ਮੁੱਖ ਮੰਤਰੀ ਨੇ ਭਲਾਈ ਸਕੀਮਾਂ ਦਾ ਪਿਟਾਰਾ ਖੋਲ੍ਹਿਆ

ਚੰਡੀਗੜ੍ਹ (ਸਮਾਜ ਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਲਾਈ ਸਕੀਮਾਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ, ਜਿਸ ਤਹਿਤ ਪੰਜਾਬ ਵਿੱਚ ਹਾਈ ਸਕੂਲਾਂ ਅਤੇ ਕਾਲਜਾਂ ਦੀਆਂ ਵਿਦਿਆਰਥਣਾਂ ਲਈ ਮੁਫ਼ਤ ਸੈਨੇਟਰੀ ਪੈਡਜ਼ ਸਮੇਤ ਕਈ ਵੱਡੇ ਭਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਹੋਣੀ ਹੈ। ਮੁੱਖ ਮੰਤਰੀ ਨੇ ਹਜ਼ਾਰਾਂ ਝੁੱਗੀ-ਝੌਂਪੜੀ ਵਾਲਿਆਂ ਦੇ ਘਰ ਬਣਾਉਣ ਦੇ ਸੁਪਨੇ ਨੂੰ ਅਮਲੀ ਰੂਪ ਦਿੱਤੇ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ ਅਤੇ 75.64 ਕਰੋੜ ਰੁਪਏ ਦੀ ਲਾਗਤ ਵਾਲੇ ਸਮਾਰਟ ਮੀਟਰਿੰਗ ਪ੍ਰਾਜੈਕਟ ’ਤੇ ਉਪਭੋਗਤਾਵਾਂ ਵੱਲੋਂ ਈ-ਫਾਈਲਿੰਗ ਰਾਹੀਂ ਸ਼ਿਕਾਇਤਾਂ ਦਾਇਰ ਕਰਨ ਲਈ ਈ-ਦਾਖ਼ਲ ਪੋਰਟਲ ਦੀ ਸ਼ੁਰੂਆਤ ਵੀ ਕੀਤੀ ਹੈ।

ਮੁੱਖ ਮੰਤਰੀ ਵੱਲੋਂ ਵਰਚੁਅਲ ਢੰਗ ਨਾਲ ਸ਼ੁਰੂ ਕੀਤੀਆਂ ਗਈਆਂ ਦੋ ਹੋਰ ਸਕੀਮਾਂ ਤਹਿਤ ਜਨਵਰੀ ਮਹੀਨੇ ਨੂੰ ‘ਧੀਆਂ ਦੀ ਲੋਹੜੀ’ ਨੂੰ ਸਮਰਪਿਤ ਕਰਨ ਤੋਂ ਇਲਾਵਾ ਨੌਜਵਾਨਾਂ ਲਈ 2500 ਖੇਡ ਕਿੱਟਾਂ ਦੀ ਵੰਡ ਦਾ ਰਾਹ ਵੀ ਪੱਧਰਾ ਕੀਤਾ ਗਿਆ ਹੈ। ਧੀਆਂ ਦੀ ਲੋਹੜੀ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਸੰਕੇਤਕ ਰੂਪ ’ਚ ਪੰਜ ਬੱਚੀਆਂ ਨੂੰ 5100 ਰੁਪਏ ਦਾ ਸ਼ਗਨ ਅਤੇ ਹਰੇਕ ਬੱਚੀ ਲਈ ਸਾਜ਼ੋ-ਸਾਮਾਨ ਭੇਟ ਕੀਤਾ।

ਇਸ ਵਿਸ਼ੇਸ਼ ਸਕੀਮ ਤਹਿਤ ਪ੍ਰਤੀ ਦਿਨ ਪ੍ਰੋਗਰਾਮਾਂ ਦੀ ਲੜੀ ਸਮੂਹ ਜ਼ਿਲ੍ਹਿਆਂ ਵਿੱਚ ਕਰਵਾਈ ਜਾਵੇਗੀ, ਜਿਸ ਦੀ ਸ਼ੁਰੂਆਤ ਮੁਹਾਲੀ ਜ਼ਿਲ੍ਹੇ ਤੋਂ ਹੋਵੇਗੀ। ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਧੀਆਂ ਦੀ ਲੋਹੜੀ ਸਬੰਧੀ ਮਹੀਨੇ ਦੇ ਅਖੀਰ ਵਿੱਚ ਫਿਰੋਜ਼ਪੁਰ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਬਸੇਰਾ ਪ੍ਰੋਗਰਾਮ ਦੀ ਸ਼ੁਰੂਆਤ ਨਾਲ ਪਟਿਆਲਾ, ਬਠਿੰਡਾ, ਫਾਜ਼ਿਲਕਾ ਅਤੇ ਮੋਗਾ ਜ਼ਿਲ੍ਹਿਆਂ ਦੀਆਂ 10 ਝੁੱਗੀ-ਝੌਂਪੜੀਆਂ ਦੇ 2816 ਨਿਵਾਸੀਆਂ ਨੂੰ ਪਹਿਲੇ ਦੌਰ ਵਿੱਚ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਛੇ ਲਾਭਪਾਤਰੀਆਂ ਨੂੰ ਸੰਕੇਤਕ ਤੌਰ ’ਤੇ ‘ਸਨਦਾਂ’ ਸੌਂਪੀਆਂ ਅਤੇ ਮਾਲਕਾਨਾ ਹੱਕ ਪ੍ਰਦਾਨ ਕੀਤੇ। ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਮੁੱਖ ਮੰਤਰੀ ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਦੀ ਸ਼ੁਰੂਆਤ ਕੀਤੀ ਹੈ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਵੀ ਵਿਚਾਰ ਰੱਖੇ।

Previous articleਮਹਿੰਦਰ ਕੌਰ ਨੇ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰਵਾਇਆ
Next articleਜੰਡਿਆਲਾ ਗੁਰੂ: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਤੇ ਭੁੱਖ ਹੜਤਾਲ ਜਾਰੀ