ਚੰਡੀਗੜ੍ਹ (ਸਮਾਜ ਵੀਕਲੀ) : ਰਿਲਾਇੰਸ ਜੀਓ ਨੇ ਦੋ ਸੂਬਿਆਂ ਵਿਚ ਕੰਪਨੀ ਦੇ ਨੁਕਸਾਨ ਦੀ ਭਰਪਾਈ ਲਈ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਰਿਲਾਇੰਸ ਜੀਓ ਇਨਫੋਕੋਮ ਲਿਮਿਟਡ ਨੇ ਹਾਈ ਕੋਰਟ ’ਚ ਪਟੀਸ਼ਨ ਤੋਂ ਇਲਾਵਾ ਵੱਖਰੀ ਅਰਜ਼ੀ ਪਾ ਕੇ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਪੰਜਾਬ ਅਤੇ ਹਰਿਆਣਾ ਵਿਚ ਕੰਪਨੀ ਦੀ ਸੰਪਤੀ ਦੇ ਹੋਏ ਨੁਕਸਾਨ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਮੰਗੀ ਹੈ।
ਰਿਲਾਇੰਸ ਜੀਓ ਨੇ ਹਾਈ ਕੋਰਟ ’ਚ 661 ਸਫ਼ਿਆਂ ਦੀ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਕਿਸਾਨ ਅੰਦੋਲਨ ਦੀ ਆੜ ਹੇਠ ਵਿਰੋਧੀ ਕੰਪਨੀਆਂ ਹੁਣ ਰਿਲਾਇੰਸ ਦਾ ਨਾਮ ਅਤੇ ਸੰਪਤੀ ਦਾ ਨੁਕਸਾਨ ਕਰਨਾ ਚਾਹੁੰਦੀਆਂ ਹਨ। ਇਹ ਵੀ ਕਿਹਾ ਗਿਆ ਹੈ ਕਿ ਕਿਸਾਨ ਘੋਲ ਦੀ ਆੜ ਵਿਚ ਰਿਲਾਇੰਸ ਦੇ ਦੋਹਾਂ ਸੂਬਿਆਂ ਵਿਚਲੇ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਜਿਸ ਨਾਲ ਕੰਪਨੀ ਦੀ ਸੇਵਾ ਅਤੇ ਗਾਹਕ ਪ੍ਰਭਾਵਿਤ ਹੋ ਰਹੇ ਹਨ।
ਰਿਲਾਇੰਸ ਨੇ ਪਟੀਸ਼ਨ ’ਚ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਹੈ। ਜੀਓ ਕੰਪਨੀ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਜੇਕਰ ਪੰਜਾਬ ਵਿਚ ਸ਼ਰਾਰਤੀ ਅਨਸਰਾਂ ਨੂੰ ਭੰਨਤੋੜ ਤੋਂ ਨਾ ਰੋਕਿਆ ਗਿਆ ਤਾਂ ਕੰਪਨੀ ਦੇ ਮੁਲਾਜ਼ਮਾਂ ਅਤੇ ਸੰਪਤੀ ਦਾ ਹੋਰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਪਟੀਸ਼ਨ ’ਚ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਹੁਕਮ ਦਿੱਤੇ ਜਾਣ ਕਿ ਨੁਕਸਾਨ ਲਈ ਜ਼ਿੰਮੇਵਾਰ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹਾ ਨਾ ਹੋਣ ਲਈ ਢੁੱਕਵੇਂ ਕਦਮ ਉਠਾਏ ਜਾਣ ਲਈ ਆਖਿਆ ਜਾਵੇ।