ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਅਦ ਉਸ ਵੱਲੋਂ ਚੁੱਕੇ ਜਾਣ ਵਾਲੇ ਅਗਲੇ ਕਦਮ ਬਾਰੇ ਚੱਲ ਰਹੀਆਂ ਕਿਆਸਅਰਾਈਆਂ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪਾਰਟੀ ਨੂੰ ਉਸ ਬਾਰੇ ਨਹੀਂ, ਸਗੋਂ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਉਸ ਦਾ ਜਾਨਸ਼ੀਨ ਕੌਣ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਆਪਣੇ ਜਾਨਸ਼ੀਨ ਬਾਰੇ ਫੈਸਲਾ ਨਹੀਂ ਲੈਣਗੇ ਪਰ ਇਸ ਦੇ ਨਾਲ ਹੀ ਉਨ੍ਹਾਂ ਇਨ੍ਹਾਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ ਕਿ ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਨਾਂਅ ਪਾਰਟੀ ਦੀ ਅਗਵਾਈ ਕਰਨ ਲਈ ਤਜ਼ਵੀਜ ਕੀਤਾ ਹੈ। ਇਸ ਦੌਰਾਨ ਹੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਕੀਤੇ ਸੰਬੋਧਨ ਵਿੱਚ ਰਾਫਾਲ ਦੀ ਪ੍ਰਾਪਤੀ ਦੇ ਜ਼ਿਕਰ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਚੋਰੀ ਹੋਈ ਹੈ ਅਤੇ ਉਹ ਆਪਣੇ ਸਟੈਂਡ ਉੱਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਰਾਫਾਲ ਸੌਦੇ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਪਹਿਲਾਂ ਹੀ ਸੀਵੀਸੀ (ਕੇਂਦਰੀ ਵਿਜੀਲੈਂਸ ਕਮਿਸ਼ਨ) ਕੋਲ ਰਾਫਾਲ ਦੀ ਜਾਂਚ ਲਈ ਪਟੀਸ਼ਨ ਦਾਇਰ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਉਹ ਆਪਣੇ ਫੈਸਲੇ ਉੱਤੇ ਕਾਇਮ ਹੈ ਜਦੋਂ ਕਿ ਕਾਂਗਰਸ ਦੀ ਸਭ ਤੋਂ ਸ਼ਕਤੀਸ਼ਾਲੀ ਕਮੇਟੀ ਕਾਂਗਰਸ ਵਰਕਿੰਗ ਕਮੇਟੀ ਨੇ ਉਨ੍ਹਾਂ ਦੇ ਫੈਸਲੇ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਹ ਨਵੇਂ ਸਿਰੇ ਤੋਂ ਪਾਰਟੀ ਦੇ ਹਰ ਵਿੰਗ ਦਾ ਪੁਨਰਗਠਿਨ ਕਰਨ।
HOME ਮੇਰੇ ਜਾਨਸ਼ੀਨ ਬਾਰੇ ਪਾਰਟੀ ਫ਼ੈਸਲਾ ਕਰੇ: ਰਾਹੁਲ