ਚੰਡੀਗੜ੍ਹ (ਸਮਾਜਵੀਕਲੀ): ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁਫ਼ਤ ਬਿਜਲੀ ਦੀ ਸਹੂਲਤ ਖ਼ਤਮ ਕੀਤੀ ਗਈ ਤਾਂ ਦਲ ਵੱਲੋਂ ਜਨ ਅੰਦੋਲਨ ਵਿੱਢਿਆ ਜਾਵੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਮੁਫ਼ਤ ਬਿਜਲੀ ਬਾਰੇ ਸੰਭਾਵੀ ਫ਼ੈਸਲੇ ਅਤੇ ਸੂਬੇ ਦੇ ਹੋਰਨਾਂ ਮੁੱਦਿਆਂ ’ਤੇ ਪਾਰਟੀ ਨੇ ਚਰਚਾ ਕੀਤੀ।
ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪਾਸ ਕੀਤੇ ਇੱਕ ਮਤੇ ਵਿੱਚ ਐਲਾਨ ਕੀਤਾ ਗਿਆ ਕਿ ਜੇਕਰ ਕਾਂਗਰਸ ਸਰਕਾਰ ਨਗਦ ਸਬਸਿਡੀ ਦੇਣ ਦਾ ਢਕਵੰਜ ਕਰਕੇ ਚੋਰ ਦਰਵਾਜ਼ੇ ਰਾਹੀਂ ਮੁਫਤ ਬਿਜਲੀ ਦੀ ਸਹੂਲਤ ਖ਼ਤਮ ਕਰਨ ਦਾ ਫ਼ੈਸਲਾ ਕਿਸਾਨਾਂ ’ਤੇ ਥੋਪਣ ਦੀ ਕੋਸ਼ਿਸ਼ ਕਰਦੀ ਹੈ ਤਾਂ ਅਕਾਲੀ ਦਲ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ।
ਅਕਾਲੀ ਦਲ ਦਾ ਕਹਿਣਾ ਹੈ ਕਿ ਮੰਤਰੀ ਮੰਡਲ ਦੇ ਫ਼ੈਸਲੇ ਬਾਰੇ ਕਾਂਗਰਸ ਸਰਕਾਰ ਦੇ ਮੰਤਰੀਆਂ ਨੇ ਵੀ ਪੁਸ਼ਟੀ ਕੀਤੀ ਸੀ ਪਰ ਇਸ ਦਾ ਦੋਸ਼ ਕੇਂਦਰ ਸਰਕਾਰ ’ਤੇ ਮੜ੍ਹਿਆ ਜਾ ਰਿਹਾ ਹੈ। ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਮਾਨਸਿਕਤਾ ਹੀ ਲੋਕ-ਵਿਰੋਧੀ ਅਤੇ ਕਿਸਾਨ-ਵਿਰੋਧੀ ਹੈ। ਉਹ ਹਮੇਸ਼ਾ ਗਰੀਬਾਂ ਉੱਤੇ ਟੈਕਸ ਲਾਉਣ ਅਤੇ ਕਿਸਾਨਾਂ ਦੀਆਂ ਬੰਬੀਆਂ ਦੇ ਬਿਜਲੀ ਦੇ ਬਿਲ ਸ਼ੁਰੂ ਕਰਨ ਦੇ ਬਹਾਨੇ ਲੱਭਦੇ ਰਹੇ ਹਨ।
ਬੀਜ ਘੁਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਦੇ ਦੋਸ਼ ਲਾਉਂਦਿਆਂ ਅਕਾਲੀ ਦਲ ਨੇ ਕਿਹਾ ਕਿ ਘੁਟਾਲੇ ਦੇ ਮੁੱਖ ਦੋਸ਼ੀ ਬਰਾੜ ਸੀਡਜ਼ ਅਤੇ ਕਰਨਾਲ ਐਗਰੀ ਸੀਡਜ਼ ਖ਼ਿਲਾਫ ਐੱਫਆਈਆਰ ਦਰਜ ਕਰਨ ਦੇ ਸਰਕਾਰੀ ਤਮਾਸ਼ੇ ਦੇ ਬਾਵਜੂਦ ਦੋਵੇਂ ਪਹਿਲਾਂ ਵਾਂਗ ਕੰਮ ਕਰ ਰਹੇ ਹਨ। ਕੋਰ ਕਮੇਟੀ ਨੇ ਕਿਹਾ ਕਿ ਸਿਰਫ ਸੀਬੀਆਈ ਜਾਂਚ ਲਈ ਇਹ ਕੇਸ ਦਾ ਅਸਲੀ ਸੱਚ ਸਾਹਮਣੇ ਲਿਆ ਸਕਦੀ ਹੈ। ਕਮੇਟੀ ਨੇ ਦੋਸ਼ੀਆਂ ਦੀ ਹਿਰਾਸਤੀ ਪੁੱਛਗਿੱਛ ਦੀ ਵੀ ਮੰਗ ਕੀਤੀ।
ਅਕਾਲੀ ਦਲ ਕੋਰ ਕਮੇਟੀ ਨੇ ਕਾਂਗਰਸ ਸਰਕਾਰ ’ਤੇ ਸ਼ਰਾਬ ਮਾਫੀਆ ਨਾਲ ਮਿਲੀਭੁਗਤ ਕਰਕੇ ਪੰਜਾਬ ਨੂੰ 5600 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੀ ਸੱਚਾਈ ਸੁਤੰਤਰ ਜਾਂਚ ਹੀ ਸੱਚ ਸਾਹਮਣੇ ਲਿਆ ਸਕਦੀ ਹੈ। ਕੋਰ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ 1.4 ਕਰੋੜ ਪੰਜਾਬੀਆਂ ਲਈ ਭੇਜੀ ਖੁਰਾਕ ਸਮੱਗਰੀ ਦੇ ਹੋਏ ਗਬਨ ਦੀ ਵੀ ਜਾਂਚ ਦੀ ਮੰਗ ਕੀਤੀ। ਕੋਰ ਕਮੇਟੀ ਨੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ 70 ਫੀਸਦੀ ਵਾਧਾ ਕਰਨ ਲਈ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।
ਇਸ ਮੀਟਿੰਗ ’ਚ ਜਥੇਦਾਰ ਤੋਤਾ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ ਅਤੇ ਬਲਦੇਵ ਸਿੰਘ ਮਾਨ ਨੇ ਹਿੱਸਾ ਲਿਆ।