ਦੂਰਬੀਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ;
9 ਨਵੰਬਰ ਤੱਕ ਕੰਮ ਮੁਕੰਮਲ ਹੋਣ ਦਾ ਕੀਤਾ ਦਾਅਵਾ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆਖਿਆ ਕਿ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਸ਼ੁਰੂ ਹੋਣ ਜਾ ਰਿਹਾ ਹੈ ਤੇ ਉਦੋਂ ਤਕ ਰਹਿੰਦੀ ਛੋਟੀ ਮੋਟੀ ਘਾਟ ਪੂਰੀ ਕਰ ਲਈ ਜਾਵੇਗੀ। ਇਸ ਮੌਕੇ ਲੈਂਡ ਪੋਰਟ ਅਥਾਰਿਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਚੱਲ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੁਝ ਕੰਮ ਲਾਂਘਾ ਸ਼ੁਰੂ ਹੋਣ ਉਪਰੰਤ ਵੀ ਚੱਲਦੇ ਰਹਿਣਗੇ।
ਲਗਪਗ ਸਵਾ ਮਹੀਨੇ ਬਾਅਦ ਡੇਰਾ ਬਾਬਾ ਨਾਨਕ ਪੁੱਜੇ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਜ਼ੀਰੋ ਲਾਈਨ ਉੱਪਰ ਕਰਤਾਰਪੁਰ ਲਾਂਘੇ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਜੋ 9 ਨਵੰਬਰ ਨੂੰ ਸ਼ਰਧਾਲੂਆਂ ਲਈ ਖੁੱਲ੍ਹ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸਾਰੇ ਕੰਮ ਮੁਕੰਮਲ ਕਰ ਲਏ ਗਏ ਹਨ। ਕੇਂਦਰ ਸਰਕਾਰ ਦੀ ਨਿਗਰਾਨੀ ਹੇਠ ਲੈਂਡ ਪੋਰਟ ਅਥਾਰਿਟੀ ਦਾ ਇੰਟੈਗਰੇਟਿਡ ਚੈੱਕ ਪੋਸਟ ਦਾ ਕੰਮ ਹੀ ਚੱਲ ਰਿਹਾ ਹੈ ਜੋ 9 ਨਵੰਬਰ ਤੱਕ ਮੁਕੰਮਲ ਹੋ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਅਤੇ ਹੋਰ ਕੈਬਨਿਟ ਮੰਤਰੀ ਕੰਡਿਆਲੀ ਤਾਰ ਕੋਲ ਧੁੱਸੀ ਬੰਨ੍ਹ ’ਤੇ ਗਏ, ਜਿੱਥੇ ਉਨ੍ਹਾਂ ਨੇ ਦੂਰਬੀਨ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਇਸੇ ਦੌਰਾਨ ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਕਾਸ ਬੋਰਡ ਦੀ ਮੀਟਿੰਗ ਲਈ ਅਤੇ ਚੱਲਦੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਮੰਤਰੀ ਸ੍ਰੀ ਰੰਧਾਵਾ ਨੇ ਇੱਥੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। ਕੱਲ ਕੈਬਨਿਟ ਮੰਤਰੀ ਸ੍ਰੀ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਸੀ ਕਿ ਕੁਝ ਕੰਮ ਲਾਂਘਾ ਸ਼ੁਰੂ ਹੋਣ ਤੋਂ ਬਾਅਦ ਵੀ ਚੱਲਦੇ ਰਹਿਣਗੇ।
ਦੱਸਣਯੋਗ ਹੈ ਕਿ ਵੱਖ ਵੱਖ ਰਾਜਸੀ ਆਗੂਆਂ ਅਤੇ ਕੇਂਦਰ ਤੋਂ ਆਏ ਉੱਚ ਅਧਿਕਾਰੀਆਂ ਵੱਲੋਂ ਕਰਤਾਰਪੁਰ ਲਾਂਘੇ ਦਾ ਕੰਮ 31 ਅਕਤੂਬਰ ਤੱਕ ਮੁਕੰਮਲ ਹੋ ਜਾਣ ਦੇ ਦਾਅਵੇ ਕੀਤੇ ਜਾ ਰਹੇ ਸਨ।