ਚੰਡੀਗੜ੍ਹ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਹਰਿਆਣਾ ਦੇ ਅਸੰਧ ਵਿੱਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦਾ ਅੰਨਦਾਤਾ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਚਾਰ ਮਹੀਨਿਆਂ ਤੋਂ ਸੰਘਰਸ਼ ਕਰ ਰਿਹਾ ਹੈ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਕਿਸਾਨ ਪਿੱਛੇ ਨਹੀਂ ਹਟਣਗੇ ਤੇ ਉਨ੍ਹਾਂ ਨੇ ਨਵੰਬਰ-ਦਸੰਬਰ ਤਕ ਅੰਦੋਲਨ ਚਲਾਉਣ ਦੀ ਤਿਆਰੀ ਖਿੱਚ ਲਈ ਹੈ। ਇਹ ਸੰਘਰਸ਼ ਉਦੋਂ ਖਤਮ ਕੀਤਾ ਜਾਵੇਗਾ, ਜਦੋਂ ਤਿੰਨੇ ਖੇਤੀ ਕਾਨੂੰਨ ਰੱਦ ਕਰ ਕੇ ਐੱਮਐੱਸਪੀ ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਂਦਾ ਜਾਵੇਗਾ।
ਸ੍ਰੀ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਸੋਚ ਰਹੀ ਹੈ ਕਿ ਕਣਕ ਦੀ ਵਾਢੀ ਸਮੇਂ ਕਿਸਾਨ ਘਰਾਂ ਨੂੰ ਮੁੜ ਜਾਣਗੇ ਪਰ ਕਿਸਾਨ ਕਣਕ ਦੀ ਵਾਢੀ ਵੀ ਕਰਨਗੇ ਅਤੇ ਸੰਘਰਸ਼ ਵੀ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਸਿਰਫ਼ ਕਿਸਾਨਾਂ ਨੂੰ ਹੀ ਨਹੀਂ, ਸਗੋਂ ਹਰ ਵਰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਨਗੇ। ਇਨ੍ਹਾਂ ਕਾਨੂੰਨਾਂ ਨਾਲ ਵੱਡੀ ਗਿਣਤੀ ਲੋਕਾਂ ਦਾ ਰੁਜ਼ਗਾਰ ਖਤਮ ਹੋ ਜਾਵੇਗਾ ਅਤੇ ਮਹਿੰਗਾਈ ਵੀ ਵਧ ਜਾਵੇਗੀ। ਇਸ ਲਈ ਹਰ ਵਰਗ ਦੇ ਲੋਕਾਂ ਨੂੰ ਇਸ ਸੰਘਰਸ਼ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਕਰੋਨਾ ਦੇ ਨਾਂ ’ਤੇ ਪਾਬੰਦੀਆਂ ਲਗਾ ਰਹੀ ਹੈ ਪਰ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਕੋਈ ਪਾਬੰਦੀ ਨਹੀਂ ਲਗਾਈ ਜਾ ਸਕਦੀ। ਕਿਸਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਇਸ ਸੰਘਰਸ਼ ਨੂੰ ਜਾਰੀ ਰੱਖਣਗੇ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਪੂੰਜੀਪਤੀਆਂ ਦੇ ਹੱਕ ਵਿੱਚ ਫ਼ੈਸਲੇ ਲੈ ਰਹੀ ਹੈ। ਜਦੋਂ ਦੇਸ਼ ਦੇ ਕਿਸਾਨਾਂ ਲਈ ਬਣਾਏ ਕਾਨੂੰਨਾਂ ਦਾ ਕਿਸਾਨ ਹੀ ਵਿਰੋਧ ਕਰ ਰਹੇ ਹਨ ਤਾਂ ਕੇਂਦਰ ਸਰਕਾਰ ਨੂੰ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਇਹ ਸੰਘਰਸ਼ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ। ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਭਲਕੇ 26 ਮਾਰਚ ਦੇ ਭਾਰਤ ਬੰਦ ਨੂੰ ਸਮਰਥਨ ਦੇ ਕੇ ਇਸ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਜੋ ਲੋਕ ਦਿੱਲੀ ਨਹੀਂ ਪੁੱਜ ਸਕਦੇ, ਉਹ ਆਪਣੇ ਸ਼ਹਿਰ ਵਿੱਚ ਧਰਨਾ ਦਿੰਦਿਆਂ ਕਿਸਾਨ ਸੰਘਰਸ਼ ਵਿੱਚ ਹਿੱਸਾ ਪਾਉਣ।