ਯਸ਼ਵੰਤ ਸਿਨਹਾ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ

ਕੋਲਕਾਤਾ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਐੱਨਡੀਏ ਸਰਕਾਰ ਦੇ ਕੱਟੜ ਆਲੋਚਕ ਮੰਨੇ ਜਾਂਦੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਪੱਛਮੀ ਬੰਗਾਲ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵੇਲੇ ਦੇ ਸੀਨੀਅਰ ਭਾਜਪਾ ਆਗੂ ਸ੍ਰੀ ਸਿਨਹਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮੱਤ ਨਾਲ ਤ੍ਰਿਣਮੂਲ ਕਾਂਗਰਸ ਦੀ ਜਿੱਤ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਤ੍ਰਿਣਮੂਲ ਕਾਂਗਰਸ ਦੀ ਇਹ ਜਿੱਤ 2024 ਦੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਸਰਕਾਰ ਦੀ ਹਾਰ ਦਾ ਮੁੱਢ ਬੱਝੇਗੀ ਅਤੇ ਦੇਸ਼ ਨੂੰ ਬਚਾਏਗੀ।

ਜ਼ਿਕਰਯੋਗ ਹੈ ਕਿ ਸ੍ਰੀ ਸਿਨਹਾ ਜਿਨ੍ਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਸੇਵਾ ਨਿਭਾਈ ਸੀ, ਨੇ ਪਾਰਟੀ ਦੀ ਮੌਜੂਦਾ ਲੀਡਰਸ਼ਿਪ ਨਾਲ ਗੰਭੀਰ ਵਖਰੇਵਿਆਂ ਕਾਰਨ ਸਾਲ 2018 ਵਿੱਚ ਭਗਵਾਂ ਪਾਰਟੀ ਛੱਡ ਦਿੱਤੀ ਸੀ। ਉਨ੍ਹਾਂ ਦੇ ਪੁੱਤਰ ਜੈਯੰਤ ਸਿਨਹਾ ਝਾਰਖੰਡ ਵਿੱਚ ਪੈਂਦੇ ਲੋਕ ਸਭਾ ਹਲਕਾ ਹਜ਼ਾਰੀਬਾਗ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਇਸ ਬਜ਼ੁਰਗ ਆਗੂ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਤ੍ਰਿਣਮੂਲ ਕਾਂਗਰਸ ਲਈ ਪ੍ਰਚਾਰ ਕੀਤਾ ਸੀ।

ਕੋਲਕਾਤਾ ਸਥਿਤ ਦਫ਼ਤਰ ਵਿੱਚ ਤ੍ਰਿਣਮੂਲ ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸਿਨਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਹਾਂ ਆਗੂਆਂ ਦੀ ਅਗਵਾਈ ਹੇਠ ਦੇਸ਼ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ, ‘‘ਦੇਸ਼ ਅਜੀਬ ਹਾਲਾਤ ਵਿੱਚੋਂ ਲੰਘ ਰਿਹਾ ਹੈ। ਕਦਰਾਂ-ਕੀਮਤਾਂ ਤੇ ਸਿਧਾਂਤ ਜਿਨ੍ਹਾਂ ਨੂੰ ਅਸੀਂ ਹੱਦੋਂ ਵੱਧ ਅਹਿਮੀਅਤ ਦਿੰਦੇ ਹਾਂ, ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਸਾਡੇ ਗਣਤੰਤਰ ਦੇ ਮੁੱਢਲੇ ਸਿਧਾਂਤਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ ਹੈ। ਕੌਮੀ ਰਾਜਧਾਨੀ ਦਿੱਲੀ ਨੇੜੇ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਧਰਨੇ ’ਤੇ ਬੈਠੇ ਹਨ ਪਰ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ ਹੈ। ਸੱਤਾਧਾਰੀ ਪਾਰਟੀ ਦਾ ਸਿਰਫ਼ ਇਕ ਹੀ ਮਕਸਦ ਹੈ, ਕਿਸੇ ਵੀ ਢੰਗ ਨਾਲ ਚੋਣਾਂ ਜਿੱਤਣਾ।’’

ਉੱਘੇ ਸਿਆਸਤਦਾਨ ਸ੍ਰੀ ਸਿਨਹਾ ਨੇ ਭਾਜਪਾ ਖ਼ਿਲਾਫ਼ ਲੜਾਈ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਸਮਰਥਨ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ, ‘‘ਵਿਧਾਨ ਸਭਾ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਬਹੁਮੱਤ ਨਾਲ ਜਿੱਤ ਹਾਸਲ ਕਰੇਗੀ ਪਰ ਸਾਨੂੰ ਇਸ ਜਿੱਤ ਨੂੰ ਵੱਖਰੇ ਪੱਧਰ ’ਤੇ ਲੈ ਕੇ ਜਾਣਾ ਹੈ। ਗੋਪਾਲ ਕ੍ਰਿਸ਼ਨ ਗੋਖਲੇ ਨੇ ਕਿਹਾ ਸੀ ਕਿ ‘ਜੋ ਬੰਗਾਲ ਅੱਜ ਸੋਚਦਾ ਹੈ ਉਹ ਭਾਰਤ ਭਲਕੇ ਸੋਚਦਾ ਹੈ।’ ਬੰਗਾਲ ਨੂੰ ਬਦਲਾਅ ਦਾ ਮੁੱਢ ਬੱਝਣਾ ਚਾਹੀਦਾ ਹੈ।’’ ਸ੍ਰੀ ਸਿਨਹਾ ਨੇ ਕਿਹਾ ਕਿ ਮਮਤਾ ਜੀ ’ਤੇ ਹੋਏ ਹਮਲੇ ਤੋਂ ਬਾਅਦ ਹੀ ਉਨ੍ਹਾਂ ਤ੍ਰਿਣਮੂਲ ਕਾਂਗਰਸ ਦੀ ਮੁਖੀ ਨਾਲ ਕੰਮ ਕਰਨ ਦਾ ਫ਼ੈਸਲਾ ਲਿਆ।

ਉਨ੍ਹਾਂ ਕਿਹਾ ਕਿ ਮਮਤਾ ਬੈਨਰਜੀ ਨਾਲ ਹੋਈ 45 ਮਿੰਟ ਦੀ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨੰਦੀਗਰਾਮ ਵਿੱਚ ਹੋਏ ਹਮਲੇ ਸਬੰਧੀ ਦੱਸਿਆ ਅਤੇ ਇੱਥੋਂ ਹੀ ਉਨ੍ਹਾਂ ਨੇ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ।ਉੱਧਰ, ਲੋਕ ਸਭਾ ਵਿੱਚ ਤ੍ਰਿਣਮੂਲ ਕਾਂਗਰਸ ਦੇ ਆਗੂ ਸੁਦੀਪ ਬੰਦੋਪਾਧਿਆਏ ਨੇ ਪਾਰਟੀ ਵਿੱਚ ਸ੍ਰੀ ਸਿਨਹਾ ਦਾ ਸਵਾਗਤ ਕਰਦਿਆਂ ਕਿਹਾ, ‘‘ਅਸੀਂ ਆਪਣੀ ਪਾਰਟੀ ਵਿੱਚ ਯਸ਼ਵੰਤ ਸਿਨਹਾ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਦੀ ਸ਼ਮੂਲੀਅਤ ਨਾਲ ਆਗਾਮੀ ਚੋਣਾਂ ਵਿੱਚ ਭਾਜਪਾ ਖ਼ਿਲਾਫ਼ ਸਾਡੀ ਲੜਾਈ ਨੂੰ ਬਲ ਮਿਲੇਗਾ।’’

Previous articleਟੈਲੀਵਿਜ਼ਨ
Next articleਹਰੇਕ ਵਰਗ ਦੇ ਲੋਕਾਂ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਹੋਕਾ