ਚੰਡੀਗੜ੍ਹ (ਸਮਾਜਵੀਕਲੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਰੋਜ਼ਾਨਾ ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰੀ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਕਾਰਜਕਾਰੀ ਕਮੇਟੀ ਦੇ ਚੇਅਰਪਰਸਨ ਦੇ ਅਹੁਦਿਆਂ ਤੋਂ ਮੁਕਤ ਕਰਨ ਦੀ ਕੀਤੀ ਗਈ ਬੇਨਤੀ ਅਸਵੀਕਾਰ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਨਾ ਸਿਰਫ ਸੂਬਾ ਸਰਕਾਰ ਦਾ ਇੱਕ ਮਹੱਤਵਪੂਰਨ ਪ੍ਰਾਜੈਕਟ ਹੈ ਸਗੋਂ ਇਹ ਡਾ. ਹਮਦਰਦ ਦੀ ਨਿਸ਼ਕਾਮ ਸੇਵਾ ਦੀ ਵੀ ਮਿਸਾਲ ਹੈ। ਉਨ੍ਹਾਂ ਨੇ ਪ੍ਰਾਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਡਾ. ਹਮਦਰਦ ਨੂੰ ਇਨ੍ਹਾਂ ਅਹੁਦਿਆਂ ’ਤੇ ਬਣੇ ਰਹਿਣ ਦੀ ਅਪੀਲ ਕੀਤੀ ਹੈ।
ਮੁੱਖ ਸੰਪਾਦਕ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ, ‘ਤੁਸੀਂ ਇਸ ਪ੍ਰਾਜੈਕਟ ਦੇ ਆਗਾਜ਼ ਤੋਂ ਲੈ ਕੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਯੋਗ ਅਗਵਾਈ ਦਿੱਤੀ ਹੈ।’ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਦਫ਼ਤਰ ਨੂੰ ਆਪਸੀ ਸਹੂਲਤ ਮੁਤਾਬਕ ਮੀਟਿੰਗ ਮੁੜ ਤੈਅ ਕਰਨ ਲਈ ਆਖਿਆ ਹੈ ਤਾਂ ਜੋ ਪ੍ਰਾਜੈਕਟ ਦਾ ਕੰਮ ਪੂਰਾ ਕੀਤਾ ਜਾ ਸਕੇ।