ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ ਭੱਦੀ ਸ਼ਬਦਾਵਲੀ ਵਰਤਣ ਅਤੇ ਝੂਠਾ ਪ੍ਰਚਾਰ ਕਰਨ ਸਬੰਧੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਖ਼ਿਲਾਫ਼ ਅੱਜ ਭਾਰਤੀ ਜਨਤਾ ਪਾਰਟੀ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਹੈ। ਭਾਜਪਾ ਨੇ ਪ੍ਰਧਾਨ ਮੰਤਰੀ ਬਾਰੇ ਭੱਦੀ ਸ਼ਬਦਾਵਲੀ ਵਰਤਣ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਦਿਆਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨਿਰਮਲਾ ਸੀਤਾਰਾਮਨ, ਮੁਖਤਾਰ ਅੱਬਾਸ ਨਕਵੀ ਅਤੇ ਹੋਰ ਨੇਤਾਵਾਂ ’ਤੇ ਆਧਾਰਿਤ ਭਾਜਪਾ ਦੇ ਵਫ਼ਦ ਨੇ ਅੱਜ ਚੋਣ ਕਮਿਸ਼ਨ ਨੂੰ ਯਾਦ ਪੱਤਰ ਵੀ ਸੌਂਪਿਆ। ਇਸ ਵਿਚ ਪੱਛਮੀ ਬੰਗਾਲ ਵਿੱਚ ਵੀਰਵਾਰ ਨੂੰ ਪਈਆਂ ਵੋਟਾਂ ਦੌਰਾਨ ਤ੍ਰਿਣਮੂਲ ਕਾਂਗਰਸ ਨਾਲ ਜੁੜੇ ਲੋਕਾਂ ਵਲੋਂ ਕਈ ਸੀਟਾਂ ’ਤੇ ਕਥਿਤ ਤੌਰ ’ਤੇ ਲੋਕਾਂ ਨੂੰ ਵੋਟ ਪਾਉਣ ਤੋਂ ਰੋਕਣ ਦੀ ਸ਼ਿਕਾਇਤ ਵੀ ਕੀਤੀ ਗਈ ਅਤੇ ਇਨ੍ਹਾਂ ਸੀਟਾਂ ’ਤੇ ਮੁੜ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ। ਭਾਜਪਾ ਦੇ ਸੀਨੀਅਰ ਆਗੂ ਮੁਖਤਾਰ ਅੱਬਾਸ ਨਕਵੀ ਨੇ ਦੋਸ਼ ਲਾਇਆ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਝੂਠੇ ਅਤੇ ਮਨਘੜਤ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਜਿਸ ਤਰ੍ਹਾਂ ਦੇ ਝੂਠੇ, ਬੇਬੁਨਿਆਦ ਅਤੇ ਭਾਸ਼ਾ ਦੀ ਮਰਿਆਦਾ ਉਲੰਘਣ ਵਾਲੇ ਬਿਆਨ ਕਾਂਗਰਸ ਅਤੇ ਉਸਦੇ ਪ੍ਰਧਾਨ ਵਲੋਂ ਦਿੱਤੇ ਜਾ ਰਹੇ ਹਨ, ਉਸ ਨਾਲ ਨਾ ਕੇਵਲ ਚੋਣ ਜ਼ਾਬਤੇ ਦੀ ਉਲੰਘਣਾ ਹੋਈ ਹੈ ਬਲਕਿ ਜਨ ਪ੍ਰਤੀਨਿਧ ਐਕਟ ਦੀਆਂ ਵੀ ਧੱਜੀਆਂ ਉੱਡੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਝੂਠ ‘ਵਨਵੇਅ’ (ਇਕਪਾਸੜ) ਹੈ ਜਦਕਿ ਭਾਜਪਾ ਦਾ ਸੱਚ ‘ਹਾਈਵੇਅ’ ਹੈ ਅਤੇ ਲੋਕਾਂ ਸਾਹਮਣੇ ਹੁਣ ਕਾਂਗਰਸ ਦਾ ਝੂਠ ਬੇਨਕਾਬ ਹੋ ਗਿਆ ਹੈ। ਨਕਵੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂ ਜਿਸ ਤਰ੍ਹਾਂ ਦੀ ਭਾਸ਼ਾ ਦੀ ਵਰਤੋਂ ਕਰ ਰਹੇ ਹਨ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਾਂਗਰਸ ਕੋਲ ਕੋਈ ਮੁੱਦਾ ਨਹੀਂ ਹੈ, ਜਿਸ ਕਰਕੇ ਉਹ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਨਾ ਰਹੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਪ੍ਰਧਾਨ ਮੰਤਰੀ ਬਾਰੇ ਭੱਦੀ ਸ਼ਬਦਾਵਲੀ ਵਰਤਣ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
INDIA ਮੋਦੀ ਬਾਰੇ ਸ਼ਬਦਾਵਲੀ ਤੋਂ ਨਾਰਾਜ਼ ਭਾਜਪਾ ਚੋਣ ਕਮਿਸ਼ਨ ਨੂੰ ਮਿਲੀ