ਅਕਾਲ ਤਖ਼ਤ ਦਾ ਹਰ ਆਦੇਸ਼ ਪ੍ਰਵਾਨ: ਸਿੱਧੂ ਮੂਸੇਵਾਲਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਅਕਾਲ ਤਖ਼ਤ ’ਤੇ ਹਾਜ਼ਰ ਹੋ ਕੇ ਆਪਣੀ ਗਲਤੀ ਲਈ ਖਿਮਾ ਯਾਚਨਾ ਕੀਤੀ ਹੈ। ਉਸ ਨੇ ਕਿਹਾ ਕਿ ਇਸ ਮਾਮਲੇ ਵਿਚ ਅਕਾਲ ਤਖ਼ਤ ਵੱਲੋਂ ਜੋ ਵੀ ਆਦੇਸ਼ ਕੀਤਾ ਜਾਵੇਗਾ, ਉਹ ਉਸ ਨੂੰ ਪ੍ਰਵਾਨ ਹੋਵੇਗਾ। ਪੰਜਾਬੀ ਗਾਇਕ ਨੇ ਇਕ ਗੀਤ ਵਿਚ ਮਾਈ ਭਾਗੋ ਦੀ ਤੁਲਨਾ ਆਮ ਕੁੜੀ ਨਾਲ ਕੀਤੀ ਸੀ ਜਿਸ ਦਾ ਸਿੱਖ ਜਗਤ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ ਅਤੇ ਅਤੇ ਸ੍ਰੀ ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਕੋਲ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਪੁੱਜੀਆਂ ਸਨ। ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਗਾਇਕ ਖਿਲਾਫ਼ ਪੁਲੀਸ ਕੋਲ ਵੀ ਸ਼ਿਕਾਇਤ ਕੀਤੀ ਸੀ। ਜਥੇਦਾਰ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਸ ਨੇ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ ਅਤੇ ਅਣਜਾਣੇ ਵਿਚ ਹੋਈ ਭੁੱਲ ਲਈ ਖਿਮਾ ਯਾਚਨਾ ਕੀਤੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗਾਇਕ ਨੇ ਮੁਆਫ਼ੀ ਮੰਗੀ ਹੈ ਅਤੇ ਉਸ ਦੇ ਮੁਆਫ਼ੀਨਾਮੇ ’ਤੇ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ।