ਸਿੱਖਿਆ ਵਿਭਾਗ ਅਤੇ ਸਕੂਲ ਅਧਿਕਾਰੀਆਂ ਦੀ ਕਥਿਤ ਅਣਗਹਿਲੀ ਕਾਰਨ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਵਾਂਝੇ ਰਹੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਕੂਲ ਪ੍ਰਬੰਧਕਾਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਮੋਰਚਾ ਖੋਲ੍ਹ ਦਿੱਤਾ ਹੈ।
ਪੀੜਤ ਵਿਦਿਆਰਥੀ ਸੋਨਾ ਸਿੰਘ, ਪਵਨ ਸਿੰਘ, ਧਰੁਵ ਬੱਤਾ ਅਤੇ ਸੁਮਨ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ, ਚੇਅਰਮੈਨ, ਡੀ.ਜੀ.ਐੱਸ.ਈ, ਡੀ.ਪੀ.ਆਈ, ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜ਼ਪੁਰ, ਪਿੰਡ ਕੋਹਰ ਸਿੰਘ ਵਾਲਾ ਸਕੂਲ ਦੇ ਪ੍ਰਿੰਸੀਪਲ ਅਤੇ ਦਸਵੀਂ ਜਮਾਤ ਦੇ ਇੰਚਾਰਜ ਨੂੰ ਨੋਟਿਸ ਭੇਜ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਦਸਵੀਂ ਦੇ ਸਾਰੇ ਇਮਤਿਹਾਨਾਂ ਦਿਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਪਹਿਲਾਂ ਹੀ ਐਲਾਨੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਾ ਦੇਣ ਮਾਮਲੇ ਵਿਚ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਪੀੜਤ ਵਿਦਿਆਰਥੀਆਂ ਨੇ ਅੱਜ ਇੱਥੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਉਨ੍ਹਾਂ ਦੇ ਰੋਲ ਨੰਬਰ ਜਾਰੀ ਕਰ ਦਿੱਤੇ ਸਨ ਪਰ ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਮੇਂ ਸਿਰ ਰੋਲ ਨੰਬਰ ਜਾਰੀ ਨਹੀਂ ਕੀਤਾ ਜਿਸ ਕਰਕੇ ਪੰਜਾਬੀ ਦਾ ਇਮਤਿਹਾਨ ਨਹੀਂ ਦੇ ਸਕੇ ਜਦੋਂ ਕਿ ਵਿਦਿਆਰਥੀ ਪਵਨ ਕੁਮਾਰ ਨੂੰ ਕਿਸੇ ਵੀ ਇਮਤਿਹਾਨ ਵਿਚ ਬੈਠਣ ਦੀ ਆਗਿਆ ਨਹੀਂ ਦਿੱਤੀ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਦੀ ਕਥਿਤ ਅਣਗਹਿਲੀ ਕਾਰਨ ਉਹ ਸਾਰਾ ਸਾਲ ਪੜ੍ਹਨ ਦੇ ਬਾਵਜੂਦ ਇਮਤਿਹਾਨ ਨਹੀਂ ਦੇ ਸਕੇ ਜਿਸ ਕਰਕੇ ਉਨ੍ਹਾਂ ਦਾ ਪੂਰਾ ਵਿੱਦਿਅਕ ਸੈਸ਼ਨ ਤਬਾਹ ਹੋ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਨੂੰ ਕਾਨੂੰਨੀ ਨੋਟਿਸ ਦੇ ਕੇ ਮੰਗ ਕੀਤੀ ਹੈ ਕਿ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇ ਕੇ ਦੁਬਾਰਾ ਇਮਤਿਹਾਨ ਲਿਆ ਜਾਵੇ।
ਹਾਲਾਂਕਿ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਵਿੱਚ ਸਕੂਲ ਪ੍ਰਬੰਧਕਾਂ ਦਾ ਕੋਈ ਕਸੂਰ ਨਹੀਂ ਹੈ ਅਤੇ ਵਿਦਿਆਰਥੀਆ ਵੱਲੋਂ ਉਨ੍ਹਾਂ ਖਿਲਾਫ਼ ਗਲਤ ਦੋਸ਼ ਲਾਏ ਗਏ ਹਨ। ਨੌਜਵਾਨ ਭਾਰਤ ਦੇ ਆਗੂ ਨੌਨਿਹਾਲ ਸਿੰਘ ਨੇ ਕਿਹਾ ਕਿ ਪੀੜਤ ਵਿਦਿਆਰਥੀ ਦਲਿਤ ਪਰਿਵਾਰ ਨਾਲ ਸਬੰਧਤ ਹਨ ਅਤੇ ਉਨ੍ਹਾਂ ਦੀ ਆਰਥਿਕਤਾ ਬੇਹੱਦ ਕਮਜ਼ੋਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਨੇ ਇਹਨਾ ਵਿਦਿਆਰਥੀਆਂ ਨੂੰ ਇਨਸਾਫ਼ ਨਾ ਦਿੱਤਾ ਤਾਂ ਉਹ ਵਿਭਾਗ ਖਿਲਾਫ਼ ਕਾਨੂੰਨੀ ’ਤੇ ਜਥੇਬੰਦਕ ਸੰਘਰਸ਼ ਲੜਨਗੇ।
INDIA ਰੋਲ ਨੰਬਰ ਨਾ ਮਿਲਣ ਕਾਰਨ ਵਿਦਿਆਰਥੀ ਪ੍ਰੀਖਿਆ ਨਾ ਦੇ ਸਕੇ