ਸ਼੍ਰੋਮਣੀ ਕਮੇਟੀ ਵਾਸਤੇ ਇਸ ਵਾਰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਰਾਹਤ ਵਾਲਾ ਸਾਬਤ ਹੋਵੇਗਾ ਕਿਉਂਕਿ ਇਸ ਵਾਰ ਮੁਤਵਾਜ਼ੀ ਜਥੇਦਾਰਾਂ ਵੱਲੋਂ ਅਕਾਲ ਤਖਤ ਦੇ ਜਥੇਦਾਰ ਦੇ ਬਰਾਬਰ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦੀ ਸੰਭਾਵਨਾ ਘੱਟ ਹੈ। ਇਸੇ ਤਰ੍ਹਾਂ ਸਾਬਕਾ ਵਿਵਾਦਤ ਜਥੇਦਾਰ ਦੀ ਥਾਂ ਨਵੇਂ ਥਾਪੇ ਗਏ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਵਾਰ ਦਰਸ਼ਨੀ ਡਿਉਢੀ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ।
ਮਿਲੇ ਵੇਰਵਿਆਂ ਮੁਤਾਬਕ ਬਰਗਾੜੀ ’ਚ ਚੱਲ ਰਹੇ ਇਨਸਾਫ ਮੋਰਚੇ ਦੌਰਾਨ ਉਥੇ ਧਰਨਾ ਦੇ ਕੇ ਬੈਠੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਧਰਨਾ ਛੱਡ ਕੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣ ਲਈ ਸ੍ਰੀ ਅਕਾਲ ਤਖ਼ਤ ’ਤੇ ਆਉਣ ਦੀ ਸੰਭਾਵਨਾ ਘੱਟ ਹੈ। ਇਸ ਤੋਂ ਪਹਿਲਾਂ 2015 ਅਤੇ 2016 ਵਿੱਚ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਸਮੇਂ ਆਪਸੀ ਟਕਰਾਅ ਦੀ ਸੰਭਾਵਨਾ ਬਣ ਗਈ ਸੀ, ਜਿਸ ਨਾਲ ਇੱਥੇ ਤਣਾਅ ਵਾਲਾ ਮਾਹੌਲ ਬਣਿਆ ਸੀ। ਮੋਰਚੇ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਚੱਲ ਰਹੇ ਮੋਰਚੇ ਦੌਰਾਨ ਭਾਈ ਧਿਆਨ ਸਿੰਘ ਮੰਡ ਉਥੋਂ ਹੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰ ਸਕਦੇ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਉਥੋਂ ਸ੍ਰੀ ਅਕਾਲ ਤਖ਼ਤ ’ਤੇ ਆਉਣਾ ਮੁਸ਼ਕਲ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਚੌਕਸੀ ਵਰਤੀ ਜਾ ਰਹੀ ਹੈ ਅਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਮੌਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੰਦੀ ਛੋੜ ਦਿਵਸ ਮੌਕੇ ਦਰਸ਼ਨੀ ਡਿਉਢੀ ਤੋਂ ਸ਼ਾਮ ਪੰਜ ਵਜੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਸੰਬੋਧਨ ਕਰਨਗੀਆਂ। ਇਸੇ ਦਿਨ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਮੰਜੀ ਸਾਹਿਬ ਦੀਵਾਨ ਹਾਲ ’ਚ ਅਰੰਭ ਕੀਤਾ ਧਾਰਮਿਕ ਦੀਵਾਨ 8 ਨਵੰਬਰ ਤੱਕ ਚੱਲੇਗਾ। ਸੱਤ ਨਵੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ’ਚ ਦੀਪਮਾਲਾ ਹੋਵੇਗੀ।
ਇਸ ਦੌਰਾਨ ਸਰਬੱਤ ਖਾਲਸਾ ਪ੍ਰਬੰਧਕਾਂ ਵਿੱਚ ਸ਼ਾਮਲ ਜਰਨੈਲ ਸਿੰਘ ਸਖੀਰਾ ਨੇ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਬਾਦਲਾਂ ਵੱਲੋਂ ਥਾਪੇ ਗਏ ਜਥੇਦਾਰ ਨੂੰ ਮਾਨਤਾ ਨਹੀਂ ਦਿੱਤੀ ਗਈ ਹੈ। ਸਰਬੱਤ ਖਾਲਸਾ ਪਹਿਲਾਂ ਹੀ ਇਨ੍ਹਾਂ ਜਥੇਦਾਰਾਂ ਨੂੰ ਰੱਦ ਕਰ ਚੁੱਕਾ ਹੈ। ਇਸ ਲਈ ਉਹ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਜਾਰੀ ਸੰਦੇਸ਼ ਨੂੰ ਮਾਨਤਾ ਨਹੀਂ ਦੇਣਗੇ ਅਤੇ ਇਸ ਦਾ ਵਿਰੋਧ ਕਰਨਗੇ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਵਿਵਾਦਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਥਾਂ ‘ਤੇ ਨਵਾਂ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਜਥੇਬੰਦੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮਾਨਤਾ ਨਹੀਂ ਦਿੱਤੀ ਹੈ।
ਸਿਰਫ਼ ਦਸ ਮਿੰਟ ਹੋਵੇਗੀ ਆਤਿਸ਼ਬਾਜ਼ੀ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਪ੍ਰਦੂਸ਼ਣ ਨੂੰ ਧਿਆਨ ’ਚ ਰੱਖਦਿਆਂ ਬੰਦੀ ਛੋੜ ਦਿਵਸ ਮੌਕੇ ਸਿਰਫ ਦਸ ਮਿੰਟ ਵਾਸਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਉਹ ਵੀ ਵਧੇਰੇ ਉਚਾਈ ’ਤੇ ਜਾ ਕੇ ਵਿਸਫੋਟ ਕਰਨ ਵਾਲੀ ਅਤੇ ਘੱਟ ਧੂੰਏਂ ਵਾਲੀ ਹੋਵੇਗੀ। ਉਨ੍ਹਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਮੋਮਬੱਤੀਆਂ ਨਾ ਬਾਲਣ ਵਾਸਤੇ ਵੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਰੁਸ਼ਨਾਇਆ ਜਾਵੇਗਾ ਅਤੇ ਰਵਾਇਤੀ ਦੀਪਮਾਲਾ ਵੀ ਕੀਤੀ ਜਾਵੇਗੀ।
ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸਖਤ ਸੁਰੱਖਿਆ ਪ੍ਰਬੰਧ
ਦੀਵਾਲੀ ਮੌਕੇ ਪੰਜਾਬ ਵਿੱਚ ਅਤਿਵਾਦੀ ਕਾਰਵਾਈ ਦੀ ਸੰਭਾਵਨਾ ਨੂੰ ਦੇਖਦਿਆਂ ਪੁਲੀਸ ਨੇ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲੀਸ ਦੇ ਨਾਲ ਨੀਮ ਫੌਜੀ ਬਲ ਵੀ ਤਾਇਨਾਤ ਕੀਤੇ ਗਏ ਹਨ। ਚਿਟਕੱਪੜੀਏ ਪੁਲੀਸ ਵਾਲੇ ਵੀ ਸਥਿਤੀ ’ਤੇ ਨਿਗਾਹ ਰੱਖ ਰਹੇ ਹਨ। ਆਉਣ ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕੀਤੀ ਗਈ ਹੈ। ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਵੱਲੋਂ ਪਾਕਿਸਤਾਨੀ ਰੇਂਜਰਾਂ ਨੂੰ ਦੀਵਾਲੀ ਦੀ ਵਧਾਈ ਵਜੋਂ ਮਿਠਾਈ ਤੇ ਫਲ ਦਾ ਟੋਕਰਾ ਦਿੱਤਾ ਜਾਵੇਗਾ।