ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ) : ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਹੈ। ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪਰ ਬੀਤੇ ਦਿਨੀਂ ਉਨ੍ਹਾਂ ਨੇ ਅਚਾਨਕ ਸਾਬਕਾ ਪੁਲੀਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ।
ਉਧਰ, ਹੁਣ ਸੈਣੀ ਦੀ ਗ੍ਰਿਫ਼ਤਾਰੀ ਸਬੰਧੀ ਮੁਹਾਲੀ ਪੁਲੀਸ ਦੀ ਕਾਰਵਾਈ ’ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਪੁਲੀਸ ਵੱਲੋਂ ਟੀਮਾਂ ਬਣਾ ਕੇ ਸੈਣੀ ਦੀ ਭਾਲ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇ ਮਾਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਆਲੋਚਕਾਂ ਨੇ ਪੁਲੀਸ ਦੀ ਇਸ ਕਾਰਵਾਈ ਨੂੰ ਮਹਿਜ਼ ਡਰਾਮੇਬਾਜ਼ੀ ਦੱਸਿਆ ਹੈ। ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਸਰਕਾਰੀ ਅਤਿਆਚਾਰ ਤੇ ਭ੍ਰਿਸ਼ਟਾਚਾਰੀ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਸੈਣੀ ਦੀ ਗ੍ਰਿਫ਼ਤਾਰੀ ਲਈ ਠੋਸ ਕਾਰਵਾਈ ਨਹੀਂ ਹੋ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਐੱਸਜੀਪੀਸੀ ਦੇ ਸਾਬਕਾ ਮੈਂਬਰ ਮੱਖਣ ਸਿੰਘ ਨੰਗਲ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਜੇ ਪੁਲੀਸ ਚਾਹੁੰਦੀ ਤਾਂ ਸੈਣੀ ਆਪਣੀ ਰਿਹਾਇਸ਼ ਤੋਂ ਭੱਜ ਨਹੀਂ ਸਕਦਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਡੀਜੀਪੀ ਜ਼ੈੱਡ ਪਲੱਸ ਸੁਰੱਖਿਆ ਛੱਡ ਕੇ ਭੇਤ-ਭਰੀ ਹਾਲਤ ਵਿੱਚ ਰੂਪੋਸ਼ ਹੋ ਗਏ ਹਨ ਜਦੋਂਕਿ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਮਹਿਸੂਸ ਕਰਦੇ ਹੋਏ ਸੁਰੱਖਿਆ ਮੁਹੱਈਆ ਕਰਵਾਈ ਸੀ।