ਲੋਕ ਸਭਾ ਚੋਣਾਂ ’ਚ ਕਾਂਗਰਸ ਦੀ ਹਾਰ ਮਗਰੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕਰਨ ਵਾਲੇ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਬੈਠਕ ’ਚ ਫਿਰ ਅਹੁਦਾ ਛੱਡਣ ਦੀ ਇੱਛਾ ਜਤਾਈ ਹੈ। ਉਂਜ ਕਈ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਪ੍ਰਧਾਨ ਬਣੇ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਅਹਿਮ ਸਮੇਂ ’ਤੇ ਕਾਂਗਰਸ ਨੂੰ ਉਨ੍ਹਾਂ ਦੀ ਅਗਵਾਈ ਦੀ ਲੋੜ ਹੈ। ਸੰਸਦ ਭਵਨ ਕੰਪਲੈਕਸ ’ਚ ਸੋਨੀਆ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੇ ਲੋਕ ਸਭਾ ਮੈਂਬਰਾਂ ਦੀ ਬੈਠਕ ਦੌਰਾਨ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਹੋਰ ਸੰਸਦ ਮੈਂਬਰ ਸ਼ਾਮਲ ਹੋਏ। ਕਾਂਗਰਸ ਸੂਤਰਾਂ ਮੁਤਾਬਕ ਬੈਠਕ ’ਚ ਸੰਸਦ ਦੇ ਮੌਜੂਦਾ ਇਜਲਾਸ ’ਚ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਵੀ ਵਿਚਾਰਾਂ ਹੋਈਆਂ। ਸੂਤਰਾਂ ਨੇ ਕਿਹਾ ਕਿ ਸੰਸਦੀ ਦਲ ਦੀ ਬੈਠਕ ’ਚ ਰਾਹੁਲ ਗਾਂਧੀ ਨੇ ਦੁਹਰਾਇਆ ਕਿ ਉਹ ਪ੍ਰਧਾਨ ਦੇ ਅਹੁਦੇ ’ਤੇ ਨਹੀਂ ਰਹਿਣਾ ਚਾਹੁੰਦੇ ਹਨ। ਸੂਤਰਾਂ ਨੇ ਦੱਸਿਆ ਕਿ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਅਹੁਦੇ ’ਤੇ ਬਣੇ ਰਹਿਣ ਕਿਉਂਕਿ ਉਨ੍ਹਾਂ ਤੋਂ ਇਲਾਵਾ ਪਾਰਟੀ ਕੋਲ ਅਗਵਾਈ ਦੇਣ ਲਈ ਕੋਈ ਦੂਜਾ ਬਦਲ ਨਹੀਂ ਹੈ। ਕਈ ਸੰਸਦ ਮੈਂਬਰਾਂ ਨੇ ਕਾਂਗਰਸ ਪ੍ਰਧਾਨ ਨੂੰ ਕਿਹਾ,‘‘ਲੋਕ ਸਭਾ ਚੋਣਾਂ ’ਚ ਹਾਰ ਸਮੂਹਿਕ ਜ਼ਿੰਮੇਵਾਰੀ ਹੈ। ਇਸ ਅਹਿਮ ਸਮੇਂ ’ਤੇ ਪਾਰਟੀ ਨੂੰ ਤੁਹਾਡੀ ਅਗਵਾਈ ਦੀ ਲੋੜ ਹੈ।’’ ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ’ਚ ਕਾਂਗਰਸ ਦੀ ਹਾਰ ਮਗਰੋਂ 25 ਮਈ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਦੀ ਬੈਠਕ ’ਚ ਰਾਹੁਲ ਗਾਂਧੀ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਂਜ ਕਮੇਟੀ ਨੇ ਇਸ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਸੀ।
INDIA ਰਾਹੁਲ ਗਾਂਧੀ ਪ੍ਰਧਾਨਗੀ ਛੱਡਣ ਲਈ ਬਜ਼ਿੱਦ