ਯੂਪੀ ’ਚ ਕਾਂਗਰਸ ਨੂੰ ਝਟਕਾ, ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸੀ ਆਗੂ ਅਤੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਭਗਵਾਂ ਪਾਰਟੀ ਦੇ ਉਤਰ ਪ੍ਰਦੇਸ਼ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਤਰ ਪ੍ਰਦੇਸ਼ ਵਿੱਚ ਕਾਂਗਰਸ ਨੂੰ ਇਹ ਦੂਜਾ ਵੱਡਾ ਝਟਕਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਜਿਤਿਨ ਪ੍ਰਸਾਦ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬਾਅਦ ਵਿੱਚ ਉਨ੍ਹਾਂ ਨੂੰ ਯੋਗੀ ਆਦਿੱਤਿਆਨਾਥ ਸਰਕਾਰ ਵਿੱਚ ਮੰਤਰੀ ਬਣਾਇਆ ਗਿਆ ਸੀ।

ਭਾਜਪਾ ਦੇ ਰੱਥ ਵਿੱਚ ਸਵਾਰ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਆਰਪੀਐੱਨ ਨੇ ਟਵੀਟ ਕੀਤਾ, ‘‘ਇਹ ਮੇਰੀ ਸਿਆਸੀ ਪਾਰੀ ਦੀ ਨਵੀਂ ਸ਼ੁਰੂਆਤ ਹੈ ਅਤੇ ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਦੇਸ਼ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਤਤਪਰ ਹਾਂ।’’ ਉਨ੍ਹਾਂ ਦੀ ਸ਼ਮੂਲੀਅਤ ਸਬੰਧੀ ਕਰਵਾਏ ਸਮਾਰੋਹ ਦੌਰਾਨ ਜਿਓਤਿਰਦਿੱਤਿਆ ਸਿੰਧੀਆ ਵੀ ਮੌਜੂਦ ਸਨ। ਸਿੰਧੀਆ ਵੀ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਹ ਇਸ ਸਮੇਂ ਕੇਂਦਰੀ ਮੰਤਰੀ ਹਨ। ਆਰਪੀਐੱਨ ਸਿੰਘ ਕਾਂਗਰਸ ਦੇ ਝਾਰਖੰਡ ਮਾਮਲਿਆਂ ਦੇ ਇੰਚਾਰਜ ਵੀ ਸਨ, ਜਿੱਥੇ ਉਹ ਝਾਰਖੰਡ ਮੁਕਤੀ ਮੋਰਚਾ ਨਾਲ ਸੱਤਾ ਵਿੱਚ ਹੈ। ਉਹ ਇਸ ਤੋਂ ਪਹਿਲਾਂ ਪਦਰੌਨਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ। ਉਨ੍ਹਾਂ ਨੇ ਸਾਲ 2009 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੁਸ਼ੀਨਗਰ ਸੀਟ ਤੋਂ ਸਵਾਮੀ ਪ੍ਰਸਾਦ ਮੌਰਿਆ ਨੂੰ ਹਰਾਇਆ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਾਈ ਕੋਰਟ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਤਿੰਨ ਦਿਨ ਲਈ ਰੋਕ
Next articleਡਾ. ਅੱਤਰੇ, ਕਲਿਆਣ ਸਿੰਘ, ਖੇਮਕਾ ਤੇ ਬਿਪਿਨ ਰਾਵਤ ਨੂੰ ਪਦਮ ਵਿਭੂਸ਼ਣ ਐਵਾਰਡ