ਚੰਡੀਗੜ੍ਹ, (ਸਮਾਜਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਐਲਾਨ ਕੀਤਾ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ ਜੰਗਲ ਦੀ ਇਕ ਇੰਚ ਜ਼ਮੀਨ ਲਈ ਜਾਵੇਗੀ।
‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਮੁੱਖ ਮੰਤਰੀ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਕੁਝ ਲੋਕਾਂ ਨੇ ਇਹ ਕਿਹਾ ਕਿ ਜੰਗਲ ਨੂੰ ਉਜਾੜਿਆ ਜਾਵੇਗਾ ਜਦਕਿ ਇਸ ਗੱਲ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ।’’
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ ਅਤੇ ਗ੍ਰਾਮ ਪੰਚਾਇਤ ਦੀ 955 ਏਕੜ ਜ਼ਮੀਨ ਲਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਕੁਵਾਇਰ ਕੀਤੀ ਜ਼ਮੀਨ ਵਿੱਚ ਮੱਤੇਵਾੜਾ ਜੰਗਲ ਦੇ 2300 ਏਕੜ ਵਿੱਚੋਂ ਇਕ ਇੰਚ ਜ਼ਮੀਨ ਵੀ ਸ਼ਾਮਲ ਨਹੀਂ ਹੈ।
ਕੋਵਿਡ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਆਪਣੀ ਅਪੀਲ ਨੂੰ ਦੁਹਰਾਉਂਦਿਆਂ ਸਾਰਿਆਂ ਨੂੰ ਪੂਰੇ ਇਹਤਿਆਤ ਵਰਤਣ ਅਤੇ ਮਾਸਕ ਪਹਿਨਣ ਤੇ ਹੋਰ ਸੁਰੱਖਿਆ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਆਖਿਆ। ਮਾਹਿਰਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮਾਸਕ ਪਹਿਨਣ ਨਾਲ ਇਸ ਲਾਗ ਦੇ ਖਤਰੇ ਨੂੰ 75 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ।