੀ ਮਹੱਤਵ ਰੱਖਦੇ ਹਨ ਤੇ ਇਨ੍ਹਾਂ ਦਾ ਮਹੱਤਵ ਭਵਿੱਖ ਵਿੱਚ ਵੀ ਰਹੇਗਾ।
ਰਾਸ਼ਟਰਪਤੀ ਨੇ ਕਿਹਾ ਦੇਸ਼ ਦੀ ਆਬਾਦੀ ਦਾ 65 ਫੀਸਦ ਹਿੱਸਾ ਨੌਜਵਾਨਾਂ ਦਾ ਹੈ ਤੇ ਚੰਗਾ ਸਮਾਜ ਬਣਾਉਣ ਲਈ ਨੌਜਵਾਨਾਂ ਨੂੰ ਗਾਂਧੀ ਜੀ ਦੇ ਵਿਚਾਰਾਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਅਹਿੰਸਾ ਵਿਸ਼ਵ ਭਾਰਤੀ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੇ ਪ੍ਰੋਗਰਾਮਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ, ‘ਦੋ ਅਕਤੂਬਰ ਨੂੰ ਅਸੀਂ ਸਾਰੇ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਜਾ ਰਹੇ ਹਾਂ ਤੇ ਸੰਯੁਕਤ ਰਾਸ਼ਟਰ ਨੇ ਵੀ ਇਸ ਦਿਨ ਨੂੰ ਕੌਮਾਂਤਰੀ ਅਹਿੰਸਾ ਦਿਵਸ ਵਜੋਂ ਮਨਾਉਣ ਦੀ ਗੱਲ ਕਹੀ ਹੈ।’ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਲੋਕ ਅੱਜ ਵੀ ਗਾਂਧੀ ਜੀ ਦੇ ਵਿਚਾਰਾਂ ਨੂੰ ਲੈ ਕੇ ਚੇਤਨ ਹਨ।
HOME ਮਹਾਤਮਾ ਗਾਂਧੀ ਦੇ ਵਿਚਾਰਾਂ ਦਾ ਅੱਜ ਵੀ ਮਹੱਤਵ: ਕੋਵਿੰਦ