ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਗ੍ਰਹਿ ਜ਼ਿਲ੍ਹੇ ਵਿਚ ਵਿਧਾਇਕਾਂ ਦੀ ਨਾਰਾਜ਼ਗੀ ਵਧਦੀ ਜਾ ਰਹੀ ਹੈ। ਪਟਿਆਲਾ ਜ਼ਿਲ੍ਹੇ ਦੇ ਸੱਤ ਕਾਂਗਰਸੀ ਵਿਧਾਇਕਾਂ ਵਿਚੋਂ ਚਾਰ ਸਰਕਾਰ ਵਿਰੁੱਧ ਹੋ ਗਏ ਹਨ।
ਸੋਮਵਾਰ ਨੂੰ ਸ਼ੁਤਰਾਣਾ ਦੇ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਨੇ ਦੋਸ਼ ਲਾਇਆ ਹੈ, ‘ਅਫਸਰਸ਼ਾਹੀ ਕਾਂਗਰਸ ਸਰਕਾਰ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ। ਸਰਕਾਰ ਸੁੱਤੀ ਪਈ ਹੈ।’ ਨਿਰਮਲ ਸਿੰਘ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਨੇ ਇੱਥੋਂ ਤਕ ਕਹਿ ਦਿੱਤਾ ਕਿ ਅਫਸਰਸ਼ਾਹੀ ਇਕ ਵਿਧਾਇਕ ਦੀ ਔਕਾਤ ਪੰਜ ਹਜ਼ਾਰ ਰੁਪਏ ਮਿਥਦੀ ਹੈ। ਉਨ੍ਹਾਂ ਨੇ ਸਰਕਾਰ ਨੂੰ ਇਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ। ਜੇ ਇਸ ਦੌਰਾਨ ਉਨ੍ਹਾਂ ਦੇ ਹਲਕੇ ਦੇ ਪ੍ਰਾਜੈਕਟ ਸਿਰੇ ਨਹੀਂ ਚੜ੍ਹਦੇ ਤਾਂ ਉਹ ਮੁੱਖ ਮੰਤਰੀ ਦੇ ਦਫ਼ਤਰ ਬਾਹਰ ਧਰਨਾ ਦੇਣਗੇ।