ਅਹਿਮਦਾਬਾਦ ,ਸਮਾਜ ਵੀਕਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤੀ ਤੂਫ਼ਾਨ ਤਾਊਤੇ ਤੋਂ ਪ੍ਰਭਾਵਿਤ ਗੁਜਰਾਤ ਦੇ ਇਲਾਕਿਆਂ ਲਈ ਇਕ ਹਜ਼ਾਰ ਕਰੋੜ ਰੁਪੲੇ ਦੀ ਮਾਲੀ ਸਹਾਇਤਾ ਦਾ ਐਲਾਨ ਕੀਤਾ ਹੈ। ਉਨ੍ਹਾਂ ਤਾਊਤੇ ਤੋਂ ਪ੍ਰਭਾਵਿਤ ਸਾਰੇ ਸੂਬਿਆਂ ’ਚ ਤੂਫ਼ਾਨ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਅਤੇ ਅਧਿਕਾਰੀਆਂ ਨਾਲ ਬੈਠਕ ਕਰਕੇ ਸਹਾਇਤਾ ਪੈਕੇਜ ਦਾ ਐਲਾਨ ਕੀਤਾ। ਬੈਠਕ ਦੌਰਾਨ ਉਨ੍ਹਾਂ ਤੂਫ਼ਾਨ ਤੋਂ ਬਾਅਦ ਸੂਬੇ ਦੇ ਹਾਲਾਤ ਦਾ ਜਾਇਜ਼ਾ ਵੀ ਲਿਆ।
ਇਸ ਤੋਂ ਪਹਿਲਾਂ ਉਨ੍ਹਾਂ ਗੁਜਰਾਤ ਅਤੇ ਨਾਲ ਲਗਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਊ ਦੇ ਤੂਫ਼ਾਨ ਤੋਂ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪ੍ਰਧਾਨ ਮੰਤਰੀ ਦੁਪਹਿਰ ਵੇਲੇ ਦਿੱਲੀ ਤੋਂ ਭਾਵਨਗਰ ਪਹੁੰਚੇ ਅਤੇ ਫਿਰ ਗੀਰ-ਸੋਮਨਾਥ, ਭਾਵਨਗਰ ਅਤੇ ਅਮਰੇਲੀ ਜ਼ਿਲ੍ਹਿਆਂ ਦੇ ਤੂਫ਼ਾਨ ਤੋਂ ਪ੍ਰਭਾਵਿਤ ਇਲਾਕਿਆਂ ਦਾ ਹੈਲੀਕਾਪਟਰ ਰਾਹੀਂ ਜਾਇਜ਼ਾ ਲਿਆ। ਉਨ੍ਹਾਂ ਨਾਲ ਮੁੱਖ ਮੰਤਰੀ ਰੂਪਾਨੀ ਵੀ ਮੌਜੂਦ ਸਨ। ਸ੍ਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਂਦਰ ਸਰਕਾਰ ਤੂਫ਼ਾਨ ਤੋਂ ਪ੍ਰਭਾਵਿਤ ਸਾਰੇ ਸੂਬਿਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਜਲ ਸੈਨਾ ਵੱਲੋਂ ਮੁੰਬਈ ’ਚ ਬੇੜੀਆਂ ’ਤੇ ਸਵਾਰ ਲੋਕਾਂ ਨੂੰ ਬਚਾਉਣ ਦੇ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਵੀ ਹਾਸਲ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly