ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਅਤੇ ਆਈਟੀਆਈ ਵਿੱਚ ਹੈਦਰਾਬਾਦ ਜਬਰ ਜਨਾਹ ਮਾਮਲੇ ਦੇ ਰੋਸ ਵਜੋਂ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੰਗੀਤਾ ਰਾਣੀ ਨੇ ਕਿਹਾ ਕਿ ਹੈਦਰਾਬਾਦ ਵਿਚ ਵੈਟਰਨਰੀ ਡਾਕਟਰ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਨੂੰ ਜ਼ਿੰਦਾ ਫੂਕਣ ਜਿਹੇ ਕਾਰਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤ ਵਿੱਚ ਇਹੋ ਜਿਹੀਆਂ ਘਟਨਾਵਾਂ ਰੋਕਣ ਲਈ ਬਹੁਤ ਸਾਰੇ ਕਾਨੂੰਨ ਬਣੇ ਹੋਏ ਹਨ ਪਰ ਕਿਤੇ ਕੋਈ ਵੀ ਕਾਨੂੰਨ ਲਾਗੂ ਨਹੀਂ ਹੋ ਰਿਹਾ ਸਿਰਫ਼ ਨਾਮ ਦੇ ਕਾਨੂੰਨ ਬਣੇ ਹੋਏ ਹਨ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਖਜ਼ਾਨਚੀ ਕਿਰਨਜੀਤ ਕੌਰ ਨੇ ਕਿਹਾ ਕਿ ਸਿਰਫ਼ ਕਾਨੂੰਨ ਬਣਾਉਣ ਨਾਲ ਇਹੋ ਜਿਹੀਆਂ ਘਟਨਾਵਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ ਸਗੋਂ ਇਨ੍ਹਾਂ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ। ਕਾਲਜ ਕਮੇਟੀ ਆਗੂ ਗੁਰਬਖਸ਼ੀਸ਼ ਸਿੰਘ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਬਠਿੰਡਾ ਜ਼ਿਲ੍ਹਾ ਕਮੇਟੀ ਦੇ ਸੱਦੇ ’ਤੇ ਇਕੱਠੇ ਹੋਏ ਪਾਰਟੀ ਕਾਰਕੁਨਾਂ ਨੇ ਅੱਜ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਘੇਰੇ ਅੰਦਰ ਰੋਸ ਮੁਜ਼ਾਹਰਾ ਕੀਤਾ।