ਮੋਰਚੇ ’ਚ ਪੁੱਜਣ ਲੱਗੇ ਵੱਖ-ਵੱਖ ਰਾਜਾਂ ਦੇ ਕਿਸਾਨ

ਨਵੀਂ ਦਿੱਲੀ (ਸਮਾਜ ਵੀਕਲੀ) : ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਤੋਂ ਬਾਅਦ ਹੁਣ ਮਹਾਰਾਸ਼ਟਰ ਅਤੇ ਹੋਰ ਸੂਬਿਆਂ ਦੇ ਕਿਸਾਨ ਵੀ ਦਿੱਲੀ ਪੁੱਜ ਗਏ ਹਨ। ਉਨ੍ਹਾਂ ਅੱਜ ਟਿਕਰੀ ਦੇ ਧਰਨੇ ਵਿਚ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਕੁਝ ਸਿਆਸੀ ਧਿਰਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਿਰਫ਼ ਦੋ ਰਾਜਾਂ ਦੇ ਕਿਸਾਨਾਂ ਵੱਲੋਂ ਹੀ ਤਿੰਨਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਕਿਸਾਨ ਟਿਕਰੀ ਵਿਖੇ ਪਹਿਲੇ ਜਥੇ ਦੇ ਰੂਪ ਵਿੱਚ ਪਹੁੰਚੇ ਹਨ। ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਇਸ ਕੌਮੀ ਅੰਦੋਲਨ ’ਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ ਗਿਆ। ਮਹਾਰਾਸ਼ਟਰ ਦੇ 21 ਜ਼ਿਲ੍ਹਿਆਂ ਦੇ ਇਹ ਕਿਸਾਨ ਸੋਮਵਾਰ ਨਾਸਿਕ ਤੋਂ ਚੱਲੇ ਸਨ। ਉਨ੍ਹਾਂ ਦੱਸਿਆ ਕਿ ਰਾਜਸਥਾਨ ਤੋਂ ਵੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰ ਦਿੱਤਾ ਹੈ।

ਟਿਕਰੀ ਦਾ  ਧਰਨਾ ਹੁਣ ਸਭ ਤੋਂ ਜ਼ਿਆਦਾ ਇਕੱਠ ਵਾਲੀ ਥਾਂ ਬਣ ਗਿਆ ਹੈ। ਗਾਜ਼ੀਪੁਰ ਬਾਰਡਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਵੀ ਕਿਸਾਨਾਂ ਦਾ ਧਰਨੇ ਵਿੱਚ ਟਰੈਕਟਰ-ਟਰਾਲੀਆਂ ਸਮੇਤ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਸਿੰਘੂ ਧਰਨੇ ਵਿੱਚ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਸ਼ਾਮਲ ਹੋਣ ਲੱਗੇ ਹਨ। ਵੇਰਵਿਆਂ ਮੁਤਾਬਕ ਰਾਜਸਥਾਨ ਤੋਂ ਦਿੱਲੀ ਲਈ ਤੁਰੇ ਕਰੀਬ ਦੋ ਹਜ਼ਾਰ ਕਿਸਾਨ ਹਰਿਆਣਾ-ਰਾਜਸਥਾਨ ਬਾਰਡਰ ਉਤੇ ਪਹੁੰਚ ਗਏ ਹਨ।

ਕਿਸਾਨਾਂ ਨੂੰ ਹਰਿਆਣਾ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਹਰਿਆਣਾ ਪੁਲੀਸ ਵੱਡੀ ਗਿਣਤੀ ਵਿਚ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਬੈਰੀਕੇਡਿੰਗ ਵੀ ਕੀਤੀ ਗਈ ਹੈ। ਹੱਦ ਉਤੇ ਕਿਸਾਨ ਹੋਰਨਾਂ ਕਿਸਾਨ ਸੰਗਠਨਾਂ ਦੀ ਉਡੀਕ ਕਰ ਰਹੇ ਹਨ ਤਾਂ ਕਿ ਦਿੱਲੀ ਵੱਲ ਵਧਿਆ ਜਾ ਸਕੇ। ਪੁਲੀਸ ਸੂਤਰਾਂ ਮੁਤਾਬਕ ਕਿਸਾਨ ਭਲਕੇ ਦੱਖਣੀ ਹਰਿਆਣਾ ਤੇ ਰਾਜਸਥਾਨ ਤੋਂ ਦਿੱਲੀ ਵੱਲ ਕੂਚ ਕਰ ਸਕਦੇ ਹਨ।

Previous articleਕਿਸਾਨਾਂ ਵੱਲੋਂ 29 ਨੂੰ ਗੱਲਬਾਤ ਦੀ ਪੇਸ਼ਕਸ਼
Next articleਖਨੌਰੀ ਬਾਰਡਰ ’ਤੇ ਕਿਸਾਨਾਂ ਦਾ ਆਇਆ ਹੜ੍ਹ