ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ- ਐੱਸ ਐੱਮ ਓ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਨੇ ਹੁਨਰ ਵਿਕਾਸ ਅਤੇ ਰੁਜ਼ਗਾਰ ਰਾਹੀਂ ਨਸ਼ਿਆਂ ਦੀ ਮਾਰ ਦੇ ਸ਼ਿਕਾਰ ਲੋਕਾਂ ਦੇ ਮੁੜ ਵਸੇਬੇ ਲਈ ‘ਮਿਸ਼ਨ ਰੈਡ ਸਕਾਈ’ ਸ਼ੁਰੂ ਕੀਤੀ ਸੀ। ਇਸ ਮਿਸ਼ਨ ਤਹਿਤ, ਹਰ ਅਧਿਕਾਰੀ 10 ਨਸ਼ਾ ਨਿਰਭਰ ਵਿਅਕਤੀਆਂ ਦੀ ਪਛਾਣ ਕਰੇਗਾ ਅਤੇ ਹੁਨਰ ਵਿਕਾਸ / ਸਿਖਲਾਈ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀਆਂ ਕਾਬਲੀਅਤਾਂ ਨੂੰ ਵਧਾ ਕੇ ਉਨ੍ਹਾਂ ਨੂੰ ਨੌਕਰੀ ਦੇ ਮੌਕੇ ਮੁਹੱਈਆ ਕਰਵਾਏਗਾ, ਤਾਂ ਜੋ ਉਹ ਦੂਜਿਆਂ ਵਾਂਗ ਰੋਜ਼ੀ ਰੋਟੀ ਕਮਾ ਸਕਣ।
ਅਧਿਕਾਰੀਆਂ ਨੂੰ ਡਰੱਗ ਨਿਰਭਰ ਵਿਅਕਤੀਆਂ ਦੀ ਪਛਾਣ ਕਰਨ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਨਸ਼ਾ ਨਿਰਭਰ ਵਿਅਕਤੀਆਂ ਨੂੰ ਸਧਾਰਣ ਜਿੰਦਗੀ ਜਿਉਣ ਵਿੱਚ ਸਹਾਇਤਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਵਿਭਾਗਾਂ ਦੇ 50 ਅਧਿਕਾਰੀਆਂ ਨੂੰ 500 ਨਸ਼ਾ ਨਿਰਭਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ ਜਾਂ ਸਿਖਲਾਈ ਪ੍ਰੋਗਰਾਮ ਰਾਹੀਂ ਨੌਕਰੀ ਦੇ ਮੌਕੇ ਮੁਹੱਈਆ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਘਣਸ਼ਿਆਮ ਥੋਰੀ ਜੀ ਦੀ ਅਗਵਾਈ ਹੇਠ ਇਹ ਸਕੀਮ ਚੱਲ ਰਹੀ ਹੈ ਅਤੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ ਇਸ ਮਿਸ਼ਨ ਦੇ ਨੋਡਲ ਅਧਿਕਾਰੀ ਹਨ ।
ਇਸ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਹੋਇਆਂ ਰੈੱਡ ਸਕਾਈ ਅਫ਼ਸਰ ਯਾਦਵਿੰਦਰ ਸਿੰਘ ਅਤੇ ਅਮਨਪ੍ਰੀਤ ਕੌਰ ਨੇ ਓਟ ਕਲੀਨਿਕ ਟਿੱਬਾ ਵਿਖੇ ਨਸ਼ੇ ਤੇ ਨਿਰਭਰ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਾਸਤੇ ਉਨ੍ਹਾਂ ਦੀ ਕੌਂਸਲਿੰਗ ਕੀਤੀ । ਇਸ ਮੌਕੇ ਡਾ ਚਰਨਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਟਿੱਬਾ ਨੇ ਦੱਸਿਆ ਕਿ ਇਹ ਸਰਕਾਰ ਦੀ ਬਹੁਤ ਵੱਡੀ ਪ੍ਰਾਪਤੀ ਹੈ ਨਸ਼ੇ ਤੇ ਨਿਰਭਰ ਵਿਅਕਤੀਆਂ ਨੂੰ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਰਾਹੀਂ ਚੰਗੇ ਰਸਤੇ ਤੇ ਲਿਆਉਣ ਦੀ । ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਉਦੋਂ ਤੱਕ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗਾ ਜਦੋਂ ਤੱਕ ਕਿ ਸਾਰੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਨਹੀਂ ਕੀਤਾ ਜਾਂਦਾ। ਇਸ ਮੌਕੇ ਉਨ੍ਹਾਂ ਦੇ ਨਾਲ ਹਰਮਨਜੀਤ ਸਿੰਘ ਓਟ ਕਲੀਨਿਕ ਟਿੱਬਾ ਅਤੇ ਸੀ ਐੱਚ ਸੀ ਟਿੱਬਾ ਦਾ ਸਾਰਾ ਸਟਾਫ ਮੌਜੂਦ ਸੀ ।