ਸੀਪੀਆਈ ਤੇ ਆਰਐਮਪੀਆਈ ਨੇ ਫ਼ੈਸਲੇ ਤੋਂ ਬਣਾਈ ਦੂਰੀ;
ਗਾਇਕ ਜੱਸੀ ਜਸਰਾਜ ਹੋਣਗੇ ਭਗਵੰਤ ਮਾਨ ਖ਼ਿਲਾਫ਼ ਉਮੀਦਵਾਰ
ਪੰਜਾਬ ਜਮਹੂਰੀ ਗੱਠਜੋੜ (ਪੀਡੀਏ) ਨੇ ਬਹੁਜਨ ਸਮਾਜ ਪਾਰਟੀ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਲੋਕ ਸਭਾ ਚੋਣਾਂ ਲਈ ਗੱਠਜੋੜ ਵੱਲੋਂ ਪ੍ਰਧਾਨ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਇਲਾਵਾ ਪੀਡੀਏ ਨੇ ‘ਆਪ’ ਤੋਂ ਅਸਤੀਫ਼ਾ ਦੇ ਚੁੱਕੇ ਗਾਇਕ ਜੱਸੀ ਜਸਰਾਜ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਖ਼ਿਲਾਫ਼ ਉਮੀਦਵਾਰ ਵਜੋਂ ਉਤਾਰਨ ਦਾ ਫ਼ੈਸਲਾ ਕੀਤਾ ਹੈ। ਪੀਡੀਏ ਵਿਚਲੀਆਂ 7 ਧਿਰਾਂ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਖਹਿਰਾ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਬਸਪਾ ਪੰਜਾਬ ਦੇ ਪ੍ਰਧਾਨ ਰਛਪਾਲ ਸਿੰਘ ਰਾਜੂ, ਨਵਾਂ ਪੰਜਾਬ ਪਾਰਟੀ ਦੇ ਮੀਤ ਪ੍ਰਧਾਨ ਡਾ. ਜਗਜੀਤ ਸਿੰਘ ਚੀਮਾ, ਸੀਪੀਆਈ ਦੇ ਸਕੱਤਰ ਬੰਤ ਬਰਾੜ, ਹਰਦੇਵ ਅਰਸ਼ੀ ਤੇ ਨਿਰਮਲ ਧਾਲੀਵਾਲ, ਆਰਐਮਪੀਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਅਤੇ ਐਮਸੀਪੀਆਈ (ਯੂ) ਦੇ ਸਕੱਤਰ ਕਿਰਨਜੀਤ ਸੇਖੋਂ ਨੇ ਅੱਜ ਇੱਥੇ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਗੱਠਜੋੜ ਦਾ ਘੱਟੋ-ਘੱਟ ਸਾਂਝਾ ਪ੍ਰੋਗਰਾਮ ਰਿਲੀਜ਼ ਕੀਤਾ। ਇਸ ਮੌਕੇ ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਉਠਾਉਣ ਸਮੇਤ ਪੰਜਾਬ ਦੇ ਕਿਸਾਨਾਂ, ਡਰੱਗ ਸਮੱਸਿਆ, ਧਾਰਮਿਕ ਬੇਅਦਬੀਆਂ, ਪਾਣੀ ਦੇ ਮਸਲੇ, ਦਲਿਤਾਂ ਦੇ ਮੁੱਦੇ ਉਠਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਖਹਿਰਾ ਤੇ ਬੈਂਸ ਨੇ ਐਲਾਨ ਕੀਤਾ ਕਿ ਪੀਡੀਏ ਮਾਇਆਵਤੀ ਨੂੰ ਪ੍ਰਧਾਨ ਮੰਤਰੀ ਉਮੀਦਵਾਰ ਵਜੋਂ ਉਭਾਰੇਗਾ। ਸੀਪੀਆਈ ਦੇ ਸਕੱਤਰ ਬੰਤ ਬਰਾੜ ਅਤੇ ਆਰਐਮਪੀਆਈ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਮੌਕੇ ’ਤੇ ਹੀ ਮਾਇਆਵਤੀ ਨੂੰ ਪੀਡੀਏ ਵੱਲੋਂ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਮੰਨਣ ਦੇ ਫ਼ੈਸਲੇ ਤੋਂ ਆਪਣੇ-ਆਪ ਨੂੰ ਵੱਖ ਕਰਦਿਆਂ ਕਿਹਾ ਕਿ ਭਾਵੇਂ ਉਹ ਉਨ੍ਹਾਂ ਦਾ ਸਨਮਾਨ ਕਰਦੇ ਹਨ ਪਰ ਚੋਣਾਂ ਹੋਣ ਤੋਂ ਪਹਿਲਾਂ ਕਿਸੇ ਨੂੰ ਪ੍ਰਧਾਨ ਮੰਤਰੀ ਦਾ ਉਮੀਦਵਾਰ ਮੰਨਣਾ ਉਨ੍ਹਾਂ ਲਈ ਸੰਭਵ ਨਹੀਂ। ਉਨ੍ਹਾਂ ਤਰਕ ਦਿੱਤਾ ਕਿ ਉਹ ਕੌਮੀ ਪਾਰਟੀਆਂ ਨਾਲ ਸਬੰਧਤ ਹਨ ਅਤੇ ਅਜਿਹੇ ਫ਼ੈਸਲੇ ਇਸ ਮੌਕੇ ਨਹੀਂ ਲਏ ਜਾ ਸਕਦੇ। ਸੂਤਰਾਂ ਅਨੁਸਾਰ ਪੀਡੀਏ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਹੀ ਬਸਪਾ ਪੰਜਾਬ ਦੇ ਪ੍ਰਧਾਨ ਰਛਪਾਲ ਰਾਜੂ ਨੇ ਸ਼ਰਤ ਰੱਖ ਦਿੱਤੀ ਸੀ ਕਿ ਮਾਇਆਵਤੀ ਨੂੰ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਦਾ ਉਮੀਦਵਾਰ ਮੰਨਣ ਦੀ ਸੂਰਤ ਵਿਚ ਹੀ ਉਹ ਗੱਠਜੋੜ ਦਾ ਹਿੱਸਾ ਬਣਨਗੇ। ਸ੍ਰੀ ਬੈਂਸ ਨੇ ਦੱਸਿਆ ਕਿ ਜੱਸੀ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਜੱਸੀ ‘ਆਪ’ ਦਾ ਪੂਰਾ ਭੇਤੀ ਹੈ ਅਤੇ ਉਹ ਪਹਿਲਾਂ ਹੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਰੁੱਧ ਗੀਤਾਂ ਰਾਹੀਂ ਭੜਾਸ ਕੱਢਦਾ ਰਿਹਾ ਹੈ।