ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਮੁਹਾਲੀ ਦੇ ਵਸਨੀਕ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ ਫਿਲਹਾਲ ਆਰਜ਼ੀ ਰੋਕ ਲਗਾ ਦਿੱਤੀ ਹੈ ਅਤੇ ਸੈਣੀ ਨੂੰ ਪੁਲੀਸ ਜਾਂਚ ਵਿੱਚ ਸਹਿਯੋਗ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿੱਚ ਜੁਆਬ ਦਾਖਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐੱਮਆਰ ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਅੱਜ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕੀਤੀ। ਕਰੋਨਾ ਮਹਾਮਾਰੀ ਪ੍ਰਕੋਪ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਸੈਣੀ ਦੀ ਪਟੀਸ਼ਨ ’ਤੇ ਸੁਣਵਾਈ ਹੋਈ।
ਸੁਮੇਧ ਸੈਣੀ ਦੀ ਤਰਫੋਂ ਬਹਿਸ ਵਿੱਚ ਹਿੱਸਾ ਲੈਂਦਿਆਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਚੋਟੀ ਦੀ ਅਦਾਲਤ ਨੂੰ ਦੱਸਿਆ ਕਿ ‘ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਸੈਣੀ ਨੂੰ ਇਕ ਜ਼ਾਬਾਜ਼ ਅਤੇ ਮਿਹਨਤੀ ਅਫ਼ਸਰ ਸਨ। ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਕਿ ਮੁਲਤਾਨੀ ਇੱਕ ਕੇਸ ਵਿੱਚ ਭਗੌੜਾ ਅਪਰਾਧੀ ਸੀ।
ਦੂਜੇ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ਸੈਣੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲਾਂ ਦਿੱਤੀਆਂ ਗਈਆਂ। ਸਿਖਰਲੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਲਹਾਲ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਂਦਿਆਂ ਸੈਣੀ ਨੂੰ ਪੁਲੀਸ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ।