ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਰਾਜਸਥਾਨ ਵਿਧਾਨ ਸਭਾ ਦੇ ਸਪੀਕਰ ਨੂੰ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਅਪੀਲ ਵਾਪਸ ਲੈਣ ਦੀ ਆਗਿਆ ਦੇ ਦਿੱਤੀ ਹੈ। ਹਾਈ ਕੋਰਟ ਨੇ ਸਪੀਕਰ ਨੂੰ 24 ਜੁਲਾਈ ਤੱਕ ਸਚਿਨ ਪਾਇਲਟ ਤੇ 18 ਬਾਗ਼ੀ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕ ਦਿੱਤਾ ਸੀ।
ਸਪੀਕਰ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਪਾਇਲਟ ਤੇ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਪ੍ਰਕਿਰਿਆ ਆਰੰਭੀ ਜਾਣੀ ਸੀ। ਸਪੀਕਰ ਸੀ.ਪੀ. ਜੋਸ਼ੀ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਨੇ ਅਪੀਲ ਵਾਪਸ ਲੈਂਦਿਆਂ ਸਿਖ਼ਰਲੀ ਅਦਾਲਤ ਦੇ ਬੈਂਚ ਨੂੰ ਦੱਸਿਆ ਕਿ ਰਾਜਸਥਾਨ ਹਾਈ ਕੋਰਟ ਨੇ ਸ਼ੁੱਕਰਵਾਰ ਨਵਾਂ ਹੁਕਮ ਜਾਰੀ ਕੀਤਾ ਹੈ ਤੇ ਉਹ ਕਾਨੂੰਨੀ ਬਦਲਾਂ ਉਤੇ ਵਿਚਾਰ ਕਰ ਰਹੇ ਹਨ। ਸੁਪਰੀਮ ਕੋਰਟ ਵਿਚ ਮਾਮਲੇ ਦੀ ਸੁਣਵਾਈ ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਕੀਤੀ।
ਸਿੱਬਲ ਨੇ ਅਦਾਲਤ ਨੂੰ ਦੱਸਿਆ ਕਿ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਪਹਿਲੇ ਹੁਕਮਾਂ ਉਤੇ ਰੋਕ ਨਹੀਂ ਲਾਈ, ਇਸ ਲਈ ਅਪੀਲ ਹੁਣ ਬੇਮਤਲਬ ਹੋ ਗਈ ਹੈ। ਵਿਧਾਇਕਾਂ ਨੂੰ ਅਯੋਗ ਠਹਿਰਾਏ ਜਾਣ ਦੀ ਪ੍ਰਕਿਰਿਆ ਤੋਂ ਹਾਈ ਕੋਰਟ ਨੇ ਸਪੀਕਰ ਨੂੰ ਪਿਛਲੇ ਹਫ਼ਤੇ ਮੰਗਲਵਾਰ ਹੁਕਮ ਦੇ ਕੇ ਰੋਕਿਆ ਸੀ। ਇਸ ਮੌਕੇ ਸ਼ੁੱਕਰਵਾਰ ਤੱਕ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਗਿਆ ਸੀ।
ਸਪੀਕਰ ਵੱਲੋਂ ਹੀ ਪੇਸ਼ ਹੋਏ ਵਕੀਲ ਸੁਨੀਲ ਫਰਨਾਂਡੇਜ਼ ਨੇ ਕਿਹਾ ਕਿ ‘ਸਪੈਸ਼ਲ ਲੀਵ ਪਟੀਸ਼ਨ’ ਨਵੀਂ ਪਟੀਸ਼ਨ ਦਾਇਰ ਕਰਨ ਲਈ ਵਾਪਸ ਲਈ ਜਾ ਰਹੀ ਹੈ ਤੇ ਸਾਰੇ ਰਾਹ ਖੁੱਲ੍ਹੇ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਹੁਕਮ ਦੇ ਕੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਸਨ। ਸਪੀਕਰ ਪਹਿਲਾਂ ਹੀ ਪਾਇਲਟ ਤੇ ਵਿਧਾਇਕਾਂ ਨੂੰ ਨੋਟਿਸ ਜਾਰੀ ਕਰ ਚੁੱਕੇ ਹਨ। ਪਾਇਲਟ ਤੇ ਵਿਧਾਇਕਾਂ ਵੱਲੋਂ ਵੀ ਅਯੋਗ ਠਹਿਰਾਏ ਜਾਣ ਦੇ ਖ਼ਿਲਾਫ਼ ਪਟੀਸ਼ਨ ਹਾਈ ਕੋਰਟ ਵਿਚ ਪਾਈ ਜਾ ਚੁੱਕੀ ਹੈ।