ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪੰਜਾਬੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸਾਂਝੀਵਾਲਤਾ ਤੇ ਖੁਸ਼ੀਆਂ ਦਾ ਪ੍ਰਤੀਕ ਹੈ ਤੇ ਸਭਨਾਂ ਨੂੰ ਮਿਲ ਕੇ ਮਨਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ ਵੀ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਸਿੱਖਾਂ ਲਈ ਵੀ ਵਿਸ਼ੇਸ਼ ਅਹਿਮੀਅਤ ਵਾਲਾ ਹੈ ਕਿਉਂਕਿ ਇਸ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ’ਚੋਂ ਮੁਕਤ ਕਰਵਾ ਕੇ ਲਿਆਏ ਸਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭ ਲਈ ਖੁਸ਼ੀਆਂ, ਤਰੱਕੀ ਅਤੇ ਖੁਸ਼ਹਾਲੀ ਲਿਆਵੇ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਸਾਨੂੰ ਸਭ ਨੂੰ ਸਾਰਥਕ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਲਈ ਪਟਾਖਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਮੂਹ ਭਾਰਤੀਆਂ ਖਾਸ ਤੌਰ ’ਤੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ‘ਗਰੀਨ ਦਿਵਾਲੀ’ ਮਨਾਉਣ ਦੀ ਅਪੀਲ ਕੀਤੀ ਹੈ। ਸਪੀਕਰ ਨੇ ਕਿਹਾ ਕਿ ਇਹ ਇਤਿਹਾਸਕ ਮਹੱਤਤਾ ਵਾਲਾ ਦਿਨ ਸਾਨੂੰ ਮਿਲ-ਜੁਲ ਕੇ, ਸ਼ਾਂਤੀ ਅਤੇ ਆਪਸੀ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ।
INDIA ਮੁੱਖ ਮੰਤਰੀ ਤੇ ਸਪੀਕਰ ਵੱਲੋਂ ਦੀਵਾਲੀ ਦੀ ਵਧਾਈ