ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ) : ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਹੁਣ ਮੁਹਾਲੀ ਅਦਾਲਤ ਵੱਲੋਂ ਪੰਜਾਬ ਪੁਲੀਸ ਦੀ ਅਪੀਲ ’ਤੇ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅੱਜ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਉਪ ਜ਼ਿਲ੍ਹਾ ਅਟਾਰਨੀ ਮਨਜੀਤ ਸਿੰਘ ਰਾਹੀਂ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ (ਫਸਟ ਕਲਾਸ) ਰਵਤੇਸ ਇੰਦਰਜੀਤ ਸਿੰਘ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਕੇ ਸਾਬਕਾ ਡੀਜੀਪੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ।
ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਸੁਮੇਧ ਸੈਣੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਮੁਹਾਲੀ ਦੇ ਮਟੌਰ ਥਾਣਾ ਦੇ ਐੱਸਐੱਚਓ ਨੂੰ ਹੁਕਮ ਦਿੱਤੇ ਕਿ 25 ਸਤੰਬਰ ਤੱਕ ਮੁਲਜ਼ਮ ਸੈਣੀ ਨੂੰ ਗ੍ਰਿਫ਼ਤਾਰ ਕਰ ਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਸੁਣਵਾਈ ਦੌਰਾਨ ਸਿੱਟ ਦੇ ਮੁਖੀ ਹਰਮਨਦੀਪ ਸਿੰਘ ਹਾਂਸ, ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਮਟੌਰ ਥਾਣੇ ਦੇ ਕਾਰਜਕਾਰੀ ਐੱਸਐੱਚਓ ਜੈਦੀਪ ਜਾਖੜ ਵੀ ਮੌਜੂਦ ਸਨ।
ਸਿੱਟ ਨੇ ਅਦਾਲਤ ਨੂੰ ਦੱਸਿਆ ਕਿ ਬੀਤੀ 6 ਮਈ ਨੂੰ ਸੁਮੇਧ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿੱਚ ਅਪਰਾਧਿਕ ਕੇਸ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਸੀ ਪ੍ਰੰਤੂ ਬਾਅਦ ਵਿੱਚ ਉਸ ਨੇ ਜ਼ਮਾਨਤ ਹਾਸਲ ਕਰ ਲਈ ਸੀ। ਵਾਅਦਾਮੁਆਫ਼ ਗਵਾਹ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਤੋਂ ਬਾਅਦ ਵਿਸ਼ੇਸ਼ ਅਦਾਲਤ ਦੇ ਹੁਕਮਾਂ ’ਤੇ ਸੈਣੀ ਖ਼ਿਲਾਫ਼ ਧਾਰਾ 302 ਵੀ ਜੋੜੀ ਗਈ ਸੀ। ਇਸ ਸਬੰਧੀ ਜ਼ਿਲ੍ਹਾ ਅਦਾਲਤ ਅਤੇ ਹਾਈ ਕੋਰਟ ਵੱਲੋਂ ਮੁਲਜ਼ਮ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾ ਚੁੱਕੀ ਹੈ।
ਮੁਹਾਲੀ ਪੁਲੀਸ ਵੱਲੋਂ ਮੁਲਜ਼ਮ ਦੀ ਭਾਲ ਵਿੱਚ ਉਸ ਦੇ ਜੱਦੀ ਪਿੰਡ ਖੁੱਡਾ ਕਰਾਲਾ (ਹੁਸ਼ਿਆਰਪੁਰ), ਸੋਹਾਣਾ ਸਮੇਤ ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਦੇ ਮੰਡੀ ਅਤੇ ਜੰਮੂ-ਕਸ਼ਮੀਰ ਆਦਿ ਇਲਾਕਿਆਂ ਵਿੱਚ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ ਪਰ ਹੁਣ ਤੱਕ ਉਹ ਪੁਲੀਸ ਦੇ ਹੱਥ ਨਹੀਂ ਲੱਗਿਆ ਹੈ ਅਤੇ ਨਾ ਹੀ ਉਸ ਨੇ ਆਤਮ ਸਮਰਪਣ ਕੀਤਾ ਹੈ। ਊਨ੍ਹਾਂ ਕਿਹਾ ਕਿ ਮੁਲਜ਼ਮ ਦੇ ਕਾਰੋਬਾਰੀ ਦੋਸਤ ਦੇ ਘਰ ਅਤੇ ਹੋਰਨਾਂ ਟਿਕਾਣਿਆਂ ’ਤੇ ਵੀ ਛਾਪੇ ਮਾਰੇ ਗਏ ਹਨ ਪ੍ਰੰਤੂ ਹੁਣ ਤੱਕ ਉਸ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ। ਲਿਹਾਜ਼ਾ ਮੁਲਜ਼ਮ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ। ਇਸ ਮਗਰੋਂ ਅਦਾਲਤ ਨੇ ਸਾਬਕਾ ਪੁਲੀਸ ਮੁਖੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ।
ਅਦਾਲਤ ਵੱਲੋਂ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰਨ ਤੋਂ ਬਾਅਦ ਉਹ ਆਪਣੀ ਜ਼ੈੱਡ ਪਲੱਸ ਸੁਰੱਖਿਆ ਛੱਡ ਕੇ ਅਚਾਨਕ ਰੂਪੋਸ਼ ਹੋ ਗਏ ਹਨ। ਹਾਲਾਂਕਿ ਬੀਤੇ ਦਿਨੀਂ ਸਾਬਕਾ ਡੀਜੀਪੀ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ ਪ੍ਰੰਤੂ ਸ਼ੁੱਕਰਵਾਰ ਨੂੰ ਦੇਸ਼ ਦੀ ਸਿਖਰਲੀ ਅਦਾਲਤ ਨੇ ਪਟੀਸ਼ਨ ਵਿੱਚ ਵੱਡੇ ਪੱਧਰ ’ਤੇ ਤਰੁੱਟੀਆਂ ਹੋਣ ਕਾਰਨ ਫਾਈਲ ਵਾਪਸ ਮੋੜ ਦਿੱਤੀ।
ਦੱਸਿਆ ਗਿਆ ਹੈ ਕਿ ਸਾਬਕਾ ਪੁਲੀਸ ਅਧਿਕਾਰੀ ਦੀ ਅਗਾਊਂ ਜ਼ਮਾਨਤ ਅਰਜ਼ੀ ਨਾਲ ਨੱਥੀ ਹਲਫ਼ਨਾਮਾ ਕਿਸੇ ਸਮਰੱਥ ਅਧਿਕਾਰੀ ਵੱਲੋਂ ਤਸਦੀਕ ਨਹੀਂ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਹੋਰ ਵੀ ਕਈ ਊਣਤਾਈਆਂ ਅਤੇ ਤਰੁੱਟੀਆਂ ਹਨ। ਅੱਜ ਵੀ ਪੁਲੀਸ ਟੀਮਾਂ ਨੇ ਕਾਫੀ ਥਾਵਾਂ ’ਤੇ ਛਾਪੇ ਮਾਰੇ ਪਰ ਸੈਣੀ ਬਾਰੇ ਪੁਲੀਸ ਨੂੰ ਕੋਈ ਉੱਘ-ਸੁੱਘ ਨਹੀਂ ਮਿਲੀ ਹੈ।
ਸਾਬਕਾ ਡੀਜੀਪੀ ਦਾ ਫੋਨ ਵੀ ਬੰਦ ਆ ਰਿਹਾ ਹੈ। ਸਿੱਟ ਦੇ ਇਕ ਮੈਂਬਰ ਨੇ ਕਿਹਾ ਕਿ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਹੁਣ ਕੋਈ ਆਮ ਨਾਗਰਿਕ ਵੀ ਮੁਲਜ਼ਮ ਨੂੰ ਫੜ ਕੇ ਪੁਲੀਸ ਜਾਂ ਅਦਾਲਤ ਦੇ ਹਵਾਲੇ ਕਰ ਸਕਦਾ ਹੈ। ਪੁਲੀਸ ਨੇ ਲੋਕਾਂ ਤੋਂ ਵੀ ਸਹਿਯੋਗ ਦੀ ਮੰਗ ਕਰਦਿਆਂ ਸੈਣੀ ਦੇ ਟਿਕਾਣੇ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਹੈ।