ਨਨਕਾਣਾ ਸਾਹਿਬ ਤੋਂ ਵਿਸ਼ੇਸ਼ ਰਿਪੋਰਟ
* ਲਹਿੰਦੇ ਪੰਜਾਬ ਦੇ ਗਵਰਨਰ ਦੀ ਪਤਨੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
* ਪਰਮਜੀਤ ਸਿੰਘ ਸਰਨਾ ਅੱਜ ਲਾਂਘੇ ਦੇ ਉਦਘਾਟਨੀ ਸਮਾਗਮ ’ਚ ਲੈਣਗੇ ਹਿੱਸਾ
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਜਥੇ ਲਗਾਤਾਰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਪੁੱਜ ਰਹੇ ਹਨ। ਅੱਜ ਸਵੇਰੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਸਰਵਰ ਦੀ ਬੇਗ਼ਮ ਪ੍ਰਵੀਨ ਸਰਵਰ ਨੇ ਸ੍ਰੀ ਨਨਕਾਣਾ ਸਾਹਿਬ ’ਚ ਨਤਮਸਤਕ ਹੋ ਕੇ ਸੰਗਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਵੀ ਅਰਪਿਤ ਕੀਤੀ। ਸਰਵਰ ਫਾਊਂਡੇਸ਼ਨ ਵੱਲੋਂ ਲਗਾਏ ਗਏ ਮੁਫ਼ਤ ਡਾਕਟਰੀ ਕੈਂਪ ਦਾ ਉਦਘਾਟਨ ਕਰਦਿਆਂ ਉਨ੍ਹਾਂ ਸਾਫ਼ ਪੀਣ ਵਾਲੇ ਪਾਣੀ ਲਈ ਵਾਟਰ ਫਿਲਟਰ ਯੋਜਨਾ ਦਾ ਉਦਘਾਟਨ ਵੀ ਕੀਤਾ। ਫਾਊਂਡੇਸ਼ਨ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਭਲੇ ਵਾਲੇ ਅਜਿਹੇ ਕਾਰਜ ਜਾਰੀ ਰਹਿਣਗੇ।
ਉਧਰ ਨਨਕਾਣਾ ਸਾਹਿਬ ਪੁੱਜੇ ਜਥੇ ਨੂੰ ਪੰਜਾਬੀ ਸਿੱਖ ਸੰਗਤ ਦੇ ਪ੍ਰਧਾਨ ਗੋਪਾਲ ਸਿੰਘ ਚਾਵਲਾ ਨੇ ਅੱਜ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਗੱਲਬਾਤ ਦੌਰਾਨ ਚਾਵਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਪਾਬੰਦੀਆਂ ਕਾਰਨ ਭਾਰਤ ਤੋਂ ਆਏ ਸਿੱਖਾਂ ਦਾ ਜਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਦਰਸ਼ਨਾਂ ਲਈ ਪਿਛਲੇ ਦੋ ਦਿਨਾਂ ਤੋਂ ਉਡੀਕ ਕਰ ਰਿਹਾ ਸੀ। ਉਨ੍ਹਾਂ ਅੱਜ ਸਵੇਰੇ ਡੀਪੀਓ ਇਸਮਾਈਲ ਖਾੜਕ ਅਤੇ ਡਿਪਟੀ ਕਮਿਸ਼ਨਰ ਰਾਜਾ ਮਨਸੂਰ ਅਹਿਮਦ ਨਾਲ ਗੱਲਬਾਤ ਕਰਕੇ ਸੰਗਤ ਨੂੰ ਗੁਰਦੁਆਰਾ ਸੱਚਾ ਸੌਦਾ ਲਈ ਪ੍ਰਵਾਨਗੀ ਦਿਵਾਈ। ਸੰਗਤ ਨੇ ਗੋਪਾਲ ਸਿੰਘ ਚਾਵਲਾ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਸ਼੍ਰੋਮਣੀ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਭਾਈ ਪਿੰਦਰਪਾਲ ਸਿੰਘ ਅਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖ਼ਾਲਸਾ ਨੂੰ ਸਨਮਾਨਿਤ ਕੀਤਾ।
ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਨਨਕਾਣਾ ਸਾਹਿਬ ਦੇ ਵੱਖ ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਦੇਰ ਸ਼ਾਮ ਗੁਰਦੁਆਰਾ ਜਨਮ ਅਸਥਾਨ ਵਿਖੇ ਸਮਾਪਤ ਹੋਵੇਗਾ।
ਉਧਰ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਸਾਥੀਆਂ ਸਮੇਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਪੁੱਜ ਗਏ ਹਨ।