ਯੂਪੀ: ‘ਆਪ’ ਆਗੂਆਂ ਨੇ ਉਜਾੜੇ ਦੇ ਸਹਿਮ ’ਚ ਦਿਨ ਕਟੀ ਕਰ ਰਹੇ ਕਿਸਾਨਾਂ ਦੇ ਦੁੱਖ ਸੁਣੇ

ਚੰਡੀਗੜ੍ਹ (ਸਮਾਜਵੀਕਲੀ) :   ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ 5 ਮੈਂਬਰੀ ਵਫ਼ਦ ਨੇ ਅੱਜ ਉੱਤਰ ਪ੍ਰਦੇਸ਼ ਵਿੱਚ ਉਜਾੜੇ ਦੀ ਮਾਰ ਝੱਲ ਰਹੇ ਪੰਜਾਬੀ ਕਿਸਾਨਾਂ ਨਾਲ ਮੁਲਾਕਾਤ ਕੀਤੀ। ਯੂਪੀ ਦੀ ਨਗੀਨਾ ਤਹਿਸੀਲ ਦੇ ਪਿੰਡ ਚੰਪਤਪੁਰ ਵਿੱਚ ਪ੍ਰਭਾਵਿਤ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 5 ਮੈਂਬਰੀ ਟੀਮ ਵੱਲੋਂ ਪ੍ਰਭਾਵਿਤ ਕਿਸਾਨਾਂ ਨਾਲ ਕੀਤੀ ਗੱਲਬਾਤ ਅਤੇ ਇਕੱਤਰ ਕੀਤੇ ਠੋਸ ਤੱਥਾਂ ਦੇ ਅਧਾਰ ’ਤੇ ਇੱਕ ਰਿਪੋਰਟ ਤਿਆਰ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਰਿਪੋਰਟ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਸੌਂਪ ਕੇ ਪੀੜਤਾਂ ਨੂੰ ਰਾਹਤ ਦੇਣ ਦੀ ਮੰਗ ਕਰਦਿਆਂ ਅਸਲੀ ਤੱਥ ਸਾਹਮਣੇ ਲਿਆਂਦੇ ਜਾਣਗੇ। ਚੀਮਾ ਨੇ ਕਿਹਾ ਕਿ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਨੂੰ ਵੀ ਇਹ ਰਿਪੋਰਟ ਦਿੱਤੀ ਜਾਵੇਗੀ ਤਾਂ ਜੋ ਯੂਪੀ ਅਤੇ ਉਤਰਾਖੰਡ ਦੇ ਪੰਜਾਬੀ ਕਿਸਾਨਾਂ ਦੇ ਦਰਦ ਨੂੰ ਸੰਸਦ ਦੇ ਆਉਣ ਵਾਲੇ ਸੈਸ਼ਨ ਦੌਰਾਨ ਰੱਖਿਆ ਜਾਵੇ। ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ ਮੁੱਢਲੇ ਤੌਰ ’ਤੇ ਇਹੀ ਗੱਲ ਸਾਹਮਣੇ ਆਈ ਹੈ ਕਿ ਯੂਪੀ ਸਰਕਾਰ ਵੱਲੋਂ ਪੰਜਾਬੀ ਕਿਸਾਨਾਂ ’ਤੇ ਉਜਾੜੇ ਦੀ ਤਲਵਾਰ ਲਟਕਾਈ ਹੋਈ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵੱਲੋਂ ਭਾਵੇਂ ਯੂਪੀ ਦੇ ਮੁੱਖ ਮੰਤਰੀ ਯੋਗੀ ਅਾਦਿੱਤਿਆਨਾਥ ਨਾਲ ਮੁਲਾਕਾਤ ਕਰਕੇ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਤਾਂ ਕੀਤਾ ਗਿਆ ਹੈ ਪਰ ਕਿਸਾਨਾਂ ਵਿੱਚ ਉਜਾੜੇ ਅਤੇ ਸਹਿਮ ਦਾ ਮਾਹੌਲ ਬਰਕਰਾਰ ਹੈ। ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ 1947 ਦੀ ਵੰਡ ਦੌਰਾਨ ਉਜਾੜੇ ਦਾ ਦਰਦ ਯੂਪੀ ਵਿੱਚ ਵਸੇ ਪੰਜਾਬੀ ਪਰਿਵਾਰਾਂ ਦੇ ਪੁਰਖਿਆਂ ਨੇ ਹੱਡੀਂ ਹੰਢਾਇਆ ਸੀ ਤੇ ਹੁਣ 73 ਸਾਲਾਂ ਬਾਅਦ ਭਾਜਪਾ ਸਰਕਾਰ ਨੇ ਮੁੜ ਪੰਜਾਬੀ ਕਿਸਾਨਾਂ ’ਤੇ ਤਲਵਾਰ ਲਟਕਾ ਦਿੱਤੀ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਿਸਾਨਾਂ ਤੋਂ ਇਕੱਤਰ ਕੀਤੇ ਤੱਥਾਂ ਮੁਤਾਬਕ ਯੂਪੀ ਦੇ ਮਾਲ ਵਿਭਾਗ ਵੱਲੋਂ ਪੰਜਾਬੀ ਕਿਸਾਨਾਂ ਨਾਲ ਹੀ ਧੱਕਾ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ‘ਆਪ’ ਦੇ ਨੇਤਾਵਾਂ ਨੂੰ ਦੱਸਿਆ ਕਿ ਪਿੰਡਾਂ ਵਿੱਚ ਪੰਜਾਬੀ ਕਿਸਾਨਾਂ ਸਮੇਤ ਹੋਰਨਾਂ ਵਰਗਾਂ ਦੇ ਕਿਸਾਨ ਵੀ ਰਹਿੰਦੇ ਹਨ ਪਰ ਨਿਸ਼ਾਨਾ ਸਿਰਫ਼ ਪੰਜਾਬੀ ਕਿਸਾਨਾਂ ਨੂੰ ਹੀ ਬਣਾਇਆ ਜਾ ਰਿਹਾ ਹੈ। ਕਿਸਾਨਾਂ ਨੇ ‘ਆਪ’ ਨੇਤਾਵਾਂ ਨੂੰ ਦੱਸਿਆ ਕਿ 1947 ਤੋਂ ਬਾਅਦ ਇਹ ਜ਼ਮੀਨਾਂ ਕਿਸਾਨਾਂ ਨੇ ਸਥਾਨਕ ਨਵਾਬਾਂ ਤੋਂ ਖ਼ਰੀਦੀਆਂ ਤੇ ਫਿਰ ਆਬਾਦ ਕਰਕੇ ਘਰ ਬਣਾਏ, ਬਿਜਲੀ ਦੇ ਕੁਨੈਕਸ਼ਨ ਲਏ ਪਰ ਮਾਲ ਵਿਭਾਗ ਵੱਲੋਂ ਘਰਾਂ ਅਤੇ ਕੁਨੈਕਸ਼ਨਾਂ ਆਦਿ ਨੂੰ ਨਜ਼ਰਅੰਦਾਜ਼ ਕਰਕੇ ਜ਼ਮੀਨਾਂ ਨੂੰ ਜੰਗਲਾਤ ਵਿਭਾਗ ਦੀ ਮਲਕੀਅਤ ਦਿਖਾਇਆ ਜਾ ਰਿਹਾ ਹੈ।

Previous articleਤਾਲਾਬੰਦੀ ਦੇ ਬਾਵਜੂਦ ਰੁੱਝਿਆ ਰਿਹਾ ਅੰਮ੍ਰਿਤਸਰ ਦਾ ਹਵਾਈ ਅੱਡਾ
Next articleਕਿਸਾਨਾਂ ਦੀ ਭਲਾਈ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸੁਖਬੀਰ