ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਨੇ ਪੰਜਾਬ ਦਾ ਸਿਆਸੀ ਮਾਹੌਲ ਭਖਾ ਦਿੱਤਾ ਹੈ। ਕੈਬਨਿਟ ਮੰਤਰੀ ਰੰਧਾਵਾ ਨੇ ਅੱਜ ਇਸ ਵੀਡੀਓ ਨੂੰ ਕੁਝ ਟੀਵੀ ਚੈਨਲਾਂ ਵੱਲੋਂ ਚਲਾਉਣ ਸਬੰਧੀ ਕਾਰਵਾਈ ਲਈ ਬਟਾਲਾ ਪੁਲੀਸ ਤੱਕ ਪਹੁੰਚ ਕੀਤੀ। ਅੱਜ ਦੁਪਹਿਰ ਨੂੰ ਕੈਬਨਿਟ ਮੰਤਰੀ ਰੰਧਾਵਾ ਆਪਣੇ ਵਕੀਲ ਨਾਲ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮਿਲੇ ਅਤੇ ਆਪਣੀ ਸ਼ਿਕਾਇਤ ਦਰਜ ਕਰਵਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਰੰਧਾਵਾ ਨੇ ਕਿਹਾ ਕਿ ਸ਼ਨਿਚਰਵਾਰ ਨੂੰ ਉਨ੍ਹਾਂ ਨੂੰ ਕਿਸੇ ਨੇ ਫੋਨ ’ਤੇ ਦੱਸਿਆ ਕਿ ਕੁਝ ਟੀਵੀ ਚੈਨਲਾਂ ਉੱਪਰ ਉਨ੍ਹਾਂ ਦੀ ਇੱਕ ਵੀਡੀਓ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੈਨਲਾਂ ਨੇ ਸਬੰਧਤ ਵੀਡੀਓ ਛੇੜਛਾੜ ਕਰਕੇ ਗਲਤ ਤਰੀਕੇ ਨਾਲ ਪੇਸ਼ ਕੀਤੀ ਹੈ ਅਤੇ ਉਨ੍ਹਾਂ ਦੇ ਸਿਆਸੀ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਅਜਿਹਾ ਕਰਨ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਐੱਸਐੱਸਪੀ ਬਟਾਲਾ ਨੂੰ ਇੱਕ ਚੈਨਲ ਦੇ ਤਿੰਨ ਵਿਅਕਤੀਆਂ ਅਤੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਕਰਕੇ ਵੀਡੀਓ ਦੀ ਜਾਂਚ ਕਰਨ ਦੀ ਮੰਗ ਕੀਤੀ। ਰੰਧਾਵਾ ਨੇ ਕਿਹਾ ਕਿ ਵੀਡੀਓ ਚਲਾਉਣ ਵਾਲੇ ਚੈਨਲਾਂ ਤੇ ਉਨ੍ਹਾਂ ਦੇ ਪ੍ਰਬੰਧਕਾਂ ਖਿਲਾਫ਼ ਉਹ 100 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਵੀ ਕਰਨਗੇ। ਇਸ ਸਬੰਧੀ ਐੱਸਐੱਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਇਹ ਸ਼ਿਕਾਇਤ ਸਟੇਟ ਸਾਈਬਰ ਕਰਾਈਮ ਸੈੱਲ ਨੂੰ ਭੇਜੀ ਜਾਵੇਗੀ। ਸੈੱਲ ਦੀ ਰਿਪੋਰਟ ਮਗਰੋਂ ਹੀ ਕਾਰਵਾਈ ਕੀਤੀ ਜਾਵੇਗੀ।
INDIA ਰੰਧਾਵਾ ਵੱਲੋਂ ਟੀਵੀ ਚੈਨਲਾਂ ਖ਼ਿਲਾਫ਼ ਐੱਸਐੱਸਪੀ ਨੂੰ ਸ਼ਿਕਾਇਤ