ਮੋਦੀ ਨੇ ਪ੍ਰਕਾਸ਼ ਪੁਰਬ ਸਮਾਗਮ ’ਚ ਹਿੱਸਾ ਲੈਣ ਦੀ ਹਾਮੀ ਭਰੀ

ਸੁਲਤਾਨਪੁਰ ਲੋਧੀ ’ਚ 12 ਨਵੰਬਰ ਨੂੰ ਹੋਣ ਵਾਲੇ ਸਮਾਗਮ ’ਚ ਲੈਣਗੇ ਹਿੱਸਾ

ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕਰਵਾਏ ਜਾ ਰਹੇ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਮੀ ਭਰ ਦਿੱਤੀ ਹੈ। ਉਹ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ’ਚ ਹਿੱਸਾ ਲੈਣਗੇ। ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਵਫ਼ਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਡੀਐਸਜੀਐਮਸੀ ਅਤੇ ਸ੍ਰੀ ਪਟਨਾ ਸਾਹਿਬ ਬੋਰਡ ਦੇ ਨੁਮਾਇੰਦੇ ਵੀ ਹਾਜ਼ਰ ਸਨ। ਵਫ਼ਦ ਨੇ ਸ੍ਰੀ ਮੋਦੀ ਨੂੰ ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕੀਤੇ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਤੋਂ ਵੀ ਜਾਣੂ ਕਰਵਾਇਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਲਤਾਨਪੁਰ ਲੋਧੀ ’ਚ ਹੋਣ ਵਾਲੇ ਸਮਾਗਮ ਵਿਚ ਭਾਗ ਲੈਣ ਲਈ ਸਹਿਮਤ ਹੋ ਗਏ ਹਨ ਅਤੇ ਉਨ੍ਹਾਂ ਗੁਰੂ ਨਾਨਕ ਦੇਵ ਦੀ ਜਨਮ ਭੂਮੀ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਨਗਰ ਕੀਰਤਨ ਆਰੰਭ ਕਰਵਾਉਣ ਲਈ ਵਿਦੇਸ਼ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਅਕਾਲੀ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਦੁਨੀਆ ਭਰ ਵਿਚ ਬੈਠੀ ਸਿੱਖ ਸੰਗਤ ਗੁਰੂ ਨਾਨਕ ਦੇਵ ਦੇ ਚਰਨ ਛੋਹ ਵਾਲੀਆਂ ਸਾਰੀਆਂ ਥਾਂਵਾਂ ਉੱਤੇ ਢੁੱਕਵੇਂ ਯਾਦਗਾਰੀ ਸਮਾਗਮ ਕਰਵਾ ਕੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਮਨਾਉਣਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨੇ ਵਿਦੇਸ਼ਾਂ ਵਿਚ ਭਾਰਤੀ ਦੂਤਾਵਾਸਾਂ ਜ਼ਰੀਏ ਅਜਿਹੇ ਸਾਰੇ ਸਮਾਗਮ ਕਰਵਾਉਣ ਦਾ ਭਰੋਸਾ ਦਿਵਾਇਆ ਹੈ ਅਤੇ ਪ੍ਰਬੰਧਕਾਂ ਨੂੰ ਲੋੜੀਂਦੀ ਮਦਦ ਦੇਣ ਦਾ ਵੀ ਭਰੋਸਾ ਦਿਵਾਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਾਰੀਆਂ ਥਾਵਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿੱਥੇ ਇਹ ਸਾਰੇ ਸਮਾਗਮ ਕਰਵਾਏ ਜਾਣਗੇ ਅਤੇ ਇਹ ਸੂਚੀ ਜਲਦੀ ਹੀ ਸਿੱਖ ਸੰਗਤ ਵਾਸਤੇ ਜਾਰੀ ਕਰ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਵਿਲੱਖਣ ਮੌਕਾ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਆਖਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦੇ ਮੁਬਾਰਕ ਦਿਹਾੜੇ ਸਮੇਂ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਨਸੀਬੀ ਹੋਵੇਗੀ ਕਿਉਂਕਿ ਗੁਰੂ ਸਾਹਿਬ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ ਹਨ। ਵਫ਼ਦ ਵਿਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਡੀਐਸਜੀਐਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਸ੍ਰੀ ਪਟਨਾ ਸਾਹਿਬ ਦੇ ਨੁਮਾਇੰਦੇ ਅਵਤਾਰ ਸਿੰਘ ਹਿੱਤ ਵੀ ਸ਼ਾਮਲ ਸਨ।

Previous articleGurmeet Ram Rahim withdraws parole plea
Next articleਰਾਹੁਲ ਹੀ ਕਾਂਗਰਸ ਨੂੰ ਅਗਵਾਈ ਦੇਣ ਦੇ ਸਮਰੱਥ: ਗਹਿਲੋਤ