ਮੁਲਤਾਨੀ ਕੇਸ: ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲੀ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ) : ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿਚ ਗਾਇਬ ਕਰਨ ਦੇ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਣਵਾਈ ਟਲ ਗਈ ਹੈ। ਬੀਤੀ 11 ਮਈ ਨੂੰ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ ਅਤੇ ਆਦੇਸ਼ ਦਿੱਤਾ ਸੀ ਕਿ ਉਹ ਪੁਲੀਸ ਜਾਂਚ ਵਿਚ ਸ਼ਾਮਲ ਹੋਣਗੇ ਅਤੇ ਅਦਾਲਤ ਨੂੰ ਦੱਸੇ ਬਿਨਾਂ ਘਰ ਤੋਂ ਬਾਹਰ ਨਹੀਂ ਜਾਣਗੇ।

ਸਰਕਾਰੀ ਵਕੀਲ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਪਿਛਲੇ ਸਮੇਂ ਦੌਰਾਨ ਅਦਾਲਤ ਅਤੇ ਸਿਟ ਨੂੰ ਕੁਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ। ਅੱਜ ਮੁਹਾਲੀ ਅਦਾਲਤ ਵਿਚ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਸੈਣੀ ਦੇ ਵਕੀਲ ਐੱਚਐੱਸ ਧਨੋਆ ਨੇ ਨਾ ਤਾਂ ਵਕਾਲਤਨਾਮਾ ਦਾਇਰ ਕੀਤਾ ਅਤੇ ਨਾ ਹੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਲਗਾਏ ਇਤਰਾਜ਼ਾਂ ਬਾਰੇ ਲਿਖਤੀ ਪੱਖ ਰੱਖਿਆ, ਸਗੋਂ ਕਾਰਵਾਈ ਲਈ ਅਦਾਲਤ ਤੋਂ ਹੋਰ ਸਮੇਂ ਦੀ ਮੋਹਲਤ ਮੰਗੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ ਲਈ 19 ਨਵੰਬਰ ਦਾ ਦਿਨ ਨਿਰਧਾਰਤ ਕੀਤਾ ਹੈ।

ਉਧਰ, ਸੁਮੇਧ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿਚ ਦਰਜ ਐੱਫ਼ਆਈਆਰ ਰੱਦ ਕਰਨ ਅਤੇ ਉਸ ਨੂੰ ਪੱਕੀ ਜ਼ਮਾਨਤ ਬਾਰੇ ਮਾਮਲੇ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹਨ। ਇਨ੍ਹਾਂ ਦੋਵਾਂ ਪਟੀਸ਼ਨਾਂ ’ਤੇ ਭਲਕੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ।

Previous articleਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼
Next articleਜੰਮੂ ਕਸ਼ਮੀਰ ’ਚ ਹੁਣ ਕੋਈ ਵੀ ਖ਼ਰੀਦ ਸਕੇਗਾ ਜ਼ਮੀਨ