ਸਿਰਸਾ (ਸਮਾਜ ਵੀਕਲੀ) : ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੇ ਥਾਣੇ ਦੇ ਅੰਦਰ ਅਤੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਕਈ ਪਿੰਡਾਂ ਵਿੱਚ ਕਿਸਾਨਾਂ ਨੇ ਕੌਮੀ ਰਾਜਮਾਰਗਾਂ ’ਤੇ ਜਾਮ ਲਾ ਕੇ ਰੋਸ ਪ੍ਰਗਟਾਇਆ। ਉਹ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਉਨ੍ਹਾਂ ’ਤੇ ਦਰਜ ਮੁਕਦਮੇ ਰੱਦ ਕੀਤੇ ਜਾਣ ਦੀ ਮੰਗ ਕਰ ਰਹੇ ਹਨ। ਪੁਲੀਸ ਨੇ ਮੰਗਲਵਾਰ ਨੂੰ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੀ ਵਰਤੋਂ ਕਰਦਿਆਂ ਪਾਣੀਆਂ ਬੁਛਾੜਾਂ ਮਾਰੀਆਂ ਸਨ।
ਸਵਰਾਜ ਇੰਡੀਆ ਪਾਰਟੀ ਦੇ ਬਾਨੀ ਤੇ ਕਨਵੀਨਰ ਯੋਗੇਂਦਰ ਯਾਦਵ, ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲ ਰਾਜੀਵ ਗੋਦਾਰਾ, ਹਰਿਆਣਾ ਕਿਸਾਨ ਮੰਚ ਦੇ ਸੂਬਾ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂ ਖੇੜਾ, ਅਮਰਿੰਦਰ ਸਿੰਘ ਐਡਵੋਕੇਟ ਸਮੇਤ ਸੈਂਕੜੇ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ।
ਪੁਲੀਸ ਨੇ ਸੱਤ ਕਿਸਾਨਾਂ ਨੂੰ ਛੱਡ ਕੇ ਬਾਕੀਆਂ ਨੂੰ ਜਾਣ ਲਈ ਕਿਹਾ ਪਰ ਕਿਸਾਨ ਸਾਰਿਆਂ ਦੀ ਰਿਹਾਈ ਦੀ ਮੰਗ ’ਤੇ ਅੜ ਗਏ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਕਿਸਾਨਾਂ ਨੇ ਥਾਣੇ ਦੇ ਅੰਦਰ ਹੀ ਧਰਨਾ ਸ਼ੁਰੂ ਕਰ ਦਿੱਤਾ। ਜਦੋਂ ਪੁਲੀਸ ਸੱਤ ਕਿਸਾਨ ਆਗੂਆਂ ਨੂੰ ਗੱਡੀ ਵਿੱਚ ਬਿਠਾ ਕੇ ਜਾਣ ਲੱਗੀ ਤਾਂ ਕਿਸਾਨਾਂ ਨੇ ਥਾਣੇ ਦੇ ਮੁੱਖ ਗੇਟ ਅੱਗੇ ਧਰਨਾ ਸ਼ੁਰੂ ਕਰ ਦਿੱਤਾ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹਰਿਅਣਾ ਦੇ ਕਿਸਾਨਾਂ ਦੀ ਹਮਾਇਤ ’ਤੇ ਆਉਂਦਿਆਂ 9 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਪਿੰਡਾਂ ਦੇ ਕਿਸਾਨਾਂ ਨੂੰ ਜਿਵੇਂ ਹੀ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਸੜਕਾਂ ਜਾਮ ਕਰ ਦਿੱਤੀਆਂ। ਕੁਝ ਕਿਸਾਨਾਂ ਨੇ ਪਿੰਡ ਸਾਹੂਵਾਲਾ ਨੇੜੇ ਕੌਮੀ ਰਾਜਮਾਰਗ ਅਤੇ ਡਿੰਗ ਮੋੜ ਨੇੜੇ ਜਾਮ ਲਾਇਆ ਗਿਆ। ਕਿਸਾਨਾਂ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਸਾਨ ਸਭਾ ਦੇ ਆਗੂ ਸਵਰਨ ਸਿੰਘ ਵਿਰਕ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦੇਖ ਕੇ ਬੌਂਦਲ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਕੰਮ ਕੀਤਾ ਹੈ।