ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ) : ਮੁਹਾਲੀ ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਕੇਸ ’ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਲੇ ਹੁਕਮਾਂ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਅੱਜ ਜਿਵੇਂ ਹੀ ਮੁਹਾਲੀ ਪੁਲੀਸ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਘਰ, ਫਾਰਮ ਹਾਊਸ ਸਮੇਤ ਹੋਰ ਟਿਕਾਣਿਆਂ ਉੱਤੇ ਛਾਪੇ ਮਾਰਨੇ ਸ਼ੁਰੂ ਕੀਤੇ ਤਾਂ ਸੈਣੀ ਮੁੜ ਅਦਾਲਤ ਦੀ ਸ਼ਰਨ ਵਿੱਚ ਪਹੁੰਚ ਗਏ।
ਸੈਣੀ ਨੇ ਆਪਣੇ ਵਕੀਲ ਏ ਪੀ ਐੱਸ ਦਿਉਲ ਰਾਹੀਂ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀ ਦਾਇਰ ਕਰ ਕੇ ਕੱਲ ਜਾਰੀ ਕੀਤੇ ਗਏ ਹੁਕਮਾਂ ਬਾਰੇ ਸਥਿਤੀ ਸਪੱਸ਼ਟ ਕਰਨ ਅਤੇ ਇਨਸਾਫ਼ ਦੀ ਬੇਨਤੀ ਕਰਦਿਆਂ ਪੰਜਾਬ ਸਰਕਾਰ ’ਤੇ ਅਦਾਲਤੀ ਕਾਰਵਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ। ਅਦਾਲਤ ਨੇ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਗਲੇ ਹੁਕਮਾਂ ਤੱਕ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ। ਸ੍ਰੀ ਦਿਉਲ ਨੇ ਦੱਸਿਆ ਕਿ ਜਦੋਂ ਤੱਕ ਧਾਰਾ 302 ਵਿੱਚ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਨਿਬੇੜਾ ਨਹੀਂ ਹੋ ਜਾਂਦਾ ਉਦੋਂ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਆਰਜ਼ੀ ਰੋਕ ਬਰਕਰਾਰ ਰਹੇਗੀ। ਇਸ ਸਬੰਧੀ ਅਗਲੀ ਸੁਣਵਾਈ 1 ਸਤੰਬਰ ਨੂੰ ਹੋਵੇਗੀ।
ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਅਦਾਲਤ ਦੇ ਤਾਜ਼ਾ ਫ਼ੈਸਲੇ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਦਾਲਤ ਨੇ ਸਟੇਟ ਅਤੇ ਪੀੜਤ ਪਰਿਵਾਰ ਦਾ ਪੱਖ ਸੁਣੇ ਬਿਨਾਂ ਹੀ ਸਾਬਕਾ ਡੀਜੀਪੀ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸੈਣੀ ਨੂੰ ਗ੍ਰਿਫ਼ਤਾਰ ਕਰ ਕੇ ਪੁਲੀਸ ਹਿਰਾਸਤ ਵਿੱਚ ਪੁੱਛ-ਗਿੱਛ ਹੋਣੀ ਚਾਹੀਦੀ ਹੈ। ਉਨ੍ਹਾਂ ਆਪਣੀ ਅਰਜ਼ੀ ਵਿੱਚ 16 ਸਵਾਲ ਪੁੱਛਣ ਦਾ ਵੇਰਵਾ ਵੀ ਦਿੱਤਾ ਹੈ।
ਉਧਰ, ਮੁਹਾਲੀ ਪੁਲੀਸ ਅਤੇ ਸਿੱਟ ਦੀ ਟੀਮ ਨੇ ਸਾਂਝੇ ਤੌਰ ’ਤੇ ਸ਼ੁੱਕਰਵਾਰ ਸਵੇਰੇ ਹੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੇ ਸੈਕਟਰ-20 ਸਥਿਤ ਘਰ ਸਮੇਤ ਹੋਰ ਥਾਵਾਂ ’ਤੇ ਛਾਪੇ ਮਾਰੇ ਪਰ ਪੁਲੀਸ ਨੂੰ ਸੈਣੀ ਕਿਤੇ ਵੀ ਨਹੀਂ ਮਿਲਿਆ। ਸੂਤਰਾਂ ਮੁਤਾਬਕ ਘਰ ਦੇ ਬਾਹਰ ਤਾਇਨਾਤ ਸੁਰੱਖਿਆ ਅਮਲੇ ਨੇ ਪੁਲੀਸ ਨੂੰ ਦੱਸਿਆ ਕਿ ਸੈਣੀ ਘਰ ਨਹੀਂ ਹੈ। ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੇ ਨੇੜੇ ਸੁਮੇਧ ਸੈਣੀ ਦੇ ਫਾਰਮ ਹਾਊਸ ਵਿੱਚ ਵੀ ਪੁਲੀਸ ਪਾਰਟੀ ਨੇ ਛਾਪਾ ਮਾਰਿਆ ਪਰ ਉਥੇ ਵੀ ਸੈਣੀ ਨਹੀਂ ਮਿਲਿਆ। ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਦੋਸ਼ ਲਾਇਆ ਕਿ ਸੈਣੀ ਨੇ ਗਾਇਬ ਹੋ ਕੇ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੈਣੀ ਖ਼ੁਦ ਨੂੰ ਦਲੇਰ ਅਫ਼ਸਰ ਮੰਨਦਾ ਹੈ ਤਾਂ ਉਹ ਪੁਲੀਸ ਜਾਂਚ ਦਾ ਸਾਹਮਣਾ ਕਰਨ ਅਤੇ ਗ੍ਰਿਫ਼ਤਾਰੀ ਦੇ ਡਰ ਤੋਂ ਕਿਉਂ ਭੱਜ ਰਿਹਾ ਹੈ।